ਜਲੰਧਰ, 27 ਅਪ੍ਰੈਲ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੇ ਚੱਲ ਰਹੇ ਖ਼ਰੀਦ ਸੀਜ਼ਨ ਦੌਰਾਨ ਫ਼ਸਲ ਦੀ ਤੁਰੰਤ ਖਰੀਦ ਤੇ ਲਿਫ਼ਟਿੰਗ ਦੇ ਨਾਲ-ਨਾਲ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 638.98 ਕਰੋੜ ਰੁਪਏ ਦੀ ਅਦਾਇਗੀ ਨੂੰ ਵੀ ਯਕੀਨੀ ਬਣਾਇਆ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਉਨ੍ਹਾਂ ਅੱਗੇ ਦੱਸਿਆ ਕਿ ਅਦਾਇਗੀ ਕਰਨ ਦੇ ਮਾਮਲੇ ਵਿੱਚ ਮਾਰਕਫੈੱਡ ਸੂਬਾਈ ਖਰੀਦ ਏਜੰਸੀਆਂ ਵਿੱਚ ਸਭ ਤੋਂ ਮੋਹਰੀ ਹੈ, ਜਿਸ ਵੱਲੋਂ 191.78 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੇ ਗਏ ਹਨ। ਜਦਕਿ ਪਨਗ੍ਰੇਨ ਵੱਲੋਂ 187.31, ਪਨਸਪ ਵੱਲੋਂ 154.04, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 85.31 ਅਤੇ ਐਫ.ਸੀ.ਆਈ. ਵੱਲੋਂ 20.54 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ‘ਅਨਾਜ ਖ਼ਰੀਦ’ ਪੋਰਟਲ ‘ਤੇ ਰਜਿਸਟਰੇਸ਼ਨ ਕਰਨ ਵਿੱਚ ਮਦਦ ਕਰਨ ਲਈ ਅਨਾਜ ਮੰਡੀਆਂ ਵਿੱਚ ‘ਫਾਰਮਰ ਹੈਲਪ ਡੈਸਕ’ ਸਥਾਪਤ ਕੀਤੇ ਗਏ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਸੁਚਾਰੂ ਢੰਗ ਨਾਲ 84 ਫੀਸਦੀ ਅਦਾਇਗੀ ਯਕੀਨੀ ਬਣਾਉਣ ਵਿੱਚ ਸਫ਼ਲ ਰਿਹਾ ਹੈ ਅਤੇ ਬਾਕੀ ਰਹਿੰਦਾ ਭੁਗਤਾਨ ਵੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।
ਉਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 443105 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 441892 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲਾ ਖੁਰਾਕ ਸਪਲਾਈਜ਼ ਕੰਟਰੋਲਰ ਨਰਿੰਦਰ ਸਿੰਘ ਨੇ ਦੱਸਿਆ ਕਿ ਪਨਗਰੇਨ ਵੱਲੋਂ 127705 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 118215 ਮੀਟ੍ਰਿਕ ਟਨ, ਪਨਸਪ ਵੱਲੋਂ 95436 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 57213 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵੱਲੋਂ 43323 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਕੋਵਿਡ-19 ਦੇ ਮੱਦੇਨਜ਼ਰ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਸਮੁੱਚੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ, ਤਾਂ ਜੋ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।