ਜਲੰਧਰ: ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਮੱਦੇ ਨਜ਼ਰ ਪੇਂਡੂ
ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਜ਼ਿਲ੍ਹੇ ਦੇ ਪਿੰਡਾਂ ਨੂੰ ਸਵੱਛ ਕਰਨ ਦੀ ਮੁਹਿੰਮ ਪੂਰੇ ਜ਼ੋਰਾਂ ਨਾਲ
ਚਲਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ
ਇਕਬਾਲਪ੍ਰੀਤ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵਲੋਂ ਜ਼ਿਲ੍ਹੇ ਦੇ 898 ਪਿੰਡਾਂ ਵਿੱਚ
ਸੋਡੀਅਮ ਹਾਈਪੋਕਲੋਰਾਈਟ ਦਵਾਈ ਦਾ ਛਿੜਕਾਅ ਕਰਨ ਲਈ ਦੌਰਾ ਕੀਤਾ ਜਾ ਰਿਹਾ ਹੈ। ਉਨ੍ਹਾਂ
ਕਿਹਾ ਕਿ ਟੀਮਾਂ ਵਲੋਂ ਜਲਦ ਤੋਂ ਜਲਦ ਸਾਰੇ ਪਿੰਡਾਂ ਨੂੰ ਰੋਗਾਣੂ ਮੁਕਤ ਕਰਨ ਲਈ ਦਵਾਈ ਦਾ
ਛਿੜਕਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਪਿੰਡਾਂ ਵਿੱਚ ਕੋਰੋਨਾ
ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾਵੇ।
ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੇ ਦੱਸਿਆ ਕਿ ਵਿਸ਼ੇਸ਼ ਮੁਹਿੰਮ
ਤਹਿਤ ਜ਼ਿਲ੍ਹੇ ਦੇ 898 ਪਿੰਡਾਂ ਨੂੰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਡੀ ਸੈਨੀਟਾਈਜ਼
ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿਛਲੇ ਹਫ਼ਤੇ ਸ਼ੁਰੂ ਕੀਤਾ
ਗਿਆ ਸੀ ਅਤੇ ਇਸ ਦੌਰਾਨ 216897 ਘਰਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋ ਲੱਖ
ਲੀਟਰ ਦਵਾਈ ਵਿੱਚ 10 ਗੁਣਾ ਪਾਣੀ ਮਿਲਾ ਕੇ ਵਿਭਾਗ ਦੀਆਂ 1760 ਟੀਮਾਂ ਹਰ ਇਕ ਪਿੰਡ
ਵਿੱਚ ਛਿੜਕਾਅ ਕੀਤਾ ਜਾਵੇਗਾ।