ਜਲੰਧਰ 17 ਅਗਸਤ 2020
ਜਲੰਧਰ ਵਾਸੀਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ ਕਿ ਅੱਜ ਕੋਵਿਡ ਪ੍ਰਭਾਵਿਤ 75 ਮਰੀਜ਼ਾਂ ਨੂੰ ਇਲਾਜ ਉਪਰੰਤ ਛੁੱਟੀ ਦਿੱਤੀ ਗਈ, ਇਨ੍ਹਾਂ ਵਿੱਚ ਨੌ ਸਥਾਨਕ ਸਿਵਲ ਹਸਪਤਾਲ, 11 ਕੋਵਿਡ ਕੇਅਰ ਸੈਂਟਰ ਮੈਰੀਟੋਰੀਅਸ ਸਕੂਲ, ਇਕ ਮਿਲਟਰੀ ਤੇ ਇਕ ਅਤੇ 16 ਪ੍ਰਾਈਵੇਟ ਹਸਪਤਾਲਾਂ ਤੋਂ ਮਰੀਜ਼ ਸ਼ਾਮਿਲ ਹਨ।
ਇਸ ਤੋਂ ਇਲਾਵਾ 38 ਮਰੀਜ਼ਾਂ ਵਲੋਂ ਅਪਣਾ ਘਰ ਵਿੱਚ ਇਕਾਂਤਵਾਸ ਦਾ ਸਮਾਂ ਪੂਰਾ ਕੀਤਾ ਗਿਆ। ਇਸ ਤਰ੍ਹਾਂ ਹੁਣ ਤੱਕ ਜ਼ਿਲ੍ਹੇ ਵਿੱਚ 2694 ਮਰੀਜ਼ਾਂ ਵਲੋਂ ਕੋਵਿਡ-19 ’ਤੇ ਜਿੱਤ ਹਾਸਿਲ ਕੀਤੀ ਜਾ ਚੁੱਕੀ ਹੈ।
ਠੀਕ ਹੋਏ ਮਰੀਜ਼ਾਂ ਵਲੋਂ ਡਾਕਟਰਾਂ, ਨਰਸਾਂ ਅਤੇ ਸਿਹਤ ਵਰਕਰਾਂ ਵਲੋਂ ਉਨਾਂ ਦੇ ਇਲਾਜ ਦੌਰਾਨ ਕੀਤੀ ਗਈ ਮਿਹਨਤ, ਲਗਨ ਅਤੇ ਵਚਨਬੱਧਤਾ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਉਨ੍ਹਾਂ ਦੇ ਇਲਾਜ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਦੀ ਵੀ ਸ਼ਲਾਘਾ ਕੀਤੀ ਗਈ।
ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਿਤੀ ਕਾਬੂ ਹੇਠ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹ ਕਿ ਜ਼ਿਆਦਾ ਕੇਸ ਜ਼ਿਆਦਾ ਟੈਸਟ ਕਰਨ ਕਰਕੇ ਆ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸਿਹਤ ਅਤੇ ਸੁਰੱਖਿਆ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਥੋਰੀ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਮਾਸਕ ਪਾਉਣਾ, ਹੱਥਾਂ ਨੂੰ ਸਾਫ਼ ਸੁਥਰਾ ਰੱਖਣਾ, ਸਮਾਜਿਕ ਦੂਰੀ ਦੀ ਪਾਲਣਾ ਕਰਨ ਤੋਂ ਇਲਾਵਾ ਜੇਕਰ ਕਿਸੇ ਵਿੱਚ ਕੋਵਿਡ-19 ਸਬੰਧੀ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ।