ਫਗਵਾੜਾ 14 ਅਕਤੂਬਰ (ਸ਼ਿਵ ਕੋੜਾ) ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਸੱਠ ਪ੍ਰਤੀਸ਼ਤ ਮੈਂਬਰ ਪਾਰਲੀਮੈਂਟਾਂ ਨੂੰ ਖੇਤੀ ਦੇ ਕਿੱਤੇ ਦਾ ਕੋਈ ਤਜ਼ੁਰਬਾ ਨਹੀਂ ਹੈ ਅਤੇ ਇਹ ਜੀਰੋ ਤਜ਼ੁਰਬਾ ਰੱਖਣ ਵਾਲੇ ਜਦੋਂ ਕਿਸਾਨਾ ਦੇ ਭਵਿੱਖ ਦੀ ਇਬਾਰਤ ਲਿਖਣਗੇ ਤਾਂ ਕਿਸਾਨਾ ਦਾ ਪਰੇਸ਼ਾਨ ਹੋਣਾ ਸੁਭਾਵਿਕ ਗੱਲ ਹੈ ਕਿਉਂਕਿ ਅਜਿਹੇ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਕਿਸਾਨਾ ਦੀ ਮੁਸ਼ਕਲ ਨੂੰ ਨਹੀਂ ਸਮਝ ਸਕਦੇ। ਜਿਕਰਯੋਗ ਹੈ ਕਿ ਜੋਗਿੰਦਰ ਸਿੰਘ ਮਾਨ ਨੇ ਬੀਤੇ ਦਿਨ ਹੀ ਕਿਹਾ ਸੀ ਕਿ ਕੇਂਦਰ ਦੀ ਮੋਦੀ ਸਰਕਾਰ ਹੁਣ ਵੀਡੀਓ ਕਾਨਫ੍ਰੰਸਿੰਗ ਰਾਹੀਂ ਕਿਸਾਨਾ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰੇਗੀ। ਉਹਨਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾ ਨਾਲ ਕੋਝਾ ਮਜਾਕ ਕਰ ਰਹੀ ਹੈ। ਜਦੋਂ ਸਰਕਾਰ ਦੇ ਮੰਤਰੀਆਂ ਕੋਲ ਕਿਸਾਨਾ ਦੀ ਗੱਲ ਸੁਣਨ ਦਾ ਸਮਾਂ ਹੀ ਨਹੀਂ ਹੈ ਤਾਂ ਉਹਨਾਂ ਨੂੰ ਬੁਲਾਉਣ ਦਾ ਕੀ ਮਤਲਬ ਸੀ। ਉਹਨਾਂ ਇਸ ਬੇਹੱਦ ਗੰਭੀਰ ਮੁੱਦੇ ‘ਤੇ ਇਕ ਵਾਰ ਫਿਰ ਕਿਸਾਨਾਂ ਦੀ ਹਮਾਇਤ ਕਰਦਿਆਂ ਮੋਦੀ ਸਰਕਾਰ ਦੀ ਵਤੀਰੇ ਦੀ ਨਿੰਦਿਆ ਕੀਤੀ ਅਤੇ ਕਿਹਾ ਕਿ ਮੋਦੀ ਅਤੇ ਉਨਾ ਦੀ ਕੈਬਿਨੇਟ ਇਸ ਮਸਲੇ ਦੇ ਹੱਲ ਲਈ ਗੰਭੀਰ ਨਹੀਂ ਹੈ ਜੋ ਦੇਸ਼ ਲਈ ਖ਼ਤਰਨਾਕ ਹੋ ਸਕਦਾ ਹੈ। ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਕਾਰਜਕਾਰੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਾਰਟੀ ਕਿਸਾਨਾ ਦਾ ਸਮਰਥਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਸੰਕਟ ਦੀ ਘੜੀ ਵਿੱਚ ਕਿਸਾਨਾਂ ਦਾ ਪੂਰਨ ਸਮਰਥਨ ਅਤੇ ਸਹਿਯੋਗ ਕਰੇਗੀ। ਉਨਾ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਾਂਗਰਸ ਪਾਰਟੀ ਉਦੋਂ ਤੱਕ ਆਰਾਮ ਨਹੀਂ ਕਰੇਗੀ ਜਦ ਤੱਕ ਕਿ ਇਸ ਕਠੋਰ ਅਤੇ ਕਿਸਾਨ ਵਿਰੋਧੀ ਕਾਨੂੰਨ ਨੂੰ ਰੱਦ ਨਹੀਂ ਕੀਤਾ ਜਾਂਦਾ। ਉਹਨਾਂ ਭਰੋਸਾ ਜਤਾਇਆ ਕਿ ਕਿਸਾਨ ਅੰਦੋਲਨ ਕਾਂਗਰਸ ਦੇ ਸਮਰਥਨ ਨਾਲ ਮੋਦੀ ਸਰਕਾਰ ਨੂੰ ਇਹ ਕਾਲੇ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਕਰਨਗੇ। ਉਹਨਾਂ ਦੱਸਿਆ ਕਿ ਜਲਦੀ ਹੀ ਇਸ ਮਸਲੇ ਨੂੰ ਲੈ ਕੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਧਾਨਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ।