ਜਲੰਧਰ, 11 ਸਤੰਬਰ

ਕੋਵਿਡ ਸੇਫਟੀ ਪ੍ਰੋਟੋਕੋਲ ਅਤੇ ਜ਼ਮੀਨੀ ਪੱਧਰ ‘ਤੇ ਸਮੇਂ ਸਿਰ ਜਾਂਚ ਕਰਨ ਨਾਲ ਸਬੰਧਤ ਜਾਗਰੂਕਤਾ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਨੇ ਲੋਕ ਸਾਂਝੇਦਰੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਅਤੇ ਵਾਰਡਾਂ ਵਿਚ ਮੈਰਾਥਨ ਮੀਟਿੰਗਾਂ ਕੀਤੀਆਂ ਅਤੇ ਲੋਕਾਂ ਨੂੰ ਜਲਦੀ ਟੈਸਟ ਕਰਵਾਉਣ ਅਤੇ ਕੋਰੋਨਾ ਵਾਇਰਸ ਤੋਂ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਇਲਾਜ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ।ਟੀਮਾਂ ਨੇ ਲੋਕਾਂ ਨੂੰ ਜਾਗਰੂਕ ਕੀਤਾ ਕਿ ਮੌਜੂਦਾ ਸਮੇਂ ਵਿੱਚ ‘ਸਾਵਧਾਨੀ’ ਹੀ ਮਹਾਂਮਾਰੀ ਨਾਲ ਲੜਨ ਦਾ ਇਕ ਤਰੀਕਾ ਹੈ। ਜੇਕਰ ਕਿਸੇ ਨੂੰ ਬੁਖਾਰ ਜਾਂ ਕੋਈ ਹੋਰ ਲੱਛਣ ਹੋ ਜਾਂਦਾ ਹੈ ਜਾਂ ਕੋਈ ਕੋਵਿਡ ਪੋਜੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਇਆ ਹੈ, ਤਾਂ ਉਸਨੂੰ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ ਅਤੇ ਕੋਵਿਡ ਟੈਸਟ ਕਰਵਾਉਣਾ ਚਾਹੀਦਾ ਹੈ।ਟੀਮ ਦੇ ਮੈਂਬਰਾਂ ਨੇ ਬਜ਼ੁਰਗਾਂ ਜਾਂ ਹੋਰ ਗੰਭੀਰ ਬੀਮਾਰੀ ਤੋਂ ਪੀੜਤ ਵਿਅਕਤੀਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕੋਵਿਡ ਬਾਰੇ ਅਫਵਾਹਾਂ, ਅੰਗ ਕੱਢ ਲੈਣ, ਮੁਨਾਫ਼ਾਖੋਰੀ ਤੇ ਗਲਤ ਜਾਣਕਾਰੀ ਨੂੰ ਵੀ ਖਾਰਿਜ ਕੀਤਾ ਅਤੇ ਮਿਥਕਾ ਨੂੰ ਦੂਰ ਕੀਤਾ।ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ, ਹੱਥਾਂ ਨੂੰ ਅਕਸਰ ਧੋਣਾ ਚਾਹੀਦਾ ਹੈ ਅਤੇ ਜੇ ਉਨ੍ਹਾਂ ਨੂੰ ਘਰੋਂ ਬਾਹਰ ਨਿਕਲਣਾ ਪੈਂਦਾ ਹੈ ਤਾਂ ਦੂਰੀ ਬਣਾਈ ਰੱਖਣੀ ਚਾਹੀਦੀ ਹੈ।ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਸ਼ਹਿਰੀ ਖੇਤਰ ਦੇ ਐਮ ਸੀ ਵਾਰਡ ਅਤੇ ਦਿਹਾਤੀ ਪੱਟੀ ਦੇ ਪਿੰਡ ਨੂੰ ਛੋਟੇ ਖੇਤਰਾਂ ਵਿੱਚ ਵੰਡਿਆ ਗਿਆ ਹੈ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ, ਜਿਨ੍ਹਾਂ ਵਿੱਚ ਮਿਊਂਸੀਪਲ ਕੌਂਸਲਰ, ਸਰਪੰਚ, ਡਾਕਟਰ, ਸਕੂਲ ਅਧਿਆਪਕ, ਨੌਜਵਾਨ ਜਾਂ ਧਾਰਮਿਕ ਆਗੂ ਸ਼ਾਮਲ ਹਨ, ਇਲਾਕਿਆਂ ਦਾ ਦੌਰਾ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਇਸ ਲਾਗ ਦੀ ਬੀਮਾਰੀ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਮੁੱਢਲੀ ਰੋਕਥਾਮ ਨੂੰ ਯਕੀਨੀ ਬਣਾ ਕੇ ਕੋਵਿਡ -19 ਦੇ ਪ੍ਰਸਾਰ ਨੂੰ ਕਾਬੂ ਕਰਨ ਵਿੱਚ ਲੋਕਾਂ ਦੀ ਭਾਗੀਦਾਰੀ ਸਮੇਂ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਨੋਡਲ ਅਫਸਰਾਂ ਵੱਲੋਂ ਟੀਮਾਂ ਦਾ ਗਠਨ ਪਹਿਲਾਂ ਹੀ ਕਰ ਦਿੱਤਾ ਗਿਆ ਹੈ ਅਤੇ “ਲੋਕ ਸਾਂਝੇਦਰੀ” ਪ੍ਰੋਗਰਾਮ ਤਹਿਤ ਜਾਗਰੂਕਤਾ ਗਤੀਵਿਧੀਆਂ ਬਾਰੇ ਵਿਸਥਾਰਤ ਪ੍ਰੋਗਰਾਮ ਪਹਿਲਾਂ ਹੀ ਤਿਆਰ ਕੀਤਾ ਜਾ ਚੁੱਕਾ ਹੈ।ਡਿਪਟੀ ਕਮਿਸ਼ਨਰ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਅਤੇ ਕੋਵਿਡ 19 ਮਹਾਂਮਾਰੀ ਦੇ ਖਾਤਮੇ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ।