ਜਲੰਧਰ, 25 ਫਰਵਰੀ
ਪਿਛਲੇ ਸਾਲ ਦਰਜ ਕੀਤੀਆਂ 1531 ਐਫ.ਆਈ.ਆਰਜ਼. ਦੇ ਨਾਲ ਜ਼ਿਲ੍ਹਾ ਜਲੰਧਰ ਵਿਚ ਸਾਲ 2020 ਵਿਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਅਤੇ ਤਸਕਰਾਂ ਖ਼ਿਲਾਫ਼ ਪੁਲਿਸ ਕੇਸਾਂ ਵਿਚ 64.99 ਪ੍ਰਤੀਸ਼ਤ ਵਾਧਾ ਹੋਇਆ ਹੈ।ਜ਼ਿਲ੍ਹੇ ਵਿਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਕੀਤੀ ਜਾ ਰਹੀ ਕਰਵਾਈ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਮੂਹ ਅਧਿਕਾਰੀਆਂ ਨੂੰ ਇਸ ਨਸ਼ੇ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਵੱਲੋਂ ਸਾਲ 2019 ਵਿੱਚ ਜ਼ਿਲ੍ਹੇ ਵਿੱਚ 995 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚ ਸਾਲ 2020 ਵਿੱਚ 1531 ਐਫ.ਆਈ.ਆਰਜ਼ ਦਰਜ ਹੋਣ ਨਾਲ 64.99 ਫ਼ੀ ਸਦੀ ਦਾ ਵਾਧਾ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈੱਡ ਰੋਜ਼ ਮੁਹਿੰਮ ਅਧੀਨ ਹੁਣ ਤੱਕ ਕੁਲ 1563 ਦੋਸ਼ੀਆਂ ਦੀ ਗ੍ਰਿਫਤਾਰੀ ਤੋਂ ਇਲਾਵਾ ਆਬਕਾਰੀ ਐਕਟ ਤਹਿਤ 1531 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵੱਲੋਂ ਸ਼ਰਾਬ ਦੀਆਂ 103832 ਬੋਤਲਾਂ ਬਰਾਮਦ ਕੀਤੀਆਂ ਹਨ ਅਤੇ ਗੁਦਾਮਾਂ, ਮੈਰਿਜ ਪੈਲੇਸਾਂ ਅਤੇ ਚੌਲਾਂ ਦੇ ਸ਼ੈਲਰਾਂ ਸਮੇਤ 2716 ਥਾਵਾਂ ਦੀ ਚੈਕਿੰਗ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਸਮੀਖਿਆ ਮੀਟਿੰਗ ਦੌਰਾਨ ਆਬਕਾਰੀ ਅਤੇ ਪੁਲਿਸ ਵਿਭਾਗ ਨੂੰ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਰਾਬ ਤਸਕਰੀ ਅਤੇ ਨਾਜਾਇਜ਼ ਕਾਰੋਬਾਰ ਖਿਲਾਫ਼ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਜਿਹੀ ਕਿਸੇ ਵੀ ਗਤੀਵਿਧੀ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇ ਅਤੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ । ਥੋਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਕਾਰੋਬਾਰ ‘ਤੇ ਲਗਾਮ ਲਾਉਣ ਵਿਸ਼ੇਸ਼ ਚੈਕਿੰਗ ਕੀਤੀ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਹਿਸੀਲ ਅਤੇ ਸਬ ਡਵੀਜ਼ਨਲ ਪੱਧਰ ‘ਤੇ ਆਬਕਾਰੀ ਵਿਭਾਗ ਦੇ ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਵੱਲੋਂ ਠੋਸ ਯਤਨ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਟੀਮਾਂ ਨੂੰ ਜ਼ਿਲ੍ਹੇ ਵਿਚ ਸ਼ਰਾਬ ਦੀ ਤਸਕਰੀ ਤੇ ਨਾਜਾਇਜ਼ ਕਾਰੋਬਾਰ ਅਤੇ ਸ਼ਰਾਬ ਦੀਆਂ ਨਾਜਾਇਜ਼ ਭੱਠੀਆਂ, ਜੇ ਕੋਈ ਹਨ ਤਾਂ ਇਸ ਦੀ ਕੁਸ਼ਲਤਾ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਸਮੂਹਿਕ ਤੌਰ ‘ਤੇ ਕੰਮ ਕਰਨਾ ਚਾਹੀਦਾ ਹੈ ।ਡਿਪਟੀ ਕਮਿਸ਼ਨਰ ਨੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਬਾਕਾਇਦਾ ਚੈਕਿੰਗ ਕਰਨ ਅਤੇ ਠੇਕੇਦਾਰਾਂ ਤੋਂ ਫੀਡਬੈਕ ਲੈਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਨਾਲ ਤਸਕਰਾਂ / ਸਪਲਾਇਰਾਂ/ਡਿਸਟਿਲਰਾਂ ਖਿਲਾਫ਼ ਲਗਾਤਾਰ ਅਤੇ ਕੇਂਦਰਿਤ ਕੋਸ਼ਿਸ਼ ਨੂੰ ਮਜ਼ਬੂਤੀ ਮਿਲੇਗੀ।ਇਸ ਮੌਕੇ ਐਸ.ਐਸ.ਪੀ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਤੋਂ ਇਲਾਵਾ ਆਬਕਾਰੀ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।