ਫਗਵਾੜਾ 1 ਜੂਨ (ਸ਼ਿਵ ਕੋੜਾ) ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਅਧੀਨ ਲੋੜਵੰਦ ਗਰੀਬ ਪਰਿਵਾਰਾਂ ਨੂੰ ਇਕ ਕਰੋੜ ਨਵੇਂ ਰਸੋਈ ਗੈਸ ਕੁਨੈਕਸ਼ਨ ਦਿੱਤੇ ਜਾ ਰਹੇ ਹਨ। ਇਹ ਜਾਣਕਾਰੀ ਸੀਨੀਅਰ ਭਾਜਪਾ ਆਗੂ ਅਤੇ ਨਗਰ ਨਿਗਮ ਫਗਵਾੜਾ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਅੱਜ ਇੱਥੇ ਗੱਲਬਾਤ ਦੌਰਾਨ ਦਿੱਤੀ। ਉਹਨਾਂ ਦੱਸਿਆ ਕਿ ਜੋ ਗਰੀਬ ਪਰਿਵਾਰ ਕਿਸੇ ਕਾਰਨ ਪਹਿਲਾਂ ਇਸ ਯੋਜਨਾ ਦਾ ਲਾਭ ਨਹੀਂ ਲੈ ਸਕੇ ਉਹ ਆਪਣਾ ਅਧਾਰ ਕਾਰਡ, ਰਾਸ਼ਨ ਕਾਰਡ, ਬੈਂਕ ਬਚਤ ਖਾਤੇ ਦੀ ਕਾਪੀ ਅਤੇ ਚਾਰ ਫੋਟੋਆਂ ਸਮੇਤ ਅਪਲਾਈ ਕਰ ਸਕਦੇ ਹਨ। ਇਸ ਯੋਜਨਾ ਦਾ ਮੁੱਖ ਉਦੇਸ਼ ਵਾਤਾਵਰਣ ਸੁਰੱਖਿਆ ਨੂੰ ਯਕੀਨੀ ਬਨਾਉਣਾ ਅਤੇ ਖਾਸ ਤੌਰ ਤੇ ਪੇਂਡੂ ਖੇਤਰ ‘ਚ ਰਵਾਇਤੀ ਚੁੱਲ੍ਹੇ ਦੇ ਪ੍ਰਦੂਸ਼ਨ ਨਾਲ ਅਕਸਰ ਬਿਮਾਰ ਹੋਣ ਵਾਲੀਆਂ ਗਰੀਬ ਔਰਤਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ। ਉਹਨਾਂ ਕਿਹਾ ਕਿ ਹਲਕਾ ਵਿਧਾਨਸਭਾ ਫਗਵਾੜਾ ਦੇ ਅਧੀਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਅਤੇ ਉਹਨਾਂ ਦੀ ਧਰਮ ਪਤਨੀ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਦੇ ਸਹਿਯੋਗ ਨਾਲ ਹਰ ਲੋੜਵੰਦ ਪਰਿਵਾਰ ਨੂੰ ਉੱਜਵਲਾ ਯੋਜਨਾ ਦਾ ਲਾਭ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਉਹਨਾਂ ਕੁੱਝ ਕਾਂਗਰਸੀ ਆਗੂਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦੇ ਖਿਲਾਫ ਕੀਤੀ ਜਾ ਰਹੀ ਬਿਆਨਬਾਜੀ ਦੀ ਸਖਤ ਨਖੇਦੀ ਕੀਤੀ ਅਤੇ ਕਿਹਾ ਕਿ ਕਾਂਗਰਸੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਿਛਲੇ ਪੰਜ ਸਾਲ ਦੌਰਾਨ ਲੋਕਾਂ ਨੂੰ ਕੀ ਦਿੱਤਾ ਹੈ? ਕਿਉਂਕਿ ਹੁਣ ਤਾਂ ਸੂਬੇ ਦੇ ਕਈ ਵੱਡੇ ਕਾਂਗਰਸੀ ਆਗੂ ਹੀ ਕੈਪਟਨ ਸਰਕਾਰ ਦੀ ਕਾਰਜ ਪ੍ਰਣਾਲੀ ਦੀ ਨੁਕਤਾਚੀਨੀ ਕਰ ਰਹੇ ਹਨ ਅਤੇ ਉਹਨਾਂ ਨੂੰ ਡਰ ਸਤਾ ਰਿਹਾ ਹੈ ਕਿ ਅਗਲੇ ਸਾਲ ਹੋਣ ਵਾਲੀਆਂ ਵਿਧਾਨਸਭਾ ਚੋਣਾਂ ‘ਚ ਕਿਸ ਮੂੰਹ ਨਾਲ ਲੋਕਾਂ ਵਿਚ ਵੋਟ ਮੰਗਣ ਲਈ ਜਾਣਗੇ ਕਿਉਂਕਿ ਉਹ ਜਾਣਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ 2017 ਦੀਆਂ ਚੋਣਾਂ ਸਮੇਂ ਜਨਤਾ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ।