ਜਲੰਧਰ, 20 ਅਗਸਤ

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਨਵੀਨ ਸਿੰਗਲਾ ਵੱਲੋਂ ਸ਼ੁੱਕਰਵਾਰ ਸ਼ਾਮ ਨੂੰ ਪਰਾਗਪੁਰ ਨੇੜੇ ਨੈਸ਼ਨਲ ਹਾਈਵੇ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਅਤੇ ਯੂਨੀਅਨ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਆਪਣਾ ਧਰਨਾ ਰਾਸ਼ਟਰੀ ਮਾਰਗ ਤੋਂ ਚੁੱਕਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਡੇ ਜਨਤਕ ਹਿੱਤਾਂ ਵਿੱਚ ਨਿਰਵਿਘਨ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਦੇ ਮੱਦੇਨਜ਼ਰ ਰਾਜ ਸਰਕਾਰ ਵੱਲੋਂ ਪਹਿਲਾਂ ਹੀ ਗੰਨੇ ਦੇ ਫ਼ਸਲ ਦੀ ਸਟੇਟ ਅਪਰੂਵਡ ਪ੍ਰਾਈਜ਼ (ਐਸ.ਏ.ਪੀ.) ਨੂੰ 310 ਤੋਂ ਵਧਾ ਕੇ 325 ਕਰ ਦਿੱਤਾ ਗਿਆ ਹੈ, ਹਾਲਾਂਕਿ, ਕਿਸਾਨਾਂ ਨੇ ਐਸ.ਏ.ਪੀ. ਵਿੱਚ ਹੋਰ ਵਾਧੇ ਦੀ ਮੰਗ ਕੀਤੀ। ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਸਾਨਾਂ ਨੂੰ ਜਾਣੂੰ ਕਰਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਦੇ ਉੱਚ ਅਧਿਕਾਰੀਆਂ ਪਾਸ ਉਠਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।