ਜਲੰਧਰ : ਜ਼ਿਲ੍ਹਾ ਜਲੰਧਰ ਦੇ ਪਿੰਡ ਨਾਹਲਾ ਵਿਖੇ 52 ਕਨਾਲ ਰਕਬੇ ਵਿੱਚ 7.65 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਹੀ ਨਵਾਂ ਬਿਰਧ ਆਸ਼ਰਮ ਉਸਾਰਿਆ ਜਾਵੇਗਾ।
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਪਿੰਡ ਨਾਹਲਾ ਵਿਖੇ ਦੌਰਾ ਕਰਕੇ ਕਾਰਜਕਾਰੀ ਇੰਜੀਨੀਅਰ (ਬੀ.ਐਂਡ ਆਰ) ਬੀ.ਐਸ.ਤੁਲੀ ਨੂੰ ਕੰਮ ਜਲਦੀ ਸ਼ੁਰੂ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕੰਮ ਦੀ ਨਿਯਮਤ ਤੌਰ ’ਤੇ ਨਿਰੀਖਣ ਲਈ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਦੇ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਹ ਓਲਡ ਏਜ ਹੋਮ ਉਨਾਂ ਦੀ ਭਲਾਈ ਵੱਲ ਇਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਓਲਡ ਏਜ ਹੋਮ ਵਲੋਂ ਆਪਣੇ ਪਰਿਵਾਰ ਦੁਆਰਾ ਛੱਡੇ ਗਏ ਬਜ਼ੁਰਗਾਂ ਜਾਂ ਜਿਨਾਂ ਦੀ ਦੇਖ-ਭਾਲ ਕਰਨ ਵਾਲਾ ਕੋਈ ਨਹੀਂ ਹੈ ਨੂੰ ਆਸਰਾ ਅਤੇ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਿਰਧ ਆਸ਼ਰਮ ਵਲੋਂ ਮੁਫ਼ਤ ਡਾਕਟਰੀ ਜਾਂਚ, ਐਂਬੂਲੈਂਯ, ਖਾਣਾ, ਕਪੜਾ ਅਤੇ ਹੋਰ ਕਈ ਤਰ੍ਹਾਂ ਦੀਆਂ ਸੁਖ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਸ੍ਰੀ ਸ਼ਰਮਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਹਾ ਕਿ ਭਾਈਚਾਰਕ ਗਤੀਵਿਧੀਆਂ ਸ਼ੁਰੂ ਕਰਨ ਲਈ ਕਿਹਾ ਜਾਵੇ ਤਾਂ ਜੋ ਬਜ਼ੁਰਗਾਂ ਨੂੰ ਘਰ ਵਾਲਾ ਤੇ ਵਧੀਆ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਜ਼ੁਰਗਾਂ ਦੀ ਭਲਾਈ ਅਤੇ ਹੱਕਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਬਜੁਰਗਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ ਨਾਲ ਉਨਾਂ ਦੇ ਪਰਿਵਾਰਕ ਮੈਂਬਰਾਂ ਨੂ ਸਮਾਜਿਕ ਤੇ ਨੈਤਿਕ ਜਿੰਮੇਵਾਰੀ ਦਾ ਅਹਿਸਾਸ ਕਰਵਾਇਆ ਜਾਵੇ।
ਇਸ ਮੌਕੇ ਐਸ.ਡੀ.ਓ. ਵਿਸ਼ਾਲ ਅੰਗੂਰਾਲ, ਸਕੱਤਰ ਰੈਡ ਕਰਾਸ ਪਰਮਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।