ਜਲੰਧਰ, 17 ਨਵੰਬਰ

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮੰਗਲਵਾਰ ਨੂੰ ਸਾਰੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਗ੍ਰੀਵਿਐਂਸ ਰਿਡਰੈਸਲ ਪੋਰਟਲ www.connect.Punjab.Gov.in ‘ਤੇ ਪ੍ਰਾਪਤ ਹੋਈਆਂ ਸਾਰੀਆਂ ਸ਼ਿਕਾਇਤਾਂ ਨੂੰ ਲੋਕਾਂ ਦੀ ਸੁਵਿਧਾ ਲਈ ਇਕ ਹਫ਼ਤੇ ਦੇ ਅੰਦਰ-ਅੰਦਰ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਇੱਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵੈੱਬ ਪੋਰਟਲ ਦਾ ਉਦੇਸ਼ ਇਸ ਵਨ-ਸਟੋਪ ਡਿਜੀਟਲ ਪਲੇਟਫਾਰਮ ‘ਤੇ ਸਾਰੇ ਵਿਭਾਗਾਂ ਦੇ ਨਾਲ ਜਲਦੀ ਤੋਂ ਜਲਦੀ ਨਾਗਰਿਕਾਂ ਦੇ ਸਮੁੱਚੇ ਮਸਲਿਆਂ ਨੂੰ ਹੱਲ ਕਰਨਾ ਹੈ।

ਥੋਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਪੋਰਟਲ ‘ਤੇ ਨਾਗਰਿਕ ਵੱਲੋਂ ਉਠਾਏ ਮੁੱਦਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਇਸ ਨਾਲ ਸਰਕਾਰ ਦੇ ਕੰਮਕਾਜ ‘ਤੇ ਉਨ੍ਹਾਂ ਦਾ ਭਰੋਸਾ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਮੁੱਦਿਆਂ ਨਾਲ ਨਜਿੱਠਣ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਨਹੀਂ ਹੋਣੀ ਚਾਹੀਦੀ ਨਹੀਂ ਤਾਂ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਹੁਣ ਤੱਕ ਪੋਰਟਲ ‘ਤੇ 122 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋਂ ਵਿਭਾਗਾਂ ਵੱਲੋਂ 93 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਪੈਂਡਿੰਗ ਸ਼ਿਕਾਇਤਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਸਿਖਲਾਈ ਵੀ ਦਿੱਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਵਿਚੋਂ ਕੋਈ ਵੀ ਸ਼ਿਕਾਇਤਾਂ ਦੇ ਹੱਲ ਸਬੰਧੀ ਬਹਾਨਾ ਨਹੀਂ ਬਣਾ ਸਕਦਾ। ਉਨ੍ਹਾਂ ਅਧਿਕਾਰੀਆਂ ਨੂੰ ਸਮਾਂ-ਸੀਮਾ ਦਾ ਸਖਤੀ ਨਾਲ ਪਾਲਣ ਕਰਨ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਡਿਜੀਟਲ ਮਾਧਿਅਮ ‘ਤੇ ਨਾਗਰਿਕਾਂ ਦੀਆਂ ਸਾਰੀਆਂ ਸ਼ਿਕਾਇਤਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਸਰਵਉੱਚ ਪਹਿਲ ਦੇਣ ਲਈ ਵਚਨਬੱਧ ਹੈ।

ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਨਵੇਂ ਪੋਰਟਲ ‘ਤੇ ਕਿਸੇ ਕਿਸਮ ਦੀ ਸ਼ਿਕਾਇਤ ਦਰਜ ਕਰ ਸਕਦੇ ਹਨ ।

ਥੋਰੀ ਨੇ ਕਿਹਾ ਕਿ ਉਹ ਹਰ ਸ਼ੁੱਕਰਵਾਰ ਸ਼ਿਕਾਇਤਾਂ ਦੀ ਸਥਿਤੀ ਦੀ ਸਮੀਖਿਆ ਕਰਨਗੇ ਤਾਂ ਜੋ ਲੋਕਾਂ ਨੂੰ ਸਰਕਾਰੀ ਵਿਭਾਗਾਂ ਵਿੱਚ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।