ਜਲੰਧਰ 29 ਅਕਤੂਬਰ 2020

ਡਿਪਟੀ ਕਮਿਸ਼ਨਰ ਜਲੰਧਰ  ਘਨਸ਼ਿਆਮ ਥੋਰੀ ਨੇ ਸਿੱਖਿਆ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਵਿਦਿਅਰਥੀਆਂ ਨੂੰ ਅਵਾਜਾਈ ਸਬੰਧੀ ਆਨਲਾਈਨ ਸਿੱਖਿਆ ਮੁਹੱਈਆ ਕਰਵਾਉਣ ਦੇ ਪ੍ਰਬੰਧ ਕੀਤੇ ਜਾਣ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਤੱਕ ਸਕੂਲਾਂ ਵਿੱਚ ਕਲਾਸਾਂ ਦੁਬਾਰਾ ਆਮ ਵਾਂਗ ਸ਼ੁਰੂ ਨਹੀਂ ਹੋ ਜਾਂਦੀਆਂ ਉਦੋਂ ਤੱਕ ਬੱਚਿਆਂ ਅਤੇ ਮਾਪਿਆਂ ਨੂੰ ਘੱਟ ਉਮਰ ’ਤੇ ਡਰਾਇਵਿੰਗ ਕਰਨ ਵਿਰੁੱਧ ਆਨਲਾਈਨ ਜ਼ਰੀਏ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਸ਼ਹਿਰ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਇਕ ਕਮੇਟੀ ਮੈਂਬਰ ਵਲੋਂ ਉਠਾਏ ਗਏ ਮੁੱਦੇ ਦਾ ਤੁਰੰਤ ਜਵਾਬ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭੀੜ ਭੜੱਕੇ ਵਾਲੇ ਬਜ਼ਾਰਾਂ ਵਿੱਚ ਗੈਰ ਕਾਨੂੰਨੀ ਢੰਗ ਨਾਲ ਪਟਾਕਿਆਂ ਦੀ ਵਿਕਰੀ ਕਰਨ ਵਾਲੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ।ਓਵਰ ਲੋਡਿਡ ਵਾਹਨਾਂ ਵੱਲ ਇਸ਼ਾਰਾ ਕਰਦਿਆਂ  ਥੋਰੀ ਨੇ ਪੁਲਿਸ ਅਤੇ ਅਵਾਜਾਈ ਵਿਭਾਗ ਨੂੰ ਕਿਹਾ ਕਿ ਸ਼ਹਿਰ ਵਿੱਚ ਗਲਤ ਢੰਗ ਨਾਲ ਦਾਖਲ ਹੋਣ ਵਾਲੇ ਓਵਰ ਲੋਡਿਡ ਵਾਹਨਾਂ ਦੀ ਰੋਕਥਾਮ ਲਈ ਵਿਆਪਕ ਮੁਹਿੰਮ ਚਲਾਈ ਜਾਵੇ। ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਕਈ ਓਵਰ ਲੋਡਿਡ ਵਾਹਨਾਂ ਨੂੰ ਜ਼ਬਤ ਕਰਨ ਤੋਂ ਇਲਾਵਾ 50 ਤੋਂ ਵੱਧ ਵਾਹਨਾਂ ਦੇ ਚਲਾਨ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਓਵਰ ਲੋਡਿਡ ਵਾਹਨਾਂ ਖਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਕਮੇਟੀ ਮੈਂਬਰਾਂ ਵਲੋਂ ਸ਼ਹਿਰ ਵਿੱਚ ਅਵਾਜਾਈ ਦੀ ਸਮੱਸਿਆ ਅਤੇ ਸੜਕ ਸੁਰੱਖਿਆ ਨਿਯਮਾਂ ਸਬੰਧੀ ਬਹੁਤ ਸਾਰੇ ਮੁੱਦਿਆਂ ਨੂੰ ਉਠਾਉਂਦਿਆਂ ਮੁੱਖ ਸੜਕਾਂ ’ਤੇ ਪੈਦਲ ਚੱਲਣ ਵਾਲਿਆ ਲਈ ਜੈਬਰਾ ਕਰਾਸਿੰਗ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਵਿੱਚ 28 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਸੜਕਾਂ ਦਾ ਨਿਰਮਾਣ ਕਾਰਜ ਪ੍ਰਗਤੀ ਅਧੀਨ ਹੈ ਅਤੇ ਇਸ ਨੁੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।ਇਸ ਮੌਕੇ ਮੀਟਿੰਗ ਵਿੱਚ ਸੇਫ਼ ਸਕੀਮ ਵਾਹਨ ਨੀਤੀ, ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਕਾਰਵਾਈ, ਅਵਾਜਾਈ ਨੂੰ ਸਚਾਰੂ ਢੰਗ ਨਾਲ ਜਾਰੀ ਰੱਖਣ ਲਈ ਸੜਕਾਂ ਤੋਂ ਨਜ਼ਾਇਜ ਕਬਜ਼ੇ ਹਟਾਉਣ, ਸੜਕਾਂ ਦੀ ਮੁਰੰਮਤ, ਸੁਰੱਖਿਅਤ ਡਰਾਇਵਿੰਗ ਲਈ ਜਾਗਰੂਕਤਾ ਮੁਹਿੰਮ, ਪੁਲਿਸ ਕਰਮੀਆਂ ਦੀ ਸਿਖਲਾਈ, ਸਿਵਲ ਹਸਪਤਾਲ ਵਿਖੇ ਲੋੜੀਂਦਾ ਸਾਜ਼ੋ ਸਮਾਨ ਅਤੇ ਐਂਬੂਲੈਂਸ ਦੀ ਉਪਲਬੱਧਤਾ ਸਬੰਧੀ ਕਈ ਤਰ੍ਹਾਂ ਦੇ ਮੁੱਦਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਬਰਜਿੰਦਰ ਸਿੰਘ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਗੌਤਮ ਜੈਨ, ਡਾ.ਵਿਨੀਤ ਕੁਮਾਰ, ਡਾ.ਸੰਜੀਵ ਸ਼ਰਮਾ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸ਼ਾਇਰੀ ਮਲਹੋਤਰਾ ਅਤੇ ਹੋਰ ਵੀ ਹਾਜ਼ਰ ਸਨ।