ਜਲੰਧਰ 22,ਫਰਵਰੀ-(ਸ਼ੈਲੀ ਐਲਬਰਟ)- ਆਮ ਆਦਮੀ ਪਾਰਟੀ ਵੱਲੋਂ ਸਥਾਨਕ ਚੋਣਾਂ ਦੀ ਸਮੀਖਿਆ ਕਰਨ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸੋਮਵਾਰ ਤੋਂ ਸੂਬੇ ਦੇ ਚਾਰ ਜੋਨਾਂ ਦੀਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ। ਆਮ ਆਦਮੀ ਪਾਰਟੀ ੁਦੇ ਸੂਬੇ ਅਹੁਦੇਦਾਰਾਂ ਵੱਲੋਂ ਪਾਰਟੀ ਦੇ ਸਥਾਨਕ ਆਗੂਆਂ ਅਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਨਾਲ ਮੀਟਿੰਗਾਂ ਕਰਕੇ ਇਨ੍ਹਾਂ ਚੋਣਾਂ ਦੀ ਸਮੀਖਿਆ ਕੀਤੀ ਜਾਵੇਗੀ। ਪਾਰਟੀ ਵੱਲੋਂ ਇਨ੍ਹਾਂ ਚੋਣਾਂ ਦੀ ਸਮੀਖਿਆ ਕਰਦੇ ਹੋਏ ਆਉਣ ਵਾਲੀਆਂ 2022 ਦੀਆਂ ਚੋਣਾਂ ਵਾਸਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਦਮ ਚੁੱਕੇ ਜਾਣਗੇ । ਇਨ੍ਹਾਂ ਮੀਟਿੰਗਾਂ ਵਿੱਚ ਸੂਬਾ ਪ੍ਰਧਾਨ ਭਗਵੰਤ ਮਾਨ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਵਿਸ਼ੇਸ਼ ਤੌਰ ਉੱਤੇ ਸ਼ਮੂਲੀਅਤ ਕੀਤੀ । ‘ਆਪ’ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਵਾਰ ਲੜੀਆਂ ਗਈਆਂ। ਇਨ੍ਹਾਂ ਚੋਣਾਂ ਵਿੱਚ ਸ਼ਹਿਰ ਵਾਸੀਆਂ ਨੇ ਵੱਡਾ ਹੁੰਗਾਰਾ ਦਿੱਤਾ ਹੈ। ਸ਼ਹਿਰ ਵਾਸੀਆਂ ਵੱਲੋਂ ਮਿਲੇ ਚੰਗੇ ਹੁੰਗਾਰੇ ਤੋਂ ਬਾਅਦ ਪਾਰਟੀ ਨੂੰ ਸ਼ਹਿਰੀ ਖੇਤਰ ਵਿਚ ਮਜ਼ਬੂਤ ਕਰਨ ਲਈ ਹੋਰ ਕਦਮ ਚੁੱਕੇ ਜਾਣਗੇ। ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ ਕੰਮ ਕਰਨ ਵਾਲੇ ਆਗੂਆਂ ਅਤੇ ਐਮਸੀ ਦੇ ਉਮੀਦਵਾਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਉਤਸ਼ਾਹਤ ਕੀਤਾ ਜਾਵੇਗਾ ਕਿ ਸੱਤਾਧਾਰੀ ਪਾਰਟੀ ਕਾਂਗਰਸ ਵੱਲੋਂ ਸਰਕਾਰੀ ਤੰਤਰ ਦੀ ਸਹਿ ਉੱਤੇ ਕੀਤੀ ਗਈ ਗੁੰਡਾਗਰਦੀ ਦੇ ਬਾਵਜੂਦ ਉਨ੍ਹਾਂ ਜਿਸ ਤਰ੍ਹਾਂ ਮੁਕਾਬਲਾ ਕੀਤਾ ਹੈ ਉਹ ਸ਼ਲਾਘਾਯੋਗ ਹੈ। ਸਥਾਨਕ ਆਗੂਆਂ ਨੂੰ ਇਕ ਵਧੀਆ ਪੰਜਾਬ ਬਣਾਉਣ ਲਈ ਅੱਗੇ ਤੋਂ ਹੋਰ ਤਾਕਤ ਨਾਲ ਕੰਮ ਕਰਨ ਲਈ ਪ੍ਰੇਰਿਆ ਜਾਵੇਗਾ।
