ਜਲੰਧਰ 27 ਅਗਸਤ 2020
ਜ਼ਿਲ੍ਹੇ ਵਿੱਚ ਵਾਤਾਵਰਣ ਨੂੰ ਸਾਫ਼ ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਤੋਂ ਇਲਾਵਾ ਸੀਵਰੇਜ ਦੇ ਪਾਣੀ ਨੂੰ ਚੰਗੀ ਤਰ੍ਹਾਂ ਸਾਫ਼ ਕਰਕੇ ਸਿੰਚਾਈ ਲਈ ਵਰਤਣ ਨੂੰ ਯਕੀਨੀ ਬਣਾਉਣ ਲਈ ਜਲੰਧਰ ਵਿੱਚ ਨੌ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ ਲੱਗਣਗੇ , ਜਿਸ ਵਿੱਚ ਇਕ ਨਗਰ ਨਿਗਮ ਦੀ ਹਦੂਦ ਅੰਦਰ, ਸੱਤ ਹੋਰ ਨਗਰ ਕੌਂਸਲਾਂ /ਨਗਰ ਪੰਚਾਇਤਾਂ ਅਤੇ ਇਕ ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਫੋਕਲ ਪੁਆਇੰਟ ਵਿਖੇ ਲਗਾਇਆ ਜਾਵੇਗਾ।ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਨਗਰ ਨਿਗਮ ਜਲੰਧਰ ਵਲੋਂ ਫੋਲੜੀਵਾਲ ਵਿਖੇ 50 ਐਮ.ਐਲ.ਡੀ. ਸਵੀਰੇਜ ਟਰੀਟਮੈਂਟ ਪਲਾਂਟ ਦੇ ਕੰਮ ਨੂੰ ਸ਼ੁਰੂ ਕਰਨ ਦੇ ਆਦੇਸ਼ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਭੋਗਪੁਰ, ਕਰਤਾਰਪੁਰ, ਆਦਮਪੁਰ ਅਤੇ ਨਗਰ ਪੰਚਾਇਤ ਗੋਰਾਇਆ ਵਿਖੇ ਚਾਰ ਸੀਵਰੇਜ ਟਰੀਟਮੈਂਟਾਂ ਪਲਾਂਟਾ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ,ਜਿਸ ਲਈ ਟੈਂਡਰ ਮੰਗੇ ਜਾ ਰਹੇ ਹਨ। ਥੋਰੀ ਨੇ ਦੱਸਿਆ ਕਿ ਨਗਰ ਪੰਚਾਇਤ ਬਿਲਗਾ, ਨਗਰ ਕੌਂਸਲ ਮਹਿਤਪੁਰ ਅਤੇ ਨਗਰ ਕੌਂਸਲ ਅਲਾਵਲਪੁਰ ਵਿਖੇ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ ਲਗਾਏ ਜਾਣਗੇ ਅਤੇ ਜ਼ਮੀਨ ਲਈ ਸਰਵੇ ਸ਼ੁਰੂ ਕੀਤਾ ਜਾ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਵਲੋਂ ਫੋਕਲ ਪੁਆਇੰਟ ਵਿਖੇ ਵੀ ਸੀਵਰੇਜ ਟਰੀਟਮੈਂਟ ਪਲਾਂਟ ਲਗਾਇਆ ਜਾਵੇਗਾ। ਥੋਰੀ ਨੇ ਦੱਸਿਆ ਕਿ ਨਗਰ ਨਗਮ ਵਲੋਂ ਫੋਲੜੀਵਾਲ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਨੂੰ 100 ਐਮ.ਐਲ.ਡੀ. ਤੱਕ ਮੁੜ ਸਥਾਪਿਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ,ਜਿਸ ’ਤੇ ਕੰਮ ਜਲਦ ਸ਼ੁਰੂ ਹੋ ਜਾਵੇਗਾ। ਥੋਰੀ ਨੇ ਦੱਸਿਆ ਕਿ ਸਬੰਧਿਤ ਖੇਤਰਾਂ ਦੀ ਸੀਵਰੇਜ ਦੀ ਸਮੱਸਿਆ ਦੇ ਹੱਲ ਨਾਲ,ਇਹ ਜ਼ਿਲ੍ਹੇ ਨੂੰ ਸਾਫ਼ ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਾਰਾ ਕੰਮ ਜਿੰਨੀ ਜਲਦੀ ਹੋ ਸਕੇ ਮੁਕੰਮਲ ਕਰਨ ਦੀ ਲੋੜ ਹੈ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਇਸ ਤਰ੍ਹਾਂ ਦੀ ਵਿਆਪਕ ਰਣਨੀਤੀ ਤਿਆਰ ਕੀਤੀ ਜਾਵੇ ਕਿ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਸਕੇ।ਥੋਰੀ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਸੁਚਾਰੂ ਢੰਗ ਨਾਲ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਵਲੋਂ ਇਸ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਸੁਰੱਖਿਅਤ ਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦਿੱਤਾ ਜਾਵੇ। ਥੋਰੀ ਨੇ ਦੁਹਰਾਇਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਅਤੇ ਜ਼ਿਲ੍ਹਾ ਵਾਸੀਆਂ ਦੀ ਖੁਸਹਾਲੀ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਹਰਚਰਨ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਕੁਲਦੀਪ ਸਿੰਘ, ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਜਤਿਨ ਵਾਸੂਦੇਵਾ , ਡੀ.ਐਸ.ਪੀ. ਸਰਬਜੀਤ ਰਾਏ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।