ਜਲੰਧਰ 26 ਅਗਸਤ 2020

ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਨਾਗਰਿਕ ਸੇਵਾਵਾਂ ਸਮੇਂ ਸਿਰ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਲਈ ਕੀਤੇ ਗਏ ਅਣਥੱਕ ਯਤਨਾਂ ਨੇ ਕੇਂਦਰ ਸਰਕਾਰ ਦੇ ਧਿਆਨ ਨੂੰ ਆਪਣੇ ਵੱਲ ਖਿੱਚਿਆ ਹੈ, ਜਿਸ ਸਦਕਾ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਜਲੰਧਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਸੁਧਾਰ ਲਿਆ ਕੇ ਪ੍ਰਧਾਨ ਮੰਤਰੀ ਐਵਾਰਡ ਪ੍ਰਾਪਤ ਕਰਨ ਲਈ ਦੋ ਸਟੇਜਾਂ ਵਿੱਚ ਮੋਹਰੀ ਰਿਹਾ ਹੈ ।ਹੁਣ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੇਂਦਰ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੀ ਸਕਰੀਨਿੰਗ ਕਮੇਟੀ ਸਾਹਮਣੇ 28 ਅਗਸਤ ਨੂੰ ਵੈਬ ਅਧਾਰਿਤ ਪਾਵਰ ਪੁਆਇੰਟ ਪ੍ਰੈਜੇਂਟੇਸ਼ਨ ਦਿੱਤੀ ਜਾਵੇਗੀ।ਪੰਜਾਬ ਸਰਕਾਰ ਦੁਆਰਾ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਨਿਰਧਾਰਿਤ ਸਮੇਂ ਵਿੱਚ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਜ਼ਿਲ੍ਹਾ ਵਾਸੀਆਂ ਨੂੰ ਜੁਲਾਈ ਤੋਂ ਸੇਵਾਵਾਂ ਪ੍ਰਦਾਨ ਕਰਕੇ ਜ਼ਿਲ੍ਹਾ ਜਲੰਧਰ ਪੂਰੇ ਪੰਜਾਬ ਵਿੱਚ ਮੋਹਰੀ ਰਿਹਾ ਹੈ ਅਤੇ ਹੁਣ ਬਕਾਇਆ ਬਿਨੇਪੱਤਰਾਂ ਦੀ ਦਰ 0.08 ਪ੍ਰਤੀਸ਼ਤ ਹੈ।ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਦੀ ਸਖ਼ਤ ਮਿਹਨਤ ਅਤੇ ਲਗਨ ਦਾ ਜ਼ਿਕਰ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ  ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਮੁੱਚੀ ਟੀਮ ਦੇ ਅਣਥੱਕ ਯਤਨਾਂ ਨੂੰ ਕੌਮੀ ਪੱਧਰ ’ਤੇ ਪ੍ਰਸ਼ੰਸਾ ਕੀਤੀ ਗਈ ਹੈ। ਥੋਰੀ ਨੇ ਕਿਹਾ ਕਿ ਹੁਣ ਜ਼ਿਲ੍ਹਾ ਜਲੰਧਰ ਨਾਗਰਕਿ ਸੇਵਾਵਾਂ ਵਿੱਚ ਸੁਧਾਰ ਲਿਆਉਣ ਬਦਲੇ ਪ੍ਰਧਾਨ ਮੰਤਰੀ ਐਵਾਰਡ ਦੇ ਦੂਜੀ ਸਟੇਜ ਵਿੱਚ ਪਹੁੰਚ ਗਿਆ ਹੈ। ਥੋਰੀ ਨੇ ਦੱਸਿਆ ਕਿ ਇਹ ਸਭ ਸੇਵਾ ਕੇਂਦਰਾਂ ਦੀ ਲਗਾਤਾਰ ਨਿਗਰਾਨੀ ਕਰਨ ਕਰਕੇ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦੇ ਕੰਮ ਕਾਜ ਦੀ ਹਫ਼ਤਾਵਾਰੀ ਸਮੀਖਿਆ ਨਾਲ ਜ਼ਿਲ੍ਹਾ ਵਾਸੀਆਂ ਨੂੰ ਨਾਗਰਿਕ ਸੇਵਾਵਾਂ ਸੁਚਾਰੂ ਢੰਗ ਨਾਲ ਤੇ ਸਮੇਂ ਸਿਰ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ ਹੈ।ਥੋਰੀ ਨੇ ਦੱਸਿਆ ਕਿ ਸੇਵਾ ਕੇਂਦਰਾ ਵਲੋਂ 01 ਜਨਵਰੀ 2020 ਤੋਂ ਹੁਣ ਤੱਕ 3,011,19 ਬਿਨੈਪੱਤਰ ਵੱਖ-ਵੱਖ ਸੇਵਾਵਾਂ ਲਈ ਪ੍ਰਾਪਤ ਕੀਤੇ ਗਏ ਸਨ, ਜਿਸ ਵਿਚੋਂ ਹੁਣ ਤੱਕ ਕੇਵਲ 245 ਬਿਨੈਪੱਤਰ ਹੀ ਬਕਾਇਆ ਰਹਿ ਗਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਨਾਗਰਿਕਾਂ ਨੂੰ 200 ਪ੍ਰਕਾਰ ਦੀਆਂ ਸੇਵਾਵਾਂ ਇਕੋ ਛੱਤ ਹੇਠਾਂ ਮੁਹੱਈਆ ਕਰਵਾਉਣ ਲਈ ਸੇਵਾ ਕੋਂਦਰ ਖੋਲ੍ਹੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਲਈ ਨਾਗਰਿਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਥੋਰੀ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਲੋਂ ਨਾਗਰਿਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਜ਼ੀਰੋ ਟੋਲਰੇਂਸ ਪਾਲਿਸੀ ਨੂੰ ਅਪਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੇਵਾਵਾ ਕੇਂਦਰਾਂ ਵਲੋਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਪਾਈ ਗਈ ਅਣਗਹਿਲੀ ’ਤੇ ਸੇਵਾ ਕੇਂਦਰਾਂ ਦੀ ਪ੍ਰਬੰਧਕ ਕਮੇਟੀ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।ਥੋਰੀ ਨੇ ਉਪ ਮੰਡਲ ਮੈਜਿਸਟਰਟਾਂ ਨੂੰ ਵੀ ਕਿਹਾ ਕਿ ਜਨਤਕ ਹਿੱਤ ਨੂੰ ਮੁੱਖ ਰੱਖਦਿਆਂ ਸੇਵਾ ਕੇਂਦਰਾਂ ਦੀ ਕਾਰਜਪ੍ਰਣਾਲੀ ਦਾ ਨਿਯਮਤ ਤੌਰ ’ਤੇ ਜਾਇਜ਼ਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਆਪਣੇ ਪ੍ਰਸ਼ਾਸਕੀ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੇਵਾ ਕੇਂਦਰਾਂ ਵਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।