ਜਲੰਧਰ, 24 ਨਵੰਬਰ

               ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਜ਼ਿਲ੍ਹਾ ਹੈਡਕੁਆਰਟਰ ਤੋਂ ਲਗਭਗ 36 ਕਿਲੋਮੀਟਰ ਦੂਰੀ ‘ਤੇ ਸਥਿਤ ਹਰੀਪੁਰ ਪਿੰਡ ਵਿੱਚ 45 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤੇ ਸਬਸਿਡਰੀ ਹੈਲਥ ਸੈਂਟਰ ਅਤੇ ਗੁਰੂ ਨਾਨਕ ਪਾਰਕ ਨੂੰ ਲੋਕਾਂ ਨੂੰ ਸਮਰਪਿਤ ਕੀਤਾ।

               ਬਾਜਵਾ ਨੇ ਦੱਸਿਆ ਕਿ ਐਨਆਰਆਈਜ਼ ਦੇ ਸਹਿਯੋਗ ਨਾਲ 20 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਸੈਂਟਰ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ 25 ਲੱਖ ਰੁਪਏ ਦੀ ਲਾਗਤ ਨਾਲ ਗੁਰੂ ਨਾਨਕ ਪਾਰਕ ਦਾ ਵਿਕਾਸ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੀ ਮੌਜੂਦ ਸਨ।

               ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮਾਜ ਦੇ ਹਰ ਵਰਗ ਦੇ ਸੰਪੂਰਨ ਵਿਕਾਸ ਲਈ ਕੰਮ ਕਰ ਰਹੀ ਹੈ।

               ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਬੇਮਿਸਾਲ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਹੋਈ ਹੈ ਅਤੇ ਹਰੀਪੁਰ ਰਾਜ ਦਾ ਇੱਕ ਮਾਡਲ ਪਿੰਡ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਰਾਜ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

               ਪੰਜਾਬ ਪ੍ਰਤੀ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੀਐਸਟੀ ਹਿੱਸੇਦਾਰੀ, ਪੇਂਡੂ ਵਿਕਾਸ ਫੰਡ ਅਤੇ ਹੋਰ ਵਿੱਤੀ ਸਹਾਇਤਾ ਸਮੇਤ ਪੰਜਾਬ ਦੇ ਸਾਰੇ ਬਕਾਏ ਰੋਕ ਲਏ ਹਨ। ਉਨ੍ਹਾਂ ਕੇਂਦਰ ਸਰਕਾਰ ਦੇ ਪੰਜਾਬ ਪ੍ਰਤੀ ਰਵੱਈਏ ਨੂੰ ਰਾਜ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ। ਉਨ੍ਹਾਂ ਲੋਕਾਂ ਨੂੰ ਰਾਜ ਨਾਲ ਕੀਤੇ ਜਾ ਰਹੇ ਇਸ ਪੱਖਪਾਤ ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੱਤਾ।

               ਇਸ ਮੌਕੇ ਮੰਤਰੀ ਨੇ ਹਰੀਪੁਰ ਪਿੰਡ ਦੀ ਪੰਚਾਇਤ ਨੂੰ ਆਪਣੇ ਅਖਤਿਆਰੀ ਫੰਡਾਂ ਵਿਚੋਂ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।

               ਸਮਾਗਮ ਵਿੱਚ ਐਸਡੀਐਮ ਗੌਤਮ ਜੈਨ, ਬੀਡੀਪੀਓ ਸੇਵਾ ਸਿੰਘ ਅਤੇ ਹੋਰ ਵੀ ਮੌਜੂਦ ਸਨ।