ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਸਿੱਖ ਧਰਮ ਦੇ ਬਾਨੀ ਅਤੇ ਦੁਨੀਆਂ ਨੂੰ ਸਰਬ ਸਾਂਝੀਵਾਲਤਾ ਦਾ ਸੁਨੇਹਾ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਕਾਲਜ ਦੇ ਮੈਦਾਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕੀਰਤਨ ਦਰਬਾਰ ਲਗਾਇਆ ਗਿਆ। ਕੀਰਤਨ ਦਰਬਾਰ ਵਿੱਚ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਮਨਪ੍ਰੀਤ ਸਿੰਘ ਅਤੇ ਅਰਵਿੰਦਰ ਸਿੰਘ ਦੇ ਰਾਗੀ ਜੱਥੇ ਦੁਆਰਾ ਰਸਭਿੰਨਾ ਕੀਰਤਨ ਕਰਦੇ ਹੋਏ ਗੁਰੂ ਨਾਨਕ ਬਾਣੀ ਅਤੇ ਭਾਈ ਗੁਰਦਾਸ ਜੀ ਦੀਆਂ ਵਾਰਾ ਦੀਆਂ ਪਉੜੀਆਂ ਦਾ ਗਾਇਨ ਕੀਤਾ ਗਿਆ। ਕਾਲਜ ਗਵਰਨਿੰਗ ਕੌਂਸਿਲ ਦੀ ਪ੍ਰਧਾਨ ਬਲਬੀਰ ਕੌਰ, ਸੰਯੁਕਤ ਸਕੱਤਰ ਸ. ਜਸਪਾਲ ਸਿੰਘ ਵੜੈਚ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਰਾਗੀ ਜੱਥੇ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਰਾ ਵਿਸ਼ਵ ਹੀ ਬੜੇ ਉਤਸ਼ਾਹ ਨਾਲ ਮਨਾ ਰਿਹਾ ਹੈ। ਲਾਇਲਪੁਰ ਖ਼ਾਲਸਾ ਕਾਲਜ ਗੁਰੂ ਜੀ ਦੇ ਦੱਸੇ ਕਿਰਤ ਕਰੋ, ਵੰਡ ਛਕੋ ਤੇ ਨਾਮ ਜਪੋ ਦੇ ਸਿਧਾਂਤ ’ਤੇ ਚਲਦਾ ਹੋਇਆ ਸਮਾਜ ਨੂੰ ਵਿੱਦਿਅਕ ਤੇ ਹੋਰ ਖੇਤਰਾਂ ਵਿੱਚ ਵਡਮੁੱਲੀਆਂ ਸੇਵਾਵਾਂ ਦੇ ਰਿਹਾ ਹੈ। ਉਹਨਾਂ ਕਿਹਾ ਕਿ ਗੁਰੂ ਜੀ ਨੇ ਬਾਣੀ ਰਾਹੀਂ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ, ਹੱਕ-ਸੱਚ ਦੀ ਕਮਾਈ, ਮਨੁੱਖਤਾ ਦੀ ਭਲਾਈ, ਜਾਤਪਾਤ ਦਾ ਖੰਡਨ ਅਤੇ ਸੰਸਾਰ ਵਿੱਚ ਵਿਚਰਦਿਆਂ ਚੰਗੇਰੇ ਕੰਮ ਕਰਨ ਦਾ ਸੰਦੇਸ਼ ਦਿੱਤਾ। ਉਹਨਾਂ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਕੀਰਤਨ ਦਰਬਾਰ ਦੌਰਾਨ ਮੰਚ ਸੰਚਾਲਨ ਡਾ. ਹਰਜਿੰਦਰ ਸਿੰਘ ਨੇ ਕੀਤਾ। ਇਸ ਮੌਕੇ ਵੱਖ-ਵੱਖ ਲਾਇਲਪੁਰ ਖ਼ਾਲਸਾ ਸੰਸਥਾਵਾਂ ਦੇ ਪ੍ਰਿੰਸੀਪਲ, ਡਾਇਰੈਕਟਰ ਅਤੇ ਸਟਾਫ਼ ਮੈਂਬਰ ਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਅੰਤ ਵਿੱਚ ਗੁਰੂ ਦਾ ਲੰਗਰ ਅਟੁੱਟ ਵਰਤਾਇਆ ਗਿਆ।