ਜਲੰਧਰ, 20 ਅਕਤੂਬਰ
ਆਦਰਸ਼ ਸਮਾਜ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਲੋੜ ਹੈ। ਇਹ ਪ੍ਰਗਟਾਵਾ ਸਿੱਖਿਆ, ਖੇਡਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਪਰਗਟ ਸਿੰਘ ਨੇ ਅੱਜ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਧੀਨਾ, ਸੰਸਾਰਪੁਰ, ਲਾਲ ਕੁੜਤੀ ਸਮੇਤ ਹੋਰ ਵੱਖ-ਵੱਖ ਸਥਾਨਾਂ ‘ਤੇ ਆਯੋਜਿਤ ਸਮਾਗਮਾਂ ਵਿੱਚ ਸ਼ਿਰਕਤ ਕਰਦਿਆਂ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਇਸ ਮੌਕੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਸਦੀਆਂ ਪਹਿਲਾਂ ਰਚਿਤ ਪਵਿੱਤਰ ਰਮਾਇਣ ਵਿੱਚ ਆਦਰਸ਼ ਜੀਵਨ ਬਤੀਤ ਕਰਨ ਦੀ ਦਿੱਤੀ ਗਈ ਸਿੱਖਿਆ ਅਜੋਕੇ ਸਮੇਂ ਵਿੱਚ ਵੀ ਸਾਰਥਕ ਹੈ। ਉਨ੍ਹਾਂ ਪਵਿੱਤਰ ਰਮਾਇਣ ਦੀ ਰਚਨਾ ਕਰਕੇ ਬਦੀ ਉਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ, ਜੋ ਅੱਜ ਵੀ ਸਾਡੇ ਸਾਰਿਆਂ ਲਈ ਚਾਨਣ ਮੁਨਾਰੇ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਉਸਾਰੂ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਕੈਬਨਿਟ ਮੰਤਰੀ ਵੱਲੋਂ ਇਸ ਮੌਕੇ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਲਈ ਵਿਵੇਕੀ ਗ੍ਰਾਂਟਾ ਅਧੀਨ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ 50 ਲੱਖ ਰੁਪਏ ਦੇ ਚੈੱਕ ਵੀ ਵੰਡੇ ਗਏ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜਾਂ ਲਈ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ ਸਹਿਯੋਗ ਦੇਣ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਕਿਹਾ ਕਿ ਲੋਕ ਭਲਾਈ ਦੇ ਕੰਮਾਂ ਵਿੱਚ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮਾਜ ਦੀ ਭਲਾਈ ਵਿੱਚ ਜੁਟੀਆਂ ਸੰਸਥਾਵਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਗੁਰੂਆਂ ਪੀਰਾਂ ਵੱਲੋਂ ਦਰਸਾਏ ਮਾਗਰ ‘ਤੇ ਚੱਲਦੇ ਹੋਏ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਬਿਨਾਂ ਕਿਸੇ ਪੱਖਪਾਤ ਤੋਂ ਕੰਮ ਕਰ ਰਹੀ ਹੈ।
ਇਸ ਮੌਕੇ ਧਾਰਮਿਕ ਸੰਸਥਾਵਾਂ ਦੇ ਅਹੁਦੇਦਾਰਾਂ ਵੱਲੋਂ ਕੈਬਨਿਟ ਮੰਤਰੀ ਸ. ਪਰਗਟ ਸਿੰਘ ਦਾ ਸਨਮਾਨ ਵੀ ਕੀਤਾ ਗਿਆ।