ਜਲੰਧਰ, 8 ਅਕਤੂਬਰ

               ਜ਼ਿਲ੍ਹੇ ਦੇ ਹਾਈਵੇ ਪ੍ਰਾਜੈਕਟਾਂ ਨੂੰ ਨਿਰਧਾਰਤ ਸਮਾਂ ਹੱਦ ਵਿੱਚ ਮੁਕੰਮਲ ਕਰਨ ਦੀ ਵਚਨਬੱਧਤਾ ਨਾਲ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਚਾਰੇ ਹਾਈਵੇ ਪ੍ਰਾਜੈਕਟਾਂ ਦੇ ਪੈਂਡਿੰਗ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

               ਮੁੱਖ ਸਕੱਤਰ ਵਿੰਨੀ ਮਹਾਜਨ ਦੀ ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸਮੀਖਿਆ ਬੈਠਕ ਵਿਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਜਲੰਧਰ-ਹੁਸ਼ਿਆਰਪੁਰ ਚਹੁੰ ਮਾਰਗੀ ਪ੍ਰਾਜੈਕਟ, ਪਾਣੀਪਤ-ਜਲੰਧਰ ਛੇ ਮਾਰਗੀ ਪ੍ਰਾਜੈਕਟ, ਦਿੱਲੀ-ਕੱਟੜਾ ਐਕਸਪ੍ਰੈਸ ਵੇ ਅਤੇ ਦਿੱਲੀ-ਕੱਟੜਾ ਐਕਸਪ੍ਰੈਸ-ਵੇ ਅੰਮ੍ਰਿਤਸਰ ਕਨੈਕਟੀਵਿਟੀ ਪ੍ਰੋਜੈਕਟ ਸਮੇਤ ਜਲੰਧਰ ਵਿਚ ਚੱਲ ਰਹੇ ਸਾਰੇ ਰਾਜਮਾਰਗੀ ਪ੍ਰਾਜੈਕਟਾਂ ਦੀ ਤਾਜ਼ਾ ਸਥਿਤੀ ਤੋਂ ਜਾਣੂ ਕਰਵਾਇਆ।

               ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਮੀਨ ਐਕਵਾਇਰ ਕਰਨ, ਜ਼ਮੀਨਾਂ ਦੇ ਮਾਲਕਾਂ ਨੂੰ ਮੁਆਵਜ਼ੇ ਦੀ ਅਦਾਇਗੀ, ਹਾਈਵੇਅ ਅਥਾਰਟੀ ਨੂੰ ਜ਼ਮੀਨ ਦੇ ਤਬਾਦਲੇ ਨਾਲ ਜੁੜੇ ਕੰਮ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੇ ਹਨ ਅਤੇ ਇਹ ਕਾਰਜ ਇਕ ਨਿਸ਼ਚਤ ਮਿਆਦ ਵਿੱਚ ਮੁਕੰਮਲ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਸਾਰੇ ਰਾਜਮਾਰਗ ਪ੍ਰਾਜੈਕਟਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਕਿਉਂਕਿ ਇਹ ਹਾਈਵੇ ਟ੍ਰੈਫਿਕ ਸਮੱਸਿਆਵਾਂ ਨੂੰ ਹੱਲ ਕਰਨਗੇ ਅਤੇ ਲੋਕਾਂ ਨੂੰ ਹੋਰ ਜ਼ਿਲ੍ਹਿਆਂ ਵਿੱਚ ਤੇਜ਼ੀ ਨਾਲ ਪਹੁੰਚ ਪ੍ਰਦਾਨ ਕਰਵਾਉਣਗੇ। ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਨਾਲ ਸਬੰਧਤ ਸਾਰੇ ਬਕਾਇਆ ਕਾਰਜਾਂ ਨੂੰ ਨਿਪਟਾਉਣ ਦੇ ਨਿਰਦੇਸ਼ ਦਿੱਤੇ।

               ਡਿਪਟੀ ਕਮਿਸ਼ਨਰ ਨੇ ਜ਼ਮੀਨ ਐਕਵਾਇਰ ਕਰਨ ਸਬੰਧੀ ਵੱਖ-ਵੱਖ ਸਮਰੱਥ ਅਥਾਰਟੀਜ਼ (ਸੀਏਐਲਏ) ਨੂੰ ਮੌਕੇ ‘ਤੇ ਨਿਰਦੇਸ਼ਾਂ ‘ਤੇ ਜਾਰੀ ਕੀਤਾ ਕਿ ਉਹ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਸਬੰਧੀ ਕਿਸੇ ਵੀ ਤਰ੍ਹਾਂ ਦੇ ਪੈਂਡਿੰਗ ਕੰਮ ਨੂੰ ਨਿਪਟਾਉ ਲਈ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨਾਲ ਸਾਂਝੇ ਤੌਰ ‘ਤੇ ਦੌਰਾ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਕੋਦਰ, ਫਿਲੌਰ ਅਤੇ ਜਲੰਧਰ -2 ਸਬ ਡਵੀਜ਼ਨਾਂ ਵਿੱਚ ਪੈਂਦੇ ਬਹੁਤੇ ਪਿੰਡਾਂ ਦੀ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਵਾਸਤੇ 3 (ਡੀ) ਨੋਟੀਫਿਕੇਸ਼ਨ ਲਈ ਤਸਦੀਕ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਆਖਿਰੀ ਨੋਟੀਫਿਕੇਸ਼ਨ ਕੀਤਾ ਜਾਵੇਗਾ।

               ਇਸ ਮੌਕੇ ਐਸਡੀਐਮ ਡਾ. ਜੈਇੰਦਰ ਸਿੰਘ, ਐਸਡੀਐਮ ਰਾਹੁਲ ਸਿੰਧੂ, ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ ਅਤੇ ਹੋਰ ਮੌਜੂਦ ਸਨ।