ਕੋਵਿਡ-19 ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਇਕੱਠ ਸਬੰਧੀ ਜਾਰੀ ਨਵੀਆਂ ਪਾਬੰਦੀਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ-19 ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਪੁਲਿਸ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਕਮਿਸ਼ਨਰ ਨੇ ਹਦਾਇਤਾਂ ਕੀਤੀਆਂ ਕਿ 19-19 ਪ੍ਰੋਟੋਕਾਲ ਦੀ ਉਲੰਘਣਾ ਜਿਸ ਵਿੱਚ ਮਾਸਕ ਨਾ ਪਹਿਨਣਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਸ਼ਾਮਿਲ ਹੈ ਦੀ ਉਲੰਘਣਾ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਵਲੋਂ ਸੂਬਾ ਸਰਕਾਰ ਵਲੋਂ ਅੰਦਰੂਨੀ ਅਤੇ ਬਾਹਰੀ ਇਕੱਠਾਂ ਬਾਰੇ ਜਾਰੀ ਦਿਸ਼ਾ ਨਿਰਦੇਸ਼ਾਂ ਤੋਂ ਪੁਲਿਸ ਅਧਿਕਾਰੀਆਂ ਨੂੰ ਜਾਣੂ ਕਰਵਾਇਆ । ਉਨ੍ਹਾਂ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਦਰੂਨੀ ਇਕੱਠ ਲਈ 100 ਅਤੇ ਬਾਹਰੀ ਇਕੱਠ ਲਈ 200 ਵਿਅਕਤੀਆਂ ਗਿਣਤੀ ਸੂਬਾ ਸਰਕਾਰ ਵਲੋਂ ਨਿਸ਼ਚਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਨਵੇਂ ਦਿਸ਼ਾ ਨਿਰਦੇਸ਼ ਪਹਿਲੀ ਮਾਰਚ 2021 ਤੋਂ ਅਗਲੇ ਹੁਕਮਾਂ ਤੱਕ ਲਾਗੂ ਹੋ ਜਾਣਗੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ।
ਪੁਲਿਸ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੁੂੰ ਕਿਹਾ ਕਿ ਸ਼ਹਿਰ ਵਿੱਚ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ, ਜਿਸ ਵਿੱਚ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਵਿਡ-19 ਵਾਇਰਸ ਨੁੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸੇ ਤਰ੍ਹਾਂ ਉਨ੍ਹਾਂ ਸਾਰੇ ਫੀਲਡ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਜੀਰੋ ਟੌਲਰੈਂਸ ਨੀਤੀ ਨੂੰ ਅਪਣਾਉਂਦੇ ਹੋਏ ਉਨਾ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਮੌਕੇ ਨਸ਼ਾ ਵਿਰੋਧੀ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜ ਦਿੱਤਾ ਜਾਵੇ।
ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਵਚਨਬੱਧਤਾ ਤਹਿਤ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਐਨ.ਡੀ.ਪੀ.ਐਸ.ਐਕਟ ਤਹਿਤ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜਬਤ ਕਰਨ ਦੀ ਪ੍ਰਕਿਰਿਆ ਨੂੰ ਤੇਜ ਕੀਤਾ ਜਾਵੇ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਅਧਿਕਾਰੀ ਆਪਣੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਪ੍ਰਕਾਰ ਦੀ ਨਸ਼ਾ ਸਮੱਗÇਲੰਗ ਦੀ ਕਾਰਵਾਈ ਲਈ ਜਵਾਬਦੇਹ ਹੋਣਗੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਨਸ਼ੇ ਦੇ ਕੇਸਾਂ ਵਿੱਚ ਵਿਸਥਾਰ ਨਾਲ ਜਾਂਚ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਸਮੱਗÇਲੰਗ ਦੇ ਆਦੀ ਲੋਕਾਂ ਦੀ ਪਹਿਚਾਣ ਕਰਕੇ ਕਾਨੂੰਨ ਅਨੁਸਾਰ ਉਨਾਂ ਖਿਲਾਫ਼ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਜਲੰਧਰ ਸ਼ਹਿਰ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਜਗਮੋਹਨ ਸਿੰਘ ਅਤੇ ਅਰੁਣ ਸੈਣੀ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਐਚ.ਐਸ.ਬੈਨੀਪਾਲ ਅਤੇ ਸਮੂਹ ਐਸ.ਐਚ.ਓ.ਹਾਜ਼ਰ ਸਨ।