ਗੁਰਦਾਸਪੁਰ :-  ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਟੁੱਟਣ ਤੋਂ ਬਾਅਦ ਖੇਤੀ ਬਿੱਲਾਂ ਦੇ ਵਿਰੋਧ ‘ਚ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿਖੇ ਕੀਤੇ ਗਏ ਜਨਤਕ ਇਕੱਠ ‘ਚ ਪਹੁੰਚੇ। ਇਸ ਦੌਰਾਨ ਦੁਬਾਰਾ ਗੱਠਜੋੜ ਬਾਰੇ ਪੁੱਛੇ ਸਵਾਲ ‘ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਬੈਕ ਗੇਅਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਖੇਤੀ ਕਾਨੂੰਨਾਂ ਦੇ ਉਹ ਸਖ਼ਤ ਵਿਰੋਧੀ ਹਨ ਅਤੇ ਸਰਕਾਰ ਨੂੰ ਅਜਿਹੇ ਕਾਨੂੰਨ ਬਣਾਉਣ ਤੋਂ ਪਹਿਲਾਂ ਇੱਕ ਵਾਰ ਕਿਸਾਨੀ ਜਥੇਬੰਦੀਆਂ ਨਾਲ ਗੱਲ ਕਰ ਲੈਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਉਸ ਦੀ ਬੀ. ਟੀਮ ਆਮ ਆਦਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਵਿਰੁੱਧ ਝੂਠਾ ਪ੍ਰਚਾਰ ਕਰ ਰਹੀ ਹੈ, ਜਦੋਂ ਕਿ ਅੱਜ ਸਭ ਨੂੰ ਇਕੱਠੇ ਹੋ ਕੇ ਕਿਸਾਨਾਂ ਦੇ ਹੱਕ ‘ਚ ਹਾਂ ਦਾ ਨਾਅਰਾ ਮਾਰਨ ਦੀ ਜ਼ਰੂਰਤ ਹੈ।