ਜਲੰਧਰ 26 ਮਈ 2021
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਲੋਕ ਭਲਾਈ ਸਕੀਮਾਂ ਦਾ ਵੱਧ ਵੱਧ ਲਾਭ ਪਹੁੰਚਾਉਣ ਲਈ ਦਾਇਰਾ ਵਧਾਉਣ ਦਾ ਐਲਾਨ ਕਰਨ ਉਪਰੰਤ ਹੁਣ ਜਲੰਧਰ ਜ਼ਿਲ੍ਹੇ ਦੇ 2.62 ਲੱਖ ਯੋਗ ਪਰਿਵਾਰ ਜ਼ਿਲ੍ਹੇ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਚੀਬੱਧ ਕੀਤੇ ਗਏ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ-19 ਦਾ ਕੈਸ਼ਲੈਸ ਇਲਾਜ ਕਰਵਾ ਸਕਦੇ ਹਨ।ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਰਾਹਤ ਮੁਹੱਈਆ ਕਰਵਾਉਣ ਲਈ ਇਹ ਅਹਿਮ ਫੈਸਲਾ ਲਿਆ ਗਿਆ ਹੈ ਅਤੇ ਹੁਣ ਯੋਗ ਲਾਭਪਾਤਰੀ ਇਸ ਸਕੀਮ ਤਹਿਤ ਸੂਬੀਬੱਧ ਕੀਤੇ ਗਏ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ-19 ਦੇ ਇਲਾਜ ਸਬੰਧੀ ਕੈਸ਼ਲੈਸ ਸਹੂਲਤ ਦਾ ਲਾਭ ਉਠਾ ਸਕਣਗੇ। ਉਨ੍ਹਾਂ ਕਿਹਾ ਕਿ ਮਰੀਜ਼ ਕੋਵਿਡ ਸੰਭਾਲ ਸਹੂਲਤਾਂ ਪ੍ਰਦਾਨ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ-19 ਦਾ ਇਲਾਜ ਕਰਵਾ ਸਕਦੇ ਹਨ ਅਤੇ ਪ੍ਰਾਈਵੇਟ ਹਸਪਤਾਲਾਂ ਲਈ ਸਰਕਾਰ ਵਲੋਂ 8000 ਤੋਂ 18000 ਰੁਪਏ ਪ੍ਰਤੀ ਦਿਨ ਦਾ ਰੇਟ ਨਿਸ਼ਚਿਤ ਕੀਤਾ ਗਿਆ ਹੈ।ਥੋਰੀ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਬੀਮਾ ਕੰਪਨੀਆਂ ਵਲੋਂ ਨਿਸ਼ਚਿਤ ਕੀਤੇ ਗਏ ਖ਼ਰਚੇ ਨੂੰ ਘਟਾਉਣ ਉਪਰੰਤ ਸਰਕਾਰ ਵਲੋਂ ਬਾਕੀ ਖ਼ਰਚੇ ਦੀ ਅਦਾਇਗੀ ਕੀਤੀ ਜਾਵੇਗੀ ਜਿਸ ਵਿੱਚ ਬੈਡ, ਪੀਪੀਈ ਕਿਟਸ, ਦਵਾਈਆਂ, ਵਰਤੋਂ ਯੋਗ ਚੀਜ਼ਾਂ, ਨਿਗਰਾਨੀ/ਨਰਸਿੰਗ ਸੰਭਾਲ, ਡਾਕਟਰ ਦੀ ਫੀਸ , ਇਨਵੈਸਟੀਗੇਸ਼ਨ, ਆਕਸੀਜਨ ਆਦਿ ਸ਼ਾਮਿਲ ਹੋਣਗੇ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਾਭਪਾਤਰੀ ਬਿਨਾਂ ਕਿਸੇ ਜਨਤਕ ਹਸਪਤਾਲ ਦੇ ਰੈਫਰ ਕੀਤੇ ਸੂਚੀਬੱਧ ਹਸਪਤਾਲਾਂ ਵਿੱਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਕੋਵਿਡ-19 ਦੇ ਮਰੀਜ਼ਾਂ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਮਿਆਰੀ ਇਲਾਜ ਨੂੰ ਮੁਫ਼ਤ ਵਿੱਚ ਵੀ ਯਕੀਨੀ ਬਣਾਇਆ ਜਾ ਸਕੇਗਾ ਕਿਉਂਕਿ ਸਾਰੇ ਖ਼ਰਚੇ ਸੂਬਾ ਸਰਕਾਰ ਵਲੋਂ ਸਹਿਣ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ ਵਿੱਚ 87.25 ਫੀਸਦ ਵਸੋਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਿਆਂਦਾ ਕੀਤਾ ਗਿਆ ਹੈ ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਇਸ ਲੋਕ ਭਲਾਈ ਸਕੀਮ ਦਾ ਲਾਭ ਮਿਲੇਗਾ।ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਜੋਤੀ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਲੰਧਰ ਵਿਖੇ 29 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਜਿਨਾਂ ਵਲੋਂ ਕੋਵਿਡ-19 ਦੇ ਇਲਾਜ ਸਬੰਧੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਰਜਿਸਟਰਡ ਲਾਭਪਾਤਰੀ ਸਿੱਧੇ ਵੀ ਇਲਾਜ ਲਈ ਇਨਾਂ ਹਸਪਤਾਲਾਂ ਵਿੱਚ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਇਨਾਂ ਆਦੇਸ਼ਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਸਾਰੇ ਸੂਚੀਬੱਧ ਹਸਪਤਾਲਾਂ ਨੂੰ ਜਾਣੂੰ ਕਰਵਾਇਆ ਜਾ ਚੁੱਕਾ ਹੈ।