ਜਲੰਧਰ : ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਹਿਰ ਵਾਸੀਆਂ ਨੂੰ ਸੱਦਾ ਦਿੱਤਾ ਕਿ ਮਾਣਯੋਗ ਅਦਾਲਤ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਰਾਤ 10 ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰਾਂ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੱਖ ਵੱਖ ਲਾਊਡ ਸਪੀਕਰ ਕਿਰਾਏ ’ਤੇ ਦੇਣ ਵਾਲਿਆਂ, ਸੰਸਥਾਵਾਂ ਜੋ ਕਿ ਲਾਊਡ ਸਪੀਕਰਾਂ ਦੀ ਵਰਤੋਂ ਕਰਦੀਆਂ ਹਨ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਣਯੋਗ ਅਦਾਲਤ ਦੀਆਂ ਹਦਾਇਤਾਂ ਅਨੁਸਾਰ ਮਨਾਹੀ ਵਾਲੇ ਸਮੇਂ ਦੌਰਾਨ ਲਾਊਡ ਸਪੀਕਰਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਅਵਾਜ਼ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ ਹੀ ਆਮ ਲੋਕਾਂ ਨੂੰ ਲਾਊਡ ਸਪੀਕਰਾਂ ਦੀ ਵਰਤੋਂ ਨਾਲ ਹੁੰਦੀ ਪਰੇਸ਼ਾਨੀ ਤੋਂ ਬਚਾਇਆ ਜਾਵੇ। ਉਨ੍ਹਾਂ ਕਿਹਾ ਕਿ ਅਵਾਜ਼ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ ਹੈ ਇਸ ਲਈ ਇਸ ਨੂੰ ਤੁਰੰਤ ਰੋਕਣ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਨਾਹੀ ਵਾਲੇ ਸਮੇਂ ਤੋਂ ਇਲਾਵਾ ਜੇਕਰ ਸਾਊਂਡ/ਲਾਊਡ ਸਪੀਕਰਾਂ ਦੀ ਵਰਤੋਂ ਕਰਨੀ ਹੋਵੇ ਤਾਂ ਜਨਤਕ ਥਾਵਾਂ ’ਤੇ ਇਸ ਦੀ ਅਵਾਜ਼ 10 ਡੈਸੀਬਲ ਅਤੇ ਨਿੱਜੀ ਥਾਵਾਂ ’ਤੇ 5 ਡੈਸੀਬਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਵਾਜ਼ ਪ੍ਰਦੂਸ਼ਣ ਨੂੰ ਰੋਕਣ ਸਬੰਧੀ ਨਿਯਮਾਂ ਦੀ ਉਲੰਘਣਾ ਹੋਈ ਤਾਂ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਵਾਜ਼ ਪ੍ਰਦੂਸ਼ਣ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਫੌਜ਼ਦਾਰੀ ਸੰਘਤਾ ਦੀ ਧਾਰਾ 144 ਅਤੇ ਭਾਰਤੀ ਦੰਡਾਵਲੀ 188 ਅਧੀਨ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਕਿਹਾ ਕਿ ਅਵਾਜ਼ ਪ੍ਰਦੂਸ਼ਣ ਦੀ ਰੋਕਥਾਮ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਇਸੇ ਤਰ੍ਹਾਂ ਉਨਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਐਸ.ਐਚ.ਓ. ਪੱਧਰ ਤੱਕ ਨਿਯਮਤ ਮੀਟਿੰਗਾਂ ਕਰਕੇ ਲੋਕਾਂ ਨੂੰ ਅਵਾਜ਼ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਜਾਵੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਅਵਾਜ਼ ਪ੍ਰਦੂਸ਼ਣ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਅਰੁਣ ਸੈਣੀ, ਸਬ ਡਵੀਜ਼ਨਲ ਮੈਜਿਸਟਰੇਟ ਅਮਿਤ ਕੁਮਾਰ, ਰਾਹੁਲ ਸਿੰਧੂ ਅਤੇ ਵਿਨੀਤ ਕੁਮਾਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।