ਪਠਾਨਕੋਟ : ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਉਨ੍ਹਾਂ ਦਾ ਮਹਿੰਗਾਈ ਭੱਤਾ ਵਧਾ ਦਿੱਤਾ ਹੈ। ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ‘ਚ 3 ਫ਼ੀਸਦੀ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ 01-11-2019 ਤੋਂ ਲਾਗੂ ਕੀਤਾ ਜਾਵੇਗਾ। ਸੂਬਾ ਸਰਕਾਰ ਵਲੋਂ ਲਏ ਗਏ ਇਸ ਫ਼ੈਸਲੇ ਨਾਲ ਸਰਕਾਰੀ ਖ਼ਜ਼ਾਨੇ ‘ਤੇ ਸਾਲਾਨਾ 480 ਕਰੋੜ ਰੁਪਏ ਦਾ ਖ਼ਰਚਾ ਆਵੇਗਾ। ਇਸ ਸੰਬੰਧੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਆਪਣੀ ਡਿਊਟੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਤੋਂ ਬਹੁਤ ਖ਼ੁਸ਼ ਹਨ, ਜਿਸ ਨੂੰ ਦੇਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ।