ਜਲੰਧਰ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਲੈਫ.ਜਨਰਲ (ਰਿਟਾ.) ਟੀ.ਐਸ.ਸ਼ੇਰਗਿਲ ਨੇ ਗਾਰਡੀਅਨਜ਼ ਆਫ਼ ਗਵਰਨੈਂਸ ਨੂੰ ਸੱਦਾ ਦਿੱਤਾ ਕਿ ਘਾਤਕ ਕੋਰੋਨਾ ਵਾਇਰਸ ਤੋਂ ਬਚਾਅ ਲਈ ਉਠਾਏ ਜਾਣ ਵਾਲੇ ਜਰੂਰੀ ਉਪਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾਵੇ।

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਗਾਰਡੀਅਨਜ਼ ਆਫ਼ ਗਵਰਨੈਂਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੀਨੀਅਰ ਸਲਾਹਕਾਰ ਜਿਨਾਂ ਦੇ ਨਾਲ ਅਫਸ਼ਰ ਆਨ ਸਪੈਸ਼ਲ ਡਿਊਟੀ ਕਰਨਵੀਰ ਸਿੰਘ ਵੀ ਮੌਜੂਦ ਸਨ ਨੇ ਕਿਹਾ ਕਿ ਇਹ ਵਾਇਰਸ ਮਨੁੱਖੀ ਜਾਨਾਂ ਨੂੰ ਵੱਡਾ ਖ਼ਤਰਾ ਪੈਦਾ ਕਰ ਰਿਹਾ ਹੈ ਇਸ ਲਈ ਇਸ ਨੂੰ ਤੁਰੰਤ ਰੋਕੇ ਜਾਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਇਸ ਵਾਇਰਸ ’ਤੇ ਕਾਬੂ ਪਾਉਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸਿਹਤ ਵਿਭਾਗ ਨੂੰ ਪਹਿਲਾਂ ਹੀ ਵਿਸਥਾਰ ਵਿੱਚ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਲੋਕਾਂ ਵਿੱਚ ਵੱਡੇ ਪੱਧਰ ’ਤੇ ਜਾਗਰੂਕਤਾ ਅਭਿਆਨ ਚਲਾ ਕੇ ਕੋਰੋਨਾ ਵਾਇਰਸ ਖਿਲਾਫ਼ ਜੰਗ ਦਾ ਐਲਾਨ ਕਰਨ ਕਰ ਦਿੱਤਾ ਜਾਵੇ।

ਸੀਨੀਅਰ ਸਲਾਹਕਾਰ ਨੇ ਕਿਹਾ ਕਿ ਜੀ.ਓ.ਜੀਜ਼ ਸੱਚੇ ਦੇਸ਼ ਭਗਤ ਹਨ ਜਿਨਾ ਨੇ ਆਪਣੀ ਜਵਾਨੀ ਦਾ ਅਹਿਮ ਸਮਾਂ ਦੇਸ਼ ਦੀ ਸੇਵਾ ਵਿੱਚ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇਨਾਂ ਬਹਾਦਰ ਸੈਨਿਕਾਂ ਲਈ ਇਕ ਵਾਰ ਫਿਰ ਨਵੀਂ ਭੂਮਿਕਾ ਨਿਭਾਉਣ ਦਾ ਸਮਾਂ ਆ ਗਿਆ ਹੈ ਕਿ ਉਹ ਲੋਕਾਂ ਵਿੱਚ ਬਿਨਾਂ ਕਿਸੇ ਘਬਰਾਹਟ ਦੇ ਹੇਠਲੇ ਪੱਧਰ ਤੱਕ ਕੋਰੋਨਾ ਵਾਇਰਸ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਪਿੰਡ ਪੱਧਰ ’ਤੇ ਜਾਗਰੂਕਤਾ ਲਹਿਰ ਚਲਾਉਣੀ ਚਾਹੀਦੀ ਹੈ।

ਗਾਰਡੀਅਨਜ਼ ਆਫ਼ ਗਵਰਨੈਂਸ ਨੂੰ ਸੂਬਾ ਸਰਕਾਰ ਦੇ ਅੱਖ ਤੇ ਕੰਨ ਕਰਾਰ ਦਿੰਦਿਆਂ ਸੀਨੀਅਰ ਸਲਾਹਕਾਰ ਨੇ ਕਿਹਾ ਕਿ ਇਨ੍ਹਾਂ ਵਲੋਂ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੀ.ਓ.ਜੀਜ਼ ਨੂੰ ਮੁੱਖ ਮੰਤਰੀ ਪੰਜਾਬ ਦੇ ਸੁਪਨੇ ਨੂੰ ਪੂਰੀ ਲਗਨ ਨਾਲ ਤੇ ਧੜੇਬੰਦੀ ਤੋਂ ਉਪਰ ਉਠ ਕੇ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੀ.ਓ.ਜੀਜ਼ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਲੋਕਾਂ ਨੂੰ ਸ਼ਾਮਿਲ ਕਰਕੇ ਇਸ ਨੁੂੰ ਇਕ ਜਨ ਲਹਿਰ ਬਣਾਉਣਾ ਚਾਹੀਦਾ ਹੈ।

ਸੀਨੀਅਰ ਸਲਾਹਕਾਰ ਨੇ ਜੀ.ਓ.ਜੀਜ਼ ਨੂੰ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਕੀਮਾਂ ਸਬੰਧੀ ਪੂਰੀ ਤਰ੍ਹਾਂ ਸਹੀ ਤੇ ਤੱਥਾਂ ’ਤੇ ਅਧਾਰਿਤ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਨਿੱਜੀ ਤੌਰ ’ਤੇ ਇਸ ਸਕੀਮ ਦੀ ਨਜ਼ਰਸਾਨੀ ਕੀਤੀ ਜਾ ਰਹੀ ਹੈ ਤਾਂ ਕਿ ਜੀ.ਓ.ਜੀਜ਼ ਵਲੋਂ ਪੇਸ਼ ਕੀਤੀਆਂ ਗਈਆਂ ਸੂਚਨਾਵਾਂ ਤੇ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਇਸ ਸਕੀਮ ਰਾਹੀਂ ਹਰੇਕ ਸਾਬਕਾ ਸੈਨਿਕ ਨੂੰ ਅਹਿਮ ਜਿੰਮੇਵਾਰੀ ਸੌਂਪੀ ਗਈ ਹੈ, ਇਸ ਲਈ ਉਨ੍ਹਾਂ ਨੂੰ ਇਸ ਸਕੀਮ ਦੀ ਸਫ਼ਲਤਾ ਲਈ ਸੰਜੀਦਾ ਯਤਨ ਕਰਨੇ ਚਾਹੀਦੇ ਹਨ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ,ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਡਾ.ਜੈਇੰਦਰ ਸਿੰਘ ਅਤੇ ਡਾ.ਵਿਨੀਤ ਕੁਮਾਰ , ਗਾਰਡੀਅਨਜ਼ ਆਫ਼ ਗਵਰਨੈਂਸ ਦੇ ਜ਼ਿਲ੍ਹਾ ਮੁੱਖੀ ਮੇਜਰ ਜਨਰਲ (ਰਿਟਾ.) ਬਲਵਿੰਦਰ ਸਿੰਘ ਵਲੋਂ ਸੀਨੀਅਰ ਸਲਾਹਕਾਰ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਕਰਨਲ (ਰਿਟਾ.) ਬਲਬੀਰ ਸਿਘ, ਕਰਨਲ (ਰਿਟਾ.) ਬਚਨ ਸਿੰਘ, ਕਰਨਲ (ਰਿਟਾ.) ਵਿਜੈ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