ਫਗਵਾੜਾ 29 ਅਕਤੂਬਰ (ਸ਼ਿਵ ਕੋੜਾ) ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਅੱਜ ਕਿਹਾ ਕਿ ਰਾਜ ਦੇ ਕਿਸਾਨ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਰਾਹੀਂ ਆਪਣੀ ਕਿਸਮਤ ਬਦਲ ਸਕਦੇ ਹਨ। ਕਾਰਪੋਰੇਸ਼ਨ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਚੰਡੀਗੜ ਵਿਖੇ ਆਯੋਜਿਤ 246 ਵੀਂ ਬੈਠਕ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ  ਮਨਜੀਤ ਸਿੰਘ ਬਰਾੜ ਦੀ ਹਾਜਰੀ ‘ਚ ਕਿਹਾ ਕਿ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਹਨ ਇਸ ਲਈ ਕਿਸਾਨਾ ਵਲੋਂ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਨੂੰ ਅਪਣਾਇਆ ਜਾਣਾ ਚਾਹੀਦਾ ਹੈ। ਉਨਾ ਕਿਹਾ ਕਿ ਖਪਤਕਾਰਾਂ ਵੱਲੋਂ ਖੇਤ ਤੋਂ ਸਿੱਧੀ ਮੰਗ ਨਾਲ ਕਿਸਾਨ ਭਾਰੀ ਮੁਨਾਫਾ ਪ੍ਰਾਪਤ ਕਰਨਗੇ। ਉਹਨਾਂ ਦੱਸਿਆ ਕਿ ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਵਿਭਿੰਨਤਾ ਅਤੇ ਖੇਤੀਬਾੜੀ ਅਧਾਰਤ ਉਦਯੋਗ ਨੂੰ ਹੁਲਾਰਾ ਦੇਣ ਲਈ ਪ੍ਰੇਰਕ ਵਜੋਂ ਕੰਮ ਕਰੇਗੀ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ, ਗਤੀਸ਼ੀਲ ਅਤੇ ਫੈਸਲਾਕੁੰਨ ਅਗਵਾਈ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸੂਬਾ ਸਰਕਾਰ ਮੌਜੂਦਾ ਖੇਤੀ ਸੰਕਟ ਤੋਂ ਕਿਸਾਨਾਂ ਨੂੰ ਮੁਕਤ ਕਰਵਾਉਣ ਲਈ ਵਚਨਬੱਧ ਹੈ। ਕਾਰਪੋਰੇਸ਼ਨ ਰਾਜ ਵਿਚ ਫੂਡ ਪ੍ਰੋਸੈਸਿੰਗ ਉਦਯੋਗ ਦੀ ਇਕ ਨੋਡਲ ਏਜੰਸੀ ਹੈ ਜੋ ਇਹ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਕਿ ਖੇਤੀ ਅਧਾਰਤ ਉਦਯੋਗ ਨੂੰ ਲਾਭਦਾਇਕ ਬਣਾਇਆ ਜਾਵੇ। ਇਕ ਪਾਸੇ ਜਦੋਂ ਕੇਂਦਰ ਸਰਕਾਰ ਦੇ ਸਖ਼ਤ ਕਿਸਾਨ ਵਿਰੋਧੀ ਕਾਨੂੰਨ ਅਨਾਜ ਉਤਪਾਦਕਾਂ ਦੀ ਰੀੜ ਦੀ ਹੱਡੀ ਨੂੰ ਤੋੜ ਰਹੇ ਹਨ ਤਾਂ ਕਾਰਪੋਰੇਸ਼ਨ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਭਰਵਾਂ ਹੁੰਗਾਰਾ ਦੇ ਕੇ ਉਨਾ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਠੋਸ ਯਤਨ ਕਰੇਗੀ। ਮੀਟਿੰਗ ਵਿਚ ਬੋਰਡ ਦੇ ਡਾਇਰੈਕਟਰ  ਕਿਰਨਜੀਤ ਸਿੰਘ ਮਿੱਠਾ ਅਤੇ  ਰਣਜੀਤ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।