ਲੁਧਿਆਣਾ : ਐੱਸ. ਟੀ. ਐੱਫ. ਦੀ ਪੁਲਿਸ ਨੇ ਥਾਣਾ ਡਿਵੀਜ਼ਨ ਨੰਬਰ 2 ਦੇ ਐੱਸ. ਐੱਚ. ਓ. ਅਮਨਦੀਪ ਸਿੰਘ ਗਿੱਲ ਅਤੇ ਉਸ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਭਾਰੀ ਮਾਤਰਾ ‘ਚ ਹੈਰੋਇਨ ਬਰਾਮਦ ਕੀਤੀ ਹੈ। ਹਾਲ ਦੀ ਘੜੀ ਕੋਈ ਵੀ ਪੁਲਿਸ ਅਧਿਕਾਰੀ ਇਸ ਸੰਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ ਪਰ ਸੂਤਰਾਂ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਪਾਸੋਂ ਹੈਰੋਇਨ ਤੋਂ ਇਲਾਵਾ ਕੁਝ ਹੋਰ ਸਮਾਨ ਵੀ ਬਰਾਮਦ ਕੀਤਾ ਗਿਆ ਹੈ। ਕਥਿਤ ਦੋਸ਼ੀਆਂ ਵਿਰੁੱਧ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਪਾਸੋਂ ਸਖ਼ਤੀ ਨਾਲ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਕਥਿਤ ਦੋਸ਼ੀਆਂ ਦੇ ਕੁਝ ਕੌਮਾਂਤਰੀ ਨਸ਼ਾ ਤਸਕਰਾਂ ਨਾਲ ਸੰਬੰਧਾਂ ਦਾ ਵੀ ਖ਼ੁਲਾਸਾ ਹੋਇਆ ਹੈ।