ਜਲੰਧਰ : ਜਲੰਧਰ ਜਿਲ੍ਹੇ ਅੰਦਰ ਮਾਸਕ ਅਤੇ ਸੈਨੇਟਾਈਜ਼ਰ ਦੀ ਨਕਲੀ ਥੁੜ੍ਹ ਨੂੰ ਪੈਦਾ ਕਰਨ ਤੋਂ ਰੋਕਣ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਦੁਕਾਨਦਾਰਾਂ ਤੇ ਮੈਡੀਕਲ ਸਟੋਰ ਮਾਲਕਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਮਾਸਕ ਅਤੇ ਸੈਨੇਟਾਈਜ਼ਰ ਦੀ ਗਿਣਤੀ ਅਤੇ ਕੀਮਤ ਸਬੰਧੀ ਦੁਕਾਨ ਦੇ ਬਾਹਰ ਬੋਰਡ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ।

ਇਸ ਸਬੰਧੀ ਫੈਸਲਾ ਡਵੀਜ਼ਨਲ ਕਮਿਸ਼ਨਰ ਸ਼੍ਰੀ ਰਾਜ ਕਮਲ ਚੌਧਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਇਸ ਵਿਚ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਨਵਜੋਤ ਸਿੰਘ ਮਾਹਲ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਕਿ ਵੱਖੋ ਵੱਖ ਟੀਮਾਂ ਦਾ ਗਠਨ ਕਰਕੇ 24 ਘੰਟਿਆਂ ਦੇ ਅੰਦਰ-ਅੰਦਰ ਇਹਨ੍ਹਾਂ ਦਿਸ਼ਾ ਨਿਰਦੇਸ਼ਾਂ ਨੂੰ ਯਕੀਨੀ ਬਣਾਇਆ ਜਾਵੇ। ਅਧਿਕਾਰੀਆਂ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮਾਸਕ ਅਤੇ ਸੈਨੇਟਾਈਜ਼ਰ ਨੂੰ ਜ਼ਰੂਰੀ ਵਲਤੂ ਘੋਸ਼ਿਤ ਕੀਤਾ ਗਿਆ ਹੈ ਅਤੇ ਇਨਾਂ ਦੀ ਬਣਾਵਟੀ ਕਿੱਲਤ ਪੈਦਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ਵਿੱਚ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਮੁਹਿੰਮ ਚਲਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ 20 ਤੋਂ ਜਿਆਦਾ ਵਿਅਕਤੀਆਂ ਦਾ ਇੱਕਠ ਨਾ ਹੋਣਾ ਯਕੀਨੀ ਬਣਾਇਆ ਜਾਵੇ। ਅਧਿਕਾਰੀਆਂ ਨੇ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਅਫ਼ਵਾਹਾ ਤੋਂ ਡਰਨ ਦੀ ਲੋੜ ਨਹੀਂ ਅਤੇ ਬਿਨ੍ਹਾਂ ਪੁਸ਼ਟੀ ਕੀਤੇ ਕਿਸੇ ਵੀ ਅਫਵਾਹ ’ਤੇ ਯਕੀਨ ਨਾ ਕੀਤਾ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜਸਬੀਰ ਸਿੰਘ, ਡੀ.ਸੀ.ਪੀ ਅਰੂਣ ਸੈਣੀ, ਏ.ਡੀ.ਸੀ.ਪੀ ਡੀ.ਸੁਡਰਵਿਜ਼ੀ, ਉਪਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਡਾ. ਜੈ ਇੰਦਰ ਸਿੰਘ, ਸਹਾਇਕ ਕਮਿਸ਼ਨਰ ਵਰਜੀਤ ਵਾਲੀਆਂ, ਜਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਨਰਿੰਦਰ ਸਿੰਘ, ਸਿਵਲ ਸਰਜਨ ਡਾ. ਗੁਰਿੰਦਰ ਚਾਵਲਾ, ਐਪੀਡੀਮੋਲੋਜਿਸਟ ਡਾ.ਸੋਭਨਾ ਅਤੇ ਹੋਰ ਵੀ ਹਾਜ਼ਰ ਸਨ।