ਜਲੰਧਰ, 2 ਅਕਤੂਬਰ

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਭਾਰਤ ਦੀ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਤਹਿਤ ਮਿਤੀ 02.10.2021 ਤੋਂ 14.11.2021 ਤੱਕ ਜ਼ਿਲ੍ਹਾ ਜਲੰਧਰ ਦੇ ਹਰੇਕ ਪਿੰਡ ਵਿੱਚ ‘ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਪ੍ਰੋਗਰਾਮ’ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੀ ਸ਼ੁਰੂਆਤ ਕਰਦਿਆਂ ਅੱਜ ਏ.ਡੀ.ਆਰ. ਸੈਂਟਰ, ਜ਼ਿਲ੍ਹਾ ਕਚਿਹਰੀਆਂ ਜਲੰਧਰ ਤੋਂ ਗੁਰੂ ਨਾਨਕ ਮਿਸ਼ਨ ਚੌਕ ਤੱਕ ਇੱਕ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਗਈ।
ਇਸ ਸੰਬੰਧੀ ਵਧੇਰੇ ਜਾਣਕਾਰੀ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ ਚਹਿਲ ਨੇ ਦੱਸਿਆ ਕਿ ਇਸ ਪ੍ਰਭਾਤ ਫੇਰੀ ਵਿੱਚ ਜ਼ਿਲ੍ਹਾ ਜਲੰਧਰ ਦੇ ਜੁਡੀਸ਼ੀਅਲ ਅਫ਼ਸਰਾਂ, ਪੈਨਲ ਦੇ ਵਕੀਲਾਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਸੇਂਟ ਸੋਲਜਰ ਲਾਅ ਕਾਲਜ ਦੇ ਅਤੇ ਐਸ.ਡੀ. ਫੁੱਲਰਵਾਨ ਸਕੂਲ ਲਾਡੋਵਾਲੀ ਰੋਡ, ਜਲੰਧਰ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਉਨ੍ਹਾਂ ਦੱਸਿਆ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਇਸ ਪ੍ਰਭਾਤ ਫੇਰੀ ਵਿੱਚ ਸਮਾਜਿਕ ਕੁਰੀਤੀਆਂ ਦੇ ਖਿਲਾਫ਼ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਕੀਮਾਂ ਸੰਬੰਧੀ ਜਾਗਰੂਕ ਕਰਨ ਵਾਲੇ ਪੋਸਟਰ ਅਤੇ ਬੈਨਰਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੇ 11 ਬਲਾਕਾਂ ਦੇ 890 ਪਿੰਡਾਂ ਵਿੱਚ ਮਿਤੀ 02.10.2021 ਤੋਂ 14.11.2021 ਤੱਕ ਜਾਗਰੂਕਤਾ ਕੈਂਪ/ਸੈਮੀਨਾਰ ਲਗਾਏ ਜਾਣਗੇ। ਇਨ੍ਹਾਂ ਪ੍ਰੋਗਰਾਮਾਂ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਦੇ ਪੈਨਲ ਦੇ ਵਕੀਲਾਂ ਦੇ ਨਾਲ, ਕਾਨੂੰਨ ਦੇ ਵਿਦਿਆਰਥੀ ਹਾਜ਼ਰ ਹੋ ਕੇ ਪੰਚਾਇਤਾਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ, ਬੱਚਿਆਂ ਦੇ ਅਧਿਕਾਰਾਂ, ਔਰਤਾਂ ਦੇ ਅਧਿਕਾਰਾਂ, ਮੀਡੀਏਸ਼ਨ, ਪੀੜਤ ਮੁਆਵਜ਼ਾ ਸਕੀਮ ਦੇ ਨਾਲ ਨਾਲ ਲੋਕਾਂ ਦੇ ਸਮਾਜ ਪ੍ਰਤੀ ਫਰਜ਼ਾਂ ਸੰਬੰਧੀ ਜਾਗਰੂਕ ਕਰਨਗੇ।
ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਡਾ. ਗਗਨਦੀਪ ਕੌਰ ਨੇ ਦੱਸਿਆ ਕਿ ਅੱਜ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਦੇ ਨਾਲ-ਨਾਲ ਉਪ ਮੰਡਲ ਨਕੋਦਰ ਅਤੇ ਫਿਲੌਰ ਵਿੱਚ ਵੀ ਪ੍ਰਭਾਤ ਫੇਰੀਆਂ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਤੇ ਮਹਿਕਮੇ ਦੀਆਂ ਹੋਰ ਸਕੀਮਾਂ ਦਾ ਲਾਭ ਲੈਣ ਲਈ ਮਹਿਕਮੇ ਦੇ ਟੋਲ ਫਰੀ ਨੰਬਰ 1968 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।