ਜਲੰਧਰ/ : ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਰੀਬ 1.00 ਵਜੇ ਦੁਪਹਿਰੇ ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ। ਸਭ ਤੋਂ ਪਹਿਲਾਂ ਡੇਰੇ ਪਹੁੰਚ ਕੇ ਉਨ੍ਹਾਂ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਣ ਦਾਸ ਮਹਾਰਾਜ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਵਿਸ਼ੇਸ਼ ਤੌਰ ‘ਤੇ ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਪਹਿਲੇ ਰਵਿਦਾਸੀਆ ਭਾਈਚਾਰੇ ਨਾਲ ਸਬੰਧਤ ਮੁੱਖ ਮੰਤਰੀ ਬਣੇ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲਾਂ ਅੱਜ ਸਵੇਰੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ, ਫਿਰ ਕਈ ਹੋਰ ਵੀ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋਏ। ਉਪਰੰਤ ਰਵਿਦਾਸੀਆ ਕੌਮ ਦੇ ਮਹਾਨ ਤੀਰਥ ਅਸਥਾਨ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਪੁੱਜੇ। ਇਸ ਤੋਂ ਇਲਾਵਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਵਿਧਾਇਕ ਪਰਗਟ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਚੌਧਰੀ ਸੁਰਿੰਦਰ ਸਿੰਘ ਅਤੇ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।