ਜਲੰਧਰ: ਡਿਪਟੀ ਕਮਿਸਨਰ ਪੁਲਿਸ ਜਲੰਧਰ ਸ੍ਰੀ ਬਲਕਾਰ ਸਿੰਘ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੀਆਂ ਵਾਹਨ ਖੜ੍ਹੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ,ਹਸਪਤਾਲ, ਭੀੜ ਵਾਲੇ ਬਜਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ ) ’ਤੇ ਸੀ.ਸੀ.ਟੀ.ਵੀ.ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ। ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ.ਸੀ.ਟੀ.ਵੀ.ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ/ਬਾਹਰ ਆਉਂਦਾ-ਜਾਂਦਾ ਹੈ ਉਸ ਦੀ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚੇਹਰਾ ਸਾਫ਼ ਨਜ਼ਰ ਆਵੇ ਅਤੇ ਇਸ ਸਬੰਧੀ ਲਗਾਏ ਗਏ ਸੀ.ਸੀ.ਟੀ.ਵੀ.ਕੈਮਰੇ ਦੀ 45 ਦਿਨ ਦੀ ਰਿਕਾਰਡਿੰਗ ਦੀ ਸੀ.ਡੀ.ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਉਰਟੀ ਬ੍ਰਾਂਚ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿੱਚ ਜਮ੍ਹਾਂ ਕਰਵਾਈ ਜਾਵੇ ਅਤੇ ਵਾਹਨ ਪਾਰਕ ਕਰਨ ਵਾਲੇ ਵਾਹਨ ਮਾਲਕਾਂ ਦਾ ਰਿਕਾਰਡ ਜੇਕਰ ਵਾਹਨ ਇੱਕ ਦਿਨ ਲਈ ਖੜ੍ਹਾ ਕਰਨਾ ਹੋਵੇ ਤਾਂ ਰਜਿਸਟਰ ਵਿੱਚ ਉਸ ਦਾ ਅੰਦਰਾਜ ਵਾਹਨ ਮਾਲਕ ਦਾ ਨਾਮ ,ਮੋਬਾਇਲ ਨੰਬਰ, ਵਾਹਨ ਦੀ ਕਿਸਮ, ਰਜਿਸਟਰੇਸ਼ਨ ਨੰਬਰ, ਚੈਸੀ ਨੰਬਰ,ਇੰਜਣ ਨੰਬਰ, ਵਾਹਨ ਪਾਰਕ ਕਰਨ ਦੀ ਮਿਤੀ ਅਤੇ ਵਾਹਨ ਵਾਪਿਸ ਲੈਣ ਦੀ ਮਿਤੀ ਦਰਜ ਕਰਨ ਤੋਂ ਇਲਾਵਾ ਵਾਹਨ ਮਾਲਕ ਦੇ ਰਜਿਸਟਰ ਉਪਰ ਦਸਤਖਤ ਕਰਵਾਏ ਜਾਣ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਵਾਹਨ ਇੱਕ ਦਿਨ ਤੋਂ ਵੱਧ ਸਮੇਂ ਲਈ ਖੜ੍ਹਾ ਕਰਨਾ ਹੋਵੇ ਤਾਂ ਉਸ ਦਾ ਅੰਦਰਾਜ ਰਜਿਸਟਰ ਵਿੱਚ ਉਕਤ ਅਨੁਸਾਰ ਕਰਕੇ ਵਾਹਨ ਮਾਲਕ ਵਲੋਂ ਵਾਹਨ ਦੇ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਇਸੰਸ ਦੀ ਫੋਟੋ ਕਾਪੀ ਲੈ ਕੇ ਬਤੌਰ ਰਿਕਾਰਡ ਰੱਖਿਆ ਜਾਵੇ ਅਤੇ ਇਸ ਤੋਂ ਇਲਾਵਾ ਪਾਰਕਿੰਗ ਦੀਆਂ ਥਾਵਾਂ ’ਤੇ ਕੰਮ ਕਰ ਰਹੇ ਵਿਅਕਤੀਆਂ ਦੀ ਪੁਲਿਸ ਵੈਰੀਫਿਕੇਸ਼ਨ ਸਬੰਧਿਤ ਥਾਣਾਂ ਤੋਂ ਕਰਵਾਈ ਜਾਵੇ। ਉਪਰੋਕਤ ਇਹ ਹੁਕਮ 21.04.2020 ਤੱਕ ਲਾਗੂ ਰਹੇਗਾ।