ਸੂਬਾ ਪ੍ਰਧਾਨ ਭਗਵੰਤ ਮਾਨ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ ਨੇ ਸਾਂਝੇ ਤੌਰ ਜਲੰਧਰ ਦੇਸ਼ ਭਗਤ ਯਾਦਗਾਰ ਹਾਲੱ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਰਫ ਆਮ ਆਦਮੀ ਪਾਰਟੀ ਤੋਂ ਪੰਜਾਬ ਵਿੱਚ ਤਬਦੀਲੀ ਲਿਆਉਣ ਦੀ ਉਮੀਦ ਹੈ। ਪੰਜਾਬ ਦੀ ਸੱਤਾ ਵਿਚ ਰਹਿੰਦੇ ਹੋਏ ਰਿਵਾਇਤੀ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਲਈ ਕੁਝ ਨਹੀਂ ਕੀਤਾ। ਰਿਵਾਇਤੀ ਪਾਰਟੀਆਂ ਲੋਕਾਂ ਦੀ ਬਿਹਤਰ ਜ਼ਿੰਦਗੀ ਬਣਾਉਣ ਲਈ ਅਸਫਲ ਰਹੀਆਂ ਹਨ। ਪੰਜਾਬ ਦੇ ਲੋਕਾਂ ਨੂੰ ਮੁਢਲੀਆਂ ਲੋਕਾਂ ਪੀਣ ਵਾਲਾ ਸਾਫ ਪਾਣੀ, ਗਲੀਆਂ ਨਾਲੀਆਂ ਆਦਿ ਅਜੇ ਤੱਕ ਪ੍ਰਾਪਤ ਨਹੀਂ ਹੋ ਰਹੀਆਂ। ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਦਾ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਹੀ ਨਹੀਂ ਹੈ, ਉਹ ਆਪਣੇ ਸ਼ਾਹੀ ਫਾਰਮ ਹਾਊਸ ਵਿੱਚ ਬੈਠੇ ਆਰਾਮ ਕਰ ਰਹੇ ਹਨ, ਜਦੋਂ ਕਿ ਲੋਕਾਂ ਦੀ ਜਿਉਣਾ ਮੁਸ਼ਕਲ ਹੋਇਆ ਪਿਆ ਹੈ। ਪੰਜਾਬ ਵਿਚ ਚੱਲ ਰਿਹਾ ਤਰ੍ਹਾਂ ਤਰ੍ਹਾਂ ਦਾ ਮਾਫੀਆ ਪੰਜਾਬ ਦੀ ਸਪੰਤੀ ਲੁੱਟ ਰਿਹਾ ਹੈ। ਪੰਜਾਬ ਵਿੱਚ ਮਾਫੀਆ ਰਾਜ ਨੂੰ ਖਤਮ ਕਰਕੇ ਲੋਕਾਂ ਦੀ ਸਰਕਾਰ ਲਿਆਉਣ ਲਈ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਗਏ ਬਿਆਨ ਜਿਸ ’ਚ ਉਨ੍ਹਾਂ ਕਿਹਾ ਸੀ ਕਿ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲੈਣਾ ਚਾਹੀਦਾ, ਉਸ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬਿਆਨ ਕੈਪਟਨ ਦਾ ਕਿਸਾਨਾਂ ਦੇ ਪ੍ਰਤੀ ਦੋਗਲੇ ਚਰਿੱਤਰ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਦੇ ਬਿਆਨ ਤੋਂ ਸਾਬਤ ਹੋਇਆ ਕਿ ਕੈਪਟਨ ਮੋਦੀ ਸਰਕਾਰ ਨਾਲ ਮਿਲੀਭੁਗਤ ਦੇ ਤਹਿਤ ਕਿਸਾਨ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਟਾਲਣ ਦੀ ਨੀਅਤ ਨਾਲ ਖੇਤੀ ਕਾਨੂੰਨ ਨੂੰ ਦੋ ਸਾਲ ਲਈ ਲਾਗੂ ਹੋਣ ਤੋਂ ਰੋਕਣ ਦਾ ਪ੍ਰਸਤਾਵ ਦਿੱਤਾ ਹੈ। ਮੋਦੀ ਸਰਕਾਰ ਦੀ ਨੀਅਤ ਕਦੇ ਵੀ ਕਿਸਾਨਾਂ ਦੇ ਪ੍ਰਤੀ ਚੰਗੀ ਨਹੀਂ ਰਹੀ ਹੈ।
ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਦੀ ਸਾਜਿਸ਼ ਵਿਚ ਸਹਿਯੋਗ ਕਰਕੇ ਕੈਪਟਨ ਨੇ ਇਕ ਵਾਰ ਫਿਰ ਸਾਬਤ ਕੀਤਾ ਕਿ ਉਨ੍ਹਾਂ ਮੋਦੀ-ਸ਼ਾਹ ਨਾਲ ਪੰਜਾਬ ਦੇ ਕਿਸਾਨਾਂ ਦਾ ਸਮਝੌਤਾ ਕੀਤਾ ਹੈ। ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਇਹ ਕਹਿੰਦੀ ਆ ਰਹੀ ਹੈ ਕਿ ਕੈਪਟਨ ਮੋਦੀ ਸਰਕਾਰ ਨਾਲ ਮਿਲਕੇ ਕਿਸਾਨ ਅੰਦੋਲਨ ਨੂੰ ਕਮਜੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅੱਜ ਇਹ ਗੱਲ ਸੱਚ ਸਾਬਤ ਹੋਈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਪੰਜਾਬ ਦੇ ਲੋਕਾਂ ਨਾਲ ਗਦਾਰੀ ਕੀਤੀ। ਉਹ ਪੰਜਾਬ ਦੇ ਲੋਕਾਂ ਲਈ ਇਕ ਗਦਾਰ ਹਨ। ਉਨ੍ਹਾਂ ਕਿਸਾਨ ਅੰਦੋਲਨ ਦੇ ਮੁੱਦੇ ਉੱਤੇ ਹਰ ਵਾਰ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਕੈਪਟਨ ਸ਼ੁਰੂ ਤੋਂ ਹੀ ਭਾਜਪਾ ਦੀ ਬੋਲੀ ਬੋਲ ਰਹੇ ਹਨ। ਉਨ੍ਹਾਂ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਬਰਾਬਰ ਰੈਲੀਆਂ ਅਤੇ ਪ੍ਰੋਗਰਾਮ ਕੀਤੇ। ਪਹਿਲਾਂ ਉਨ੍ਹਾਂ ਪੰਜਾਬ ਵਿਧਾਨ ਸਭਾ ਵਿੱਚ ਪ੍ਰਸਤਾਵ ਪਾਸ ਕਰ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ, ਫਿਰ ਉਨ੍ਹਾਂ ਆਪਣੇ ਸੰਸਦ ਮੈਂਬਰਾਂ ਅਤੇ ਕਾਂਗਰਸ ਆਗੂਆਂ ਨੂੰ ਜੰਤਰ ਮੰਤਰ ਉੱਤੇ ਧਰਨੇ ਲਈ ਬੈਠਾ ਕੇ ਕਿਸਾਨ ਅੰਦੋਲਨ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕੀਤੀ।
ਉਨ੍ਹਾਂ ਕਿਹਾ ਕਿ ਕੈਪਟਨ ਨੇ ਵਾਰ-ਵਾਰ ਕਿਸਾਨ ਅੰਦੋਲਨ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਅਤੇ ਕਾਲੇ ਖੇਤੀ ਕਾਨੂੰਨ ਦੇ ਮੁੱਦੇ ਉੱਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ। ਉਨ੍ਹਾਂ ਭਾਜਪਾ ਨਾਲ ਮਿਲਕੇ ਕਿਸਾਨ ਅੰਦੋਲਨ ਨੂੰ ਦਬਾਉਣ ਦੀ ਸਾਜਿਸ਼ ਰਚੀ ਅਤੇ ਅੰਦੋਲਨ ਨੂੰ ਕਮਜੋਰ ਕਰਨ ਦੀ ਰਣਨੀਤੀ ਬਣਾਈ। ਅੱਜ ਉਨ੍ਹਾਂ ਦੀ ਸਾਜਿਸ਼ ਦਾ ਪਰਦਾਫਾਸ਼ ਹੋ ਚੁੱਕਾ ਹੈ। ਪੰਜਾਬ ਦੇ ਲੋਕ ਹੁਣ ਜਾਣ ਚੁੱਕੇ ਹਨ ਕਿ ਕੈਪਟਨ ਮੋਦੀ-ਸ਼ਾਹ ਨਾਲ ਮਿਲਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਉਨ੍ਹਾਂ ਨੂੰ ਬਕਾਇਦਾ ਭਾਜਪਾ ਵਿੱਚ ਸ਼ਾਮਲ ਹੋ ਜਾਣਾ ਚਾਹੀਦਾ। ਪੰਜਾਬ ਦੇ ਲੋਕ ਇਸ ਗਦਾਰੀ ਲਈ ਕੈਪਟਨ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ। -(ਫੋਟੋ ਨਾਲ ਨੱਥੀ )