ਜਲੰਧਰ :- ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਚੋਣਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਸੋਮਵਾਰ ਨੂੰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੈਨ ਲੋਕਾਂ ਨੂੰ ਉਨ੍ਹਾਂ ਦੇ ਵੋਟ ਅਧਿਕਾਰ ਬਾਰੇ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਆਡੀਓ ਸਿਸਟਮ ਨਾਲ ਲੈਸ ਇਹ ਵੈਨ ਜ਼ਿਲ੍ਹੇ ਦੇ ਪਿੰਡਾਂ ਅਤੇ ਕਸਬਿਆਂ ਦਾ ਦੌਰਾ ਕਰੇਗੀ ਅਤੇ ਲੋਕਾਂ ਨੂੰ ਨੈਤਿਕ ਮਤਦਾਨ ਦਾ ਸੰਦੇਸ਼ ਦੇਵੇਗੀ।
ਉਨ੍ਹਾਂ ਕਿਹਾ ਕਿ ਵੈਨ ਵੋਟਰਾਂ ਨੂੰ ਵੋਟਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸਿਪੇਸ਼ਨ (ਐਸ.ਵੀ.ਈ.ਈ.ਪੀ.) ਪਹਿਲ ਦਾ ਇੱਕ ਹਿੱਸਾ ਹੈ।
ਡਿਪਟੀ ਕਮਿਸ਼ਨਰ ਨੇ ਉਮੀਦ ਜ਼ਾਹਰ ਕੀਤੀ ਕਿ ਵੈਨ ਲੋਕਾਂ, ਖ਼ਾਸਕਰ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਣਾਲੀ ਵਿਚ ਵੋਟਰ ਵਜੋਂ ਰਜਿਸਟਰ ਕਰਨ ਦੀ ਲੋੜ ਅਤੇ ਆਪਣੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਵਿੱਚ ਸਹਾਇਕ ਸਾਬਿਤ ਹੋਵੇਗੀ ।
ਉਨ੍ਹਾਂ ਕਿਹਾ ਕਿ ਇਸ ਮਾਧਿਅਮ ਦੀ ਵਰਤੋਂ ਲੋਕਾਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਕੀਤੀ ਜਾ ਰਹੀ ਹੈ ਤਾਂ ਜੋ ਉਹ ਚੱਲ ਰਹੀ ਲੋਕਤੰਤਰੀ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈ ਸਕਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵੈਨ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਣਾਲੀ ਵਿਚ ਸਰਗਰਮ ਭਾਈਦਾਰ ਬਣਨ ਲਈ ਜਾਗਰੂਕ ਕਰਨ ਵਿੱਚ ਵੀ ਸਹਾਇਤਾ ਕਰੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਜਸਬੀਰ ਸਿੰਘ, ਏਸੀਏ ਪੁੱਡਾ ਅਨੁਪਮ ਕਲੇਰ, ਸਹਾਇਕ ਕੋਆਰਡੀਨੇਟਰ ਸਵੀਪ ਸੁਰਜੀਤ ਲਾਲ, ਚੋਣ ਕਾਨੂੰਨਗੋ ਰਾਕੇਸ਼ ਅਤੇ ਹੋਰ ਮੌਜੂਦ ਸਨ।