ਫਗਵਾੜਾ 12 ਅਪ੍ਰੈਲ (ਸ਼ਿਵ ਕੋੜਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਦਾਇਤ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦੇਸ਼ ਭਰ ਵਿਚ 45 ਸਾਲ ਤੋਂ ਵੱਧ ਉਮਰ ਦੇ ਔਰਤਾਂ ਤੇ ਮਰਦਾਂ ਨੂੰ ਕੋਵਿਡ-19 ਕੋਰੋਨਾ ਵੈਕਸੀਨ ਦਾ ਟੀਕਾ ਲਗਾਉਣ ਦੀ ਵਿੰਢੀ ਮੁਹਿਮ ਤਹਿਤ ਸਾਬਕਾ ਮੇਅਰ ਅਤੇ ਸੀਨੀਅਰ ਭਾਜਪਾ ਆਗੂ ਅਰੁਣ ਖੋਸਲਾ ਦੇ ਯਤਨਾ ਸਦਕਾ ਸ਼ਹਿਰ ਦੇ ਵਾਰਡ ਨੰਬਰ 3 ਅਧੀਨ ਸਿੱਧ ਬਾਬਾ ਬਾਲਕ ਨਾਥ ਮੰਦਰ ਕਟੈਹਰਾ ਚੌਕ ਵਿਖੇ ਕੈਂਪ ਲਗਾਇਆ ਗਿਆ ਜਿਸ ਵਿਚ ਵਾਰਡ ਦੇ 101 ਔਰਤਾਂ ਅਤੇ ਮਰਦਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਦਾ ਕੰਮ ਨੇਪਰੇ ਚਾੜ੍ਹਿਆ ਗਿਆ। ਇਸ ਮੌਕੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਸਮੂਹ ਨਾਗਰਿਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਜਿਹਨਾਂ ਦੀ ਉਮਰ 45 ਸਾਲ ਤੋਂ ਜਿਆਦਾ ਹੈ ਉਹ ਜਲਦੀ ਤੋਂ ਜਲਦੀ ਕੋਰੋਨਾ ਵੈਕਸੀਨ ਲਗਵਾਉਣ ਤਾਂ ਜੋ ਉਹਨਾਂ ਦੀ ਸਿਹਤ ਦੀ ਸੁਰੱਖਿਆ ਯਕੀਨੀ ਹੋ ਸਕੇ ਅਤੇ ਫਗਵਾੜਾ ਸਬ-ਡਵੀਜਨ ਵਿਚ ਕੋਰੋਨਾ ਦੇ ਵੱਧਦੇ ਕੇਸਾਂ ਨੂੰ ਠਲ੍ਹ ਪਾਈ ਜਾ ਸਕੇ। ਉਹਨਾਂ ਇਹ ਅਪੀਲ ਵੀ ਕੀਤੀ ਕਿ ਟੀਕਾ ਲਗਵਾਉਣ ਤੋਂ ਬਾਅਦ ਵੀ ਕੋਰੋਨਾ ਤੋਂ ਬਚਾਅ ਸਬੰਧੀ ਦੱਸੀਆਂ ਗਈਆਂ ਸਾਵਧਾਨੀਆਂ ਦੀ ਵਰਤੋਂ ਕਰਦਿਆਂ ਸਰੀਰਕ ਦੂਰੀ ਦਾ ਖਿਆਲ ਰੱਖਿਆ ਜਾਵੇ, ਮਾਸਕ ਜਰੂਰ ਲਗਾਇਆ ਜਾਵੇ ਅਤੇ ਵਾਰ-ਵਾਰ ਹੱਥਾਂ ਨੂੰ ਧੋਣ ਜਾਂ ਸੈਨੀਟਾਇਜਰ ਦੀ ਵਰਤੋਂ ਕੀਤੀ ਜਾਵੇ ਕਿਉਂਕਿ ਵੈਕਸੀਨ ਲਗਵਾਉਣ ਤੋਂ ਬਾਅਦ ਵੀ ਸਰੀਰ ਵਿਚ ਐਂਟੀ ਬਾਡੀ ਬਨਣ ‘ਚ ਸਮਾਂ ਲੱਗਦਾ ਹੈ। ਇਸ ਮੌਕੇ ਮੰਦਰ ਕਮੇਟੀ ਦੇ ਚੇਅਰਮੈਨ ਰਾਜਕੁਮਾਰ ਜਲੋਟਾ, ਪ੍ਰਧਾਨ ਮਧੂ ਭੂਸ਼ਣ ਕਾਲੀਆ, ਜਨਰਲ ਸਕੱਤਰ ਗੋਪਾਲ ਚੋਪੜਾ ਬੱਬੂ, ਧਰਮਪਾਲ ਨਿਸ਼ਚਲ ਆਦਿ ਹਾਜਰ ਸਨ।