
ਜਲੰਧਰ, 15 ਅਕਤੂਬਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਵੀਰਵਾਰ ਨੂੰ ਜ਼ਿਲ੍ਹੇ ਦੇ ਪਿੰਡਾਂ ਉਧੋਪੁਰ ਅਤੇ ਉਥੋਲਾ ਵਿਖੇ ਇਨ-ਸੀਟੂ ਪ੍ਰਬੰਧਨ ਅਤੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਦੋ ਜਾਗਰੂਕਤਾ ਕੈਂਪ ਲਗਾਏ, ਜਿਨ੍ਹਾਂ ਵਿੱਚ 100 ਤੋਂ ਵੱਧ ਕਿਸਾਨਾਂ ਨੇ ਸ਼ਮੂਲੀਅਤ ਕੀਤੀ ।
ਕੈਂਪਾਂ ਵਿੱਚ ਵਿਭਾਗ ਵੱਲੋਂ ਕੋਵਿਡ -19 ਵਿਰੁੱਧ ਸਾਵਧਾਨੀ ਵਰਤਦਿਆਂ ਕਿਸਾਨਾਂ ਨੂੰ ਸੁਪਰ ਸੀਡਰ ਮਸ਼ੀਨ ਦੀ ਮਦਦ ਨਾਲ ਕਣਕ ਦੀ ਬਿਜਾਈ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ, ਜਿਸ ਨਾਲ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਵਿਚ ਸਹਾਇਤਾ ਮਿਲੇਗੀ।
ਵਿਭਾਗ ਨੇ ਦੱਸਿਆ ਕਿ ਕਸਟਮ ਹਾਇਰਿੰਗ ਸੈਂਟਰ ਵੱਲੋਂ ਇਸ ਮਸ਼ੀਨ ਦਾ ਕਿਰਾਇਆ 2000 ਰੁਪਏ ਪ੍ਰਤੀ ਏਕੜ ਲਿਆ ਜਾਂਦਾ ਹੈ ਜਦਕਿ ਕਣਕ ਦੀ ਬਿਜਾਈ ਦੇ ਰਵਾਇਤੀ ਢੰਗਾਂ ਉਤੇ ਆਮ ਤੌਰ ‘ਤੇ 6000 ਰੁਪਏ ਪ੍ਰਤੀ ਏਕੜ ਲਾਗਤ ਆਉਂਦੀ ਹੈ। ਇਸ ਤਰ੍ਹਾਂ ਇਸ ਮਸ਼ੀਨ ਦੀ ਵਰਤੋਂ ਕਰਕੇ ਕਿਸਾਨ 4000 ਰੁਪਏ ਪ੍ਰਤੀ ਏਕੜ ਦੀ ਸਿੱਧੀ ਬੱਚਤ ਕਰ ਸਕਦੇ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਕਸਟਮ ਹਾਇਰਿੰਗ ਸੈਂਟਰਾਂ ਨੂੰ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਬਿਨਾਂ ਕਿਰਾਏ ਤੋਂ ਇਹ ਮਸ਼ੀਨਾਂ ਦੇਣ ਦੇ ਆਦੇਸ਼ ਦਿੱਤੇ ਗਏ ਹਨ।
ਕੈਂਪਾਂ ਦੌਰਾਨ ਡਾ. ਸੁਰਿੰਦਰ ਕੁਮਾਰ ਡੀਟੀਓ, ਡਾ. ਅਰੁਨ ਕੋਹਲੀ, ਡਾ. ਸੁਰਜੀਤ ਸਿੰਘ, ਡਾ. ਵਿਪੁਲ ਛਾਬੜਾ, ਡਾ. ਬਲਕਾਰ ਚੰਦ ਅਤੇ ਡਾ. ਮਨਦੀਪ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਮਨੁੱਖੀ ਸਿਹਤ ਅਤੇ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ।
ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ਦੇ ਸੂਖਮ ਪੌਸ਼ਟਿਕ ਤੱਤਾਂ ਸਮੇਤ 17 ਵੱਖ-ਵੱਖ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਕਿਸਾਨਾਂ ਦੇ ਲਾਗਤ ਖਰਚੇ ਵੱਧ ਜਾਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਪਰਾਲੀ ਸਾੜਨ ਨਾਲ 70,000 ਐਮ.ਜੀ. ਪ੍ਰਦੂਸ਼ਿਤ ਕਣ ਪਦਾਰਥ ਪੈਦਾ ਹੁੰਦੇ ਹਨ, ਜੋ ਮਨੁੱਖੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੇ ਹਨ।
ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਵਿੱਚ ਕੋਵਿਡ-19 ਮਹਾਂਮਾਰੀ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਗ ਨਾਲ ਪੈਦਾ ਹੋਏ ਧੂੰਏਂ ਕਾਰਨ ਕੋਵਿਡ ਮਰੀਜ਼ਾਂ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਸਕਦਾ ਹੈ ।
ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਜਿਹੜੇ ਕਿਸਾਨ ਝੋਨੇ ਦੀ ਪਰਾਲੀ ਦਾ ਪ੍ਰਬੰਧ ਇਨ-ਸੀਟੂ ਪ੍ਰਕਿਰਿਆ ਰਾਹੀਂ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਕੋਲ ਵੱਖੋ-ਵੱਖਰੀਆਂ ਮਸ਼ੀਨਾਂ ਨਹੀਂ ਹਨ, ਉਹ ਕਸਟਮ ਹਾਇਰਿੰਗ ਸੈਂਟਰਾਂ, ਸਹਿਕਾਰੀ ਸਭਾਵਾਂ ਜਾਂ ਆਪਣੇ ਖੇਤਰ ਦੇ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਅਸੀਂ ਉਨ੍ਹਾਂ ਨੂੰ ਕਿਰਾਏ ਦੇ ਆਧਾਰ ‘ਤੇ ਮਸ਼ੀਨਾਂ ਮੁਹੱਈਆ ਕਰਵਾ ਕੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗੇ।