ਜਲੰਧਰ :- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ੁੱਕਰਵਾਰ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੇ ਜਸ਼ਨਾਂ ਦੀ ਫੁੱਲ ਡਰੈੱਸ ਰਿਹਰਸਲ ਵਿੱਚ ਸ਼ਿਰਕਤ ਕੀਤੀ। ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਕਮਾਂਡਰ ਨੌਜਵਾਨ ਆਈਪੀਐਸ ਅਧਿਕਾਰੀ ਜਯੋਤੀ ਯਾਦਵ ਦੀ ਅਗਵਾਈ ਵਾਲੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਡਿਪਟੀ ਕਮਿਸ਼ਨਰ ਨੇ ਇਸ ਮਹੱਤਵਪੂਰਨ ਸਮਾਗਮ, ਜਿਸ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਤਿਰੰਗ ਲਹਿਰਾਉਣਗੇ, ਦੀਆਂ ਪੁਖ਼ਤਾ ਤਿਆਰੀਆਂ ਸੰਬੰਧੀ ਫੋਰਸਾਂ ਅਤੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ।

ਥੋਰੀ ਨੇ ਇਸ ਮੈਗਾ ਸਮਾਗਮ ਨੂੰ ਬੇਮਿਸਾਲ ਤਰੀਕੇ ਨਾਲ ਮਨਾਉਣ ਲਈ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਕਿ ਇਸ ਸ਼ੁਭ ਦਿਵਸ ਨੂੰ ਪੂਰੀ ਦੇਸ਼ ਭਗਤੀ ਅਤੇ ਰਾਸ਼ਟਰਵਾਦੀ ਜੋਸ਼ ਨਾਲ ਮਨਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਮਾਗਮ ਸੰਬੰਧੀ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ ਗਈਆਂ ਹਨ ਅਤੇ ਡਿਊਟੀ ਵਿਚ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।

ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ 72ਵਾਂ ਗਣਤੰਤਰ ਦਿਵਸ ਸਮਾਰੋਹ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਸਾਦੇ ਢੰਗ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਵਾਰ ਇਕੱਠ ਸੀਮਤ ਹੋਵੇਗਾ ਅਤੇ ਸਮਾਗਮ ਸਾਦਗੀ ਨਾਲ ਮਨਾਇਆ ਜਾਵੇਗਾ। ਇਸ ਮੌਕੇ ਡੀਸੀਪੀ ਅਰੁਣ ਸੈਣੀ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਰਾਹੁਲ ਸਿੰਧੂ ਤੇ ਡਾ. ਜੈ ਇੰਦਰ ਸਿੰਘ, ਸਹਾਇਕ ਕਮਿਸ਼ਨਰ ਹਰਦੀਪ ਸਿੰਘ ਅਤੇ ਹੋਰ ਹਾਜ਼ਰ ਸਨ।