ਚੰਡੀਗੜ੍ਹ,ਪੰਜਾਬ ਪੁਲਿਸ ਦੇ ਇਕ ਚਰਚਿਤ ਚਿਹਰੇ ਅਤੇ ਅਤਿ ਸੰਵੇਦਨਸ਼ੀਲ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡਾਂ ਦੀ ਜਾਂਚ ਲਈ ਬਣੀ ਐਸ.ਆਈ.ਟੀ. ਦੇ ਅਹਿਮ ਮੈਂਬਰ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਆਈ.ਜੀ. ਨੇ ਅੱਜ ਬਤੌਰ ਆਈ.ਪੀ.ਐਸ. ਅਧਿਕਾਰੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।ਇਸ ਗੱਲ ਦੀ ਪੁਸ਼ਟੀ ਖ਼ੁਦ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਯੈੱਸ ਪੰਜਾਬ ਕੋਲ ਕੀਤੀ ਹੈ। ਜ਼ਿਕਰਯੋਗ ਹੈ ਕਿ ਆਪਣੇ ਅਸਤੀਫ਼ੇ ਵਿੱਚ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਦੀ ਮੰਗ ਕੀਤੀ ਸੀ।ਇਸੇ ਦੌਰਾਨ ਖ਼ਬਰ ਇਹ ਹੈ ਕਿ ਮੁੱਖ ਮੰਤਰੀ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਨੂੰ ਇਸ ਵੇਲੇ ਅੰਦਰੋਂ ਅਤੇ ਬਾਹਰੋਂ ਕਈ ਖ਼ਤਰੇ ਦਰਪੇਸ਼ ਹਨ ਅਤੇ ਇਸ ਤਰ੍ਹਾਂ ਦੇ ਸਮੇਂ ਵਿੱਚ ਉਨ੍ਹਾਂ ਜਿਹੇ ਚੰਗੇ ਅਤੇ ਕਾਰਜਕੁਸ਼ਲ ਅਫ਼ਸਰਾਂ ਦੀਆਂ ਸੇਵਾਵਾਂ ਦੀ ਬੜੀ ਲੋੜ ਹੈ।ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਇਕ ਕਾਬਲ ਅਤੇ ਬਹਾਦਰ ਅਫ਼ਸਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਈ ਅਹਿਮ ਪੁਜ਼ੀਸ਼ਨਾਂ ’ਤੇ ਰਹਿੰਦਿਆਂ ਆਪਣੇ ਤਜਰਬੇ ਅਤੇ ਕਾਬਲੀਅਤ ਨਾਲ ਪੰਜਾਬ ਪੁਲਿਸ ਨੂੰ ਬੇਹਤਰੀਨ ਸੇਵਾਵਾਂਦਿੱਤੀਆਂ ਹਨ ਅਤੇ ਉਨ੍ਹਾਂ ਦਾ ਟਰੈਕ ਰਿਕਾਰਡ ਮਿਸਾਲੀ ਰਿਹਾ ਹੈ।ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿੱਚ ਇਕ ਅਹਿਮ ਫ਼ੈਸਲਾ ਸੁਣਾਉਂਦਿਆਂ ਕੁੰਵਰ ਵਿਜੇ ਪ੍ਰਤਾਪ ਵਾਲੀ ਐਸ.ਆਈ.ਟੀ. ਦੀ ਰਿਪੋਰਟ ਨੂੰ ਰੱਦ ਕਰਨ ਦੇ ਨਾਲ ਨਾਲ ਇਹ ਵੀ ਕਿਹਾ ਸੀ ਕਿ ਇਕ ਨਵੀਂ ਐਸ.ਆਈ.ਟੀ.ਗਠਿਤ ਕੀਤੀ ਜਾਵੇ ਅਤੇ ਉਸ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸ਼ਾਮਲ ਵੀ ਨਾ ਕੀਤਾ ਜਾਵੇ।ਯਾਦ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਜੇ ਰਿਪੋਰਟ ਰੱਦ ਕੀਤੀ ਜਾਂਦੀ ਹੈ ਜਾਂ ਫ਼ਿਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਐਸ.ਆਈ.ਟੀ. ਤੋਂ ਲਾਂਭੇ ਕਰਨ ਦੀ ਗੱਲ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਕੋਟਕਪੂਰਾ ਕੇਸ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਹੁਤ ਚੰਗੀ ਤਰ੍ਹਾਂ ਜਾਂਚ ਕੀਤੀ ਸੀ ਜਿਸ ਨੂੰ ਰੋਕਣ ਲਈ ਅਕਾਲੀਆਂ ਨੇ ਪਿਛਲੇ 4 ਸਾਲਾਂ ਵਿੱਚ ਹਰ ਵਾਹ ਲਾਈ ਸੀ। ਉਨ੍ਹਾਂ ਕਿਹਾ ਕਿ ਇਸ ਜਾਂਚ ਨੂੰ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਿੱਚ ਹੀ ਅੰਜਾਮ ਤਕ ਪੁਚਾਇਆ ਜਾਵੇਗਾ