ਐੱਸ.ਏ.ਐੱਸ.ਨਗਰ:  ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਦੇ ਸਿੱਟੇ ਵਜੋਂ ਸਰਕਾਰੀ ਸਕੂਲਾਂ ਪ੍ਰਤੀ ਸਮਾਜ ਦੀ ਸੋਚ ਬਦਲ ਗਈ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਗੀਤਕਾਰ ਸੁਖਦੇਵ ਹਠੂਰੀਆ ਦਾ ਲਿਖਿਆ ਅਤੇ ਗਾਇਕ ਹਰਪ੍ਰੀਤ ਸਿੰਘ ਜਗਰਾਉਂ ਵੱਲੋਂ ਗਾਏ ਗੀਤ ‘ਜਾਗੋ’ ਨੂੰ ਰਿਲੀਜ਼ ਕਰਨ ਮੌਕੇ ਕੀਤਾ। ਉਹਨਾਂ ਗੀਤਕਾਰ ਵੱਲੋਂ ਲਿਖੇ ਗਏ ਗੀਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਨੁਹਾਰ ਹੁਣ ਬਦਲ ਗਈ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਈ-ਕੰਟੈਂਟ ਦੀ ਵਰਤੋਂ, ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ ਖੇਡ-ਵਿਧੀ ਰਾਹੀਂ ਪੜ੍ਹਾਈ, ਸਮਾਰਟ ਕਲਾਸਰੂਮ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਾਹੀਂ ਗੁਣਾਤਮਕ ਸਿੱਖਿਆ, ਬੋਰਡ ਦੀਆਂ ਕਲਾਸਾਂ ਦੇ ਵਧੀਆ ਨਤੀਜਿਆਂ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀਆਂ ਲਗਾਈਆਂ ਜਾ ਰਹੀਆਂ ਵਾਧੂ ਕਲਾਸਾਂ ਕਾਰਨ ਸਿੱਖਿਆ ਦੇ ਖੇਤਰ ਵਿੱਚ ਇੱਕ ਕ੍ਰਾਂਤੀਕਾਰੀ ਬਦਲਾਵ ਆਇਆ ਹੈ। ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਮਾਰਟ ਸਕੂਲ ਮੁਹਿੰਮ ਅਤੇ ਮਿਸ਼ਨ ਸ਼ਤ-ਪ੍ਰਤੀਸ਼ਤ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਅਧਿਆਪਕ ਬਹੁਤ ਮਿਹਨਤ ਕਰ ਰਹੇ ਹਨ। ਉਹਨਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਦਾ ਆਉਣ ਵਾਲਾ ਭਵਿੱਖ ਬਿਹਤਰ ਬਣ ਸਕੇ।
ਗੀਤਕਾਰ ਵੱਲੋਂ ਲਿਖੇ ਇਸ ਗੀਤ ਵਿੱਚ ਸਿੱਖਿਆ ਵਿਭਾਗ ਵੱਲੋਂ ਸਕੂਲੀ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਅਤੇ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਗੁਣਾਤਮਕ ਸਿੱਖਿਆ ਅਤੇ ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਮਾਪਿਆਂ ਨੂੰ ਅਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਦੀ ਅਪੀਲ ਕੀਤੀ ਗਈ ਹੈ।
ਇਸ ਗੀਤ ਨੂੰ ਸਿੱਖਿਆ ਸਕੱਤਰ ਵੱਲੋਂ ਰਿਲੀਜ਼ ਕਰਨ ਮੌਕੇ ਡਾ.ਦਵਿੰਦਰ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਸ੍ਰੀਮਤੀ ਰਾਜਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਲੁਧਿਆਣਾ, ਗੀਤਕਾਰ ਸੁਖਦੇਵ ਹਠੂਰੀਆ ਅਤੇ ਗਾਇਕ ਹਰਪ੍ਰੀਤ ਸਿੰਘ ਜਗਰਾਉਂ, ਰਾਜਿੰਦਰ ਸਿੰਘ ਚਾਨੀ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।