ਚੰਡੀਗੜ੍ਹ :ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਸੂਬਾ ਪੱਧਰੀ ਗਣਤੰਤਰ ਦਿਵਸ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਜਿਥੇ ਗਵਰਨਰ ਪੰਜਾਬ ਵੀ.ਪੀ. ਸਿੰਘ ਬਦਨੌਰ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਜਦਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਐਸ.ਏ.ਐਸ ਨਗਰ (ਮੋਹਾਲੀ) ਵਿਖੇ ਝੰਡਾ ਲਹਿਰਾਉਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਡਿਊਲ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਹੁਸ਼ਿਆਰਪੁਰ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫਰੀਦਕੋਟ ਵਿਖੇ ਤਿਰੰਗਾ ਲਹਿਰਾਉਣਗੇ।
ਇਸੇ ਤਰ੍ਹਾਂ ਕੈਬਨਿਟ ਮੰਤਰੀਆਂ ਵਿਚ ਸਥਾਨਕ ਸਰਕਾਰ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਫਤਿਹਗੜ੍ਹ ਸਾਹਿਬ ਵਿਖੇ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਜਲੰਧਰ, ਮੈਡੀਕਲ ਸਿੱਖਿਆ ਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਸੰਗਰੂਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਸ੍ਰੀ ਮੁਕਤਸਰ ਸਾਹਿਬ, ਖੇਡਾਂ ਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਰੂਪਨਗਰ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਫਿਰੋਜਪੁਰ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਐਸ.ਬੀ.ਐਸ ਨਗਰ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅੰਮ੍ਰਿਤਸਰ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਬਠਿੰਡਾ, ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਪਟਿਆਲਾ, ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਬਰਨਾਲਾ ਅਤੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਮਾਨਸਾ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਸੇ ਦੌਰਾਨ ਪੰਜਾਬ ਸਰਕਾਰ ਨੇ ਅੱਜ ਇਕ ਪੱਤਰ ਜਾਰੀ ਕਰਕੇ ਗਣਤੰਤਰ ਦਿਵਸ ਮੌਕੇ ਝੰਡਾ ਚੜਾਉਣ ਵਿੱਚ ਪਹਿਲਾਂ ਲਗਾਈਆਂ ਡਿਊਟੀਆਂ ਵਿੱਚ ਅੰਸ਼ਿਕ ਸੋਧ ਕੀਤੀ ਹੈ। ਜਾਰੀ ਪੱਤਰ ਅਨੁਸਾਰ 26 ਜਨਵਰੀ ਨੂੰ ਹੁਣ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਪਠਾਨਕੋਟ ਵਿਖੇ ਝੰਡਾ ਲਹਿਰਾਉਣਗੇ। ਇਸ ਤੋਂ ਇਲਾਵਾ ਅਰੁਨਾ ਚੌਧਰੀ ਲੁਧਿਆਣਾ ਵਿਖੇ, ਗੁਰਪ੍ਰੀਤ ਸਿੰਘ ਕਾਂਗੜ ਮੋਗਾ ਵਿਖੇ ਅਤੇ ਸੁਖਜਿੰਦਰ ਸਿੰਘ ਰੰਧਾਵਾ ਜਲੰਧਰ ਵਿਖੇ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦਿੱਤੀ।