ਜਲੰਧਰ 25 ਅਗਸਤ 2020

ਜ਼ਿਲ੍ਹੇ ਵਿੱਚ ਹਰਿਆਵਲ ਹੇਠ ਰਕਬੇ ਨੂੰ ਵਧਾਉਣ ਦੇ ਨਾਲ-ਨਾਲ ਵਾਤਾਵਰਣ ਨੂੰ ਪ੍ਰਦੂਸਿਤ ਹੋਣ ਤੋਂ ਰੋਕਣ ਲਈ ਵਿਸ਼ੇਸ਼ ਪਹਿਲ ਕਦਮੀ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ  ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹੇ ਦੇ 890 ਪਿੰਡਾਂ ਵਿੱਚ 3,56,000 ਪੌਦੇ ਲਗਾਏ ਜਾਣਗੇ। ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸੱਜਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ 890 ਪਿੰਡਾਂ ਹਰੇਕ ਪਿੰਡ ਵਿੱਚ 400 ਪੌਦੇ ਲਗਾਉਣ ਸਬੰਧੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੌਦੇ ਲਗਾਉਣ ਲਈ ਯੋਗ ਥਾਵਾਂ ਦੀ ਪਹਿਚਾਣ ਕਰਨੀ ਸ਼ੁਰੂ ਕੀਤੀ ਜਾ ਚੁੱਕੀ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਥੋਰੀ ਨੇ ਦੱਸਿਆ ਕਿ ਪੌਦੇ ਲਗਾਉਣ ਲਈ ਪੰਚਾਇਤੀ ਜ਼ਮੀਨਾਂ ਤੋਂ ਇਲਾਵਾ ਛੱਪੜਾਂ, ਸੜਕਾਂ ਦੇ ਨਿਕਾਰਿਆਂ , ਵਿਦਿਅਕ ਸੰਸਥਾਵਾਂ, ਸਿਹਤ ਸੰਭਾਲ ਕੇਂਦਰਾਂ ਅਤੇ ਹੋਰਨਾਂ ਥਾਵਾ ਨੂੰ ਹਰਿਆਵਲ ਹੇਠ ਰਕਬੇ ਨੂੰ ਵਧਾਉਣ ਲਈ ਵਰਤਿਆ ਜਾਵੇਗਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨੂੰ ਹਰਿਆ-ਭਰਿਆ, ਸਾਫ਼ ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਦੀ ਵਚਨਬੱਧਤਾ ਤਹਿਤ ਲੋਕਾਂ ਨੂੰ ਇਸ ਮੁਹਿੰਮ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਅਜਿਹੀਆਂ ਮੁਹਿੰਮਾਂ ਸਮੇਂ ਦੀ ਲੋੜ ਹਨ।ਵਧੀਕ ਡਿਪਟੀ ਕਮਿਸਨਰ (ਵਿਕਾਸ)  ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਮਹਾਤਮਾ ਗਾਂਧੀ ਕੌਮੀ ਰੋਜ਼ਗਾਰ ਗਾਰੰਟੀ ਐਕਟ ਤਹਿਤ ਪੌਦੇ ਲਗਾਉਣ ਦੀ ਮੁਹਿੰਮ ਕਰਵਾਈ ਜਾਵੇਗੀ ਅਤੇ ਜੰਗਲਾਤ ਵਿਭਾਗ ਵਲੋਂ ਪੌਦੇ ਖ਼ਰੀਦੇ ਜਾਣਗੇ। ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੌਦਿਆਂ ਦੀ ਜਾਨਵਰਾਂ ਤੋਂ ਸੁਰੱਖਿਆ ਤੋਂ ਇਲਾਵਾ ਹਰ ਪਿੰਡ ਵਿੱਚ ਪੌਦਿਆਂ ਦੀ ਸਹੀ ਢੰਗ ਨਾਲ ਦੇਖਭਾਲ ਅਤੇ ਪਾਣੀ ਦੇਣ ਲਈ ਦੋ ਵੈਨਾਂ ਤਾਇਨਾਤ ਕੀਤੀਆਂ ਜਾਣਗੀਆਂ। ਸਾਰੰਗਲ ਦੱਸਿਆ ਕਿ ਸਾਰੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਇਕ ਏਕੜ ਜਮੀਨ ਵਿੱਚ ਪੌਦੇ ਲਗਾਉਣ ਲਈ ਜ਼ਮੀਨ ਦੀ ਸ਼ਨਾਖਤ ਸਬੰਧੀ ਵਿਆਪਕ ਰਿਪੋਰਟ ਤਿਆਰ ਕਰਨ ਨੂੰ ਯਕੀਨੀ ਬਣਾਇਆ ਜਾਵੇ।