ਜਲੰਧਰ 25 ਜਨਵਰੀ 2021
ਬੇਰੁਜ਼ਗਾਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੂੰ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਕੇ ਆਤਮ ਨਿਰਭਰ ਬਣਾਉਣ ਲਈ ਮੀਲ ਦਾ ਪੱਥਰ ਕਰਾਰ ਦਿੰਦਿਆਂ ਜਲੰਧਰ ਪੱਛਮੀ ਤੋਂ ਵਿਧਾਇਕ ਸ੍ਰੀ ਸ਼ੁਸੀਲ ਕੁਮਾਰ ਰਿੰਕੂ ਅਤੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਾਲ 2020 ਦੌਰਾਨ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਤਹਿਤ 22892 ਨੌਜਵਾਨਾਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਵੈ ਰੋਜ਼ਗਾਰ ਕਰਜ਼ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।
ਸਵੈ ਰੋਜ਼ਗਾਰ ਕਰਜ਼ ਮੇਲਾ ਅਤੇ ਕੌਮੀ ਬਾਲੜੀ ਦਿਵਸ ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਵਰਚੂਅਲ ਤੌਰ ’ਤੇ ਸ਼ਿਰਕਤ ਕਰਦਿਆਂ ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਸਬੰਰ 2020 ਦੌਰਾਨ ਵੱਖ-ਵੱਖ ਭਲਾਈ ਸਕੀਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਰੁਜ਼ਗਾਰ ਗਾਰੰਟੀ ਪ੍ਰੋਗਰਾਮ, ਪ੍ਰਧਾਨ ਮੰਤਰੀ ਮੁਦਰਾ ਯੋਜਨਾ ਅਤੇ ਸਟਾਰਟ ਅਪ ਇੰਡੀਆ ਤਹਿਤ 9 ਸਵੈ ਰੋਜ਼ਗਾਰ ਕਰਜ਼ ਮੇਲੇ ਲਗਾਏ ਗਏ ਸਨ।
ਵਿਧਾਇਕ ਸ੍ਰੀ ਸ਼ੁਸੀਲ ਕੁਮਾਰ ਰਿੰਕੂ ਅਤੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵਲੋਂ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਕਰਜ ਪ੍ਰਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਤਾਂ ਕਿ ਨੌਜਵਾਨ ਪੂਰੇ ਮਾਨ ਸਨਮਾਨ ਨਾਲ ਆਪਣਾ ਜੀਵਨ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਤਾਂ ਕਿ ਨੌਜਵਾਨਾ ਨੂੰ ਆਤਿਮ ਨਿਰਭਰ ਬਣਾਉਣ ਵਿੱਚ ਸਹਾਇਤਾ ਕੀਤੀ ਜਾ ਸਕੇ।
ਸ੍ਰੀ ਰਿੰਕੂ ਅਤੇ ਸ੍ਰੀ ਥੋਰੀ ਨੇ ਕਿਹਾ ਕਿ ਇਸ ਨਾਲ ਵੱਡੀ ਗਿਣਤੀ ਵਿੱਚ ਨੌਜਵਾਨਾਂ ਨਵੇਂ ਰੋਜ਼ਗਾਰ ਸ਼ੁਰੂ ਕਰਕੇ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਸਰਗਰਮ ਭਾਗੀਦਾਰ ਬਣ ਸਕਣ ਦੇ ਯੋਗ ਹੋ ਸਕਣਗੇ।
ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨ ਆਤਮ ਸਨਮਾਨ ਦੇ ਨਾਲ ਆਪਣਾ ਜੀਵਨ ਨਿਰਭਾਰ ਕਰ ਸਕਣ ਨੂੰ ਯਕੀਨੀ ਬਣਾਉਣ ਲਈ ਇਹ ਇਤਿਹਾਸਿਕ ਉਪਰਾਲੇ ਹੋਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨਾਂ ਨੂੰ ਅਜਿਹੇ ਕਰਜ਼ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਸੰਜੀਦਾ ਯਤਨਾਂ ਨਾਲ ਇਹ ਯਕੀਨੀ ਬਣਾਇਆ ਜਾ ਸਕੇਗਾ ਕਿ ਉਨਾਂ ਦੇ ਹੁਨਰ ਨੂੰ ਹੋਰ ਨਿਖਾਰਿਆ ਜਾ ਸਕੇ।
ਕੌਮੀ ਬਾਲੜੀ ਦਿਵਸ ਮੌਕੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਭਲਾਈ ਪ੍ਰੋਗਰਾਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਡਿਜੀਟਲ ਪੇਰੈਂਸ ਮਾਰਗ ਦਰਸ਼ਕ ਪ੍ਰੋਗਰਾਮ, ਡਰਾਇਵਿੰਗ ਸਿਖਲਾਈ ਪ੍ਰੋਗਰਾਮ ਅਤੇ ਹੋਰਨਾਂ ਤਹਿਤ 51 ਮਹਿਲਾ ਲਾਭਪਾਤਰੀਆਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਡਿਪਟੀ ਡਾਇਰੈਕਟਰ ਰੋਜ਼ਗਾਰ ਬਿਊਰੋ ਤੇ ਕਾਰੋਬਾਰ ਜਸਵੰਤ ਰਾਏ ਅਤੇ ਹੋਰ ਵੀ ਹਾਜ਼ਰ ਸਨ।