ਕਰਤਾਰਪੁਰ,14 ਅਗਸਤ ( ) – ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਕੀਤੇ ਗਏ ਐਲਾਨ ਅਨੁਸਾਰ ਮਜ਼ਦੂਰ ਵਿਰੋਧੀ ਵਤੀਰੇ ਖਿਲਾਫ਼ ਅੱਜ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਆਏ ਹਲਕਾ ਐੱਮ.ਐੱਲ.ਏ. ਸੁਰਿੰਦਰ ਸਿੰਘ ਚੌਧਰੀ ਨੂੰ ਨੇੜਲੇ ਪਿੰਡ ਖੁਸਰੋਪੁਰ ਦੇ ਅੱਡੇ ਵਿਖੇ ਕਾਲੇ ਝੰਡੇ ਵਿਖਾਏ ਗਏ। ਜ਼ਿਕਰਯੋਗ ਹੈ ਕਿ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਉੱਤੇ 29 ਜੁਲਾਈ ਨੂੰ ਸਮਾਂ ਦੇ ਕੇ ਵੀ ਮਜ਼ਦੂਰ ਮੰਗਾਂ ਸੰਬੰਧੀ ਹਲਕਾ ਵਿਧਾਇਕ ਸਾਹਿਬ ਯਾਦ ਪੱਤਰ ਲੈਣ ਨਹੀਂ ਪੁੱਜੇ ਸਨ, ਕਾਂਗਰਸ ਪ੍ਰਧਾਨ ਸਿੱਧੂ ਦੀ ਸੇਵਾ ਵਿੱਚ ਲੱਗੇ ਰਹੇ।ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਮਸਲਿਆਂ ਦੇ ਹੱਲ ਲਈ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਚੋਣਾਂ ਦੌਰਾਨ ਢੇਰ ਸਾਰੇ ਵਾਅਦੇ ਕੀਤੇ ਗਏ ਸਨ। ਜਿਹਨਾਂ ਨੂੰ ਅੱਜ ਤੱਕ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਮੁੱਚਾ ਸਰਕਾਰੀ ਅਤੇ ਗੈਰ-ਸਰਕਾਰੀ ਕਰਜ਼ਾ ਮੁਆਫ਼ੀ, ਰਿਹਾਇਸ਼ੀ 5-5 ਮਰਲੇ ਦੇ ਪਲਾਟ,ਕੌ ਅਪ ਸੁਸਾਇਟੀਆਂ ਦੀ ਬਿਨ੍ਹਾਂ ਸ਼ਰਤ ਮੈਂਬਰਸ਼ਿਪ,ਘਰ ਘਰ ਸਰਕਾਰੀ ਨੌਕਰੀਆਂ, ਮਗਨਰੇਗਾ ਤਹਿਤ ਰੁਜ਼ਗਾਰ ਜਾਂ ਬੇਰੁਜ਼ਗਾਰੀ ਭੱਤਾ,ਕੱਚੇ ਮਕਾਨ ਪੱਕੇ ਕਰਨ, ਬਿਨ੍ਹਾਂ ਸ਼ਰਤ ਘਰੇਲੂ ਬਿਜਲੀ ਬਿੱਲ ਮੁਆਫ਼ ਕਰਨ ਤੇ ਕੱਟੇ ਬਿਜਲੀ ਕੁਨੈਕਸ਼ਨ ਚਾਲੂ ਕਰਨ,ਪੰਚਾਇਤੀ ਜ਼ਮੀਨਾਂ ਚੋਂ ਤੀਜੇ ਹਿੱਸੇ ਦਾ ਹੱਕ ਦਲਿਤਾਂ ਨੂੰ ਅਮਲ ਵਿੱਚ ਦੇਣ ਆਦਿ ਉੱਪਰ ਕੋਈ ਵੀ ਅਮਲ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਫਾਸ਼ੀਵਾਦੀ ਮੋਦੀ ਸਰਕਾਰ ਵਲੋਂ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਮਜ਼ਦੂਰ ਵਿਰੋਧੀ ਸੋਧਾਂ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਨਾ ਕਰਕੇ ਮਜ਼ਦੂਰਾਂ ਨਾਲ ਵਿਤਕਰਾ ਕਰਕੇ ਪਹਿਲੀਆਂ ਸਰਕਾਰਾਂ ਵਾਂਗ ਹੀ ਇਹ ਸਾਬਿਤ ਕਰ ਦਿੱਤਾ ਕਿ ਮੌਜੂਦਾ ਕਾਂਗਰਸ ਸਰਕਾਰ ਵੀ ਕਾਰਪੋਰੇਟ ਘਰਾਣਿਆਂ ਪੱਖੀ ਸਰਕਾਰ ਹੀ ਹੈ। ਉਨ੍ਹਾਂ ਕਿਹਾ ਕਿ ਪੰਜ ਸਾਲ ਡੱਕਾ ਤੋੜ ਕੇ ਦੂਹਰਾ ਨਹੀਂ ਕੀਤਾ ਗਿਆ ਅਤੇ ਹੁਣ ਅਗਲੀਆਂ ਆਉਣ ਵਾਲੀਆਂ ਚੋਣਾਂ ਲਈ ਪਿੰਡਾਂ ਨੂੰ ਰੁਖ਼ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਲੋਕ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਦੋਲਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹਨਾਂ ਚਿਰ ਅੰਦੋਲਨ ਚੱਲ ਰਿਹਾ ਉਹਨੀਂ ਦੇਰ ਵੋਟਾਂ ਖਾਤਰ ਪਿੰਡਾਂ ਵਿੱਚ ਆਉਣ ਵਾਲੇ ਸਿਆਸੀ ਪਾਰਟੀਆਂ ਆਗੂਆਂ ਨੂੰ ਪਿੰਡਾਂ ਵਿੱਚ ਆਉਣ ‘ਤੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।ਇਸ ਮੌਕੇ ਯੂਨੀਅਨ ਦੇ ਆਗੂ ਗੁਰਪ੍ਰੀਤ ਸਿੰਘ ਚੀਦਾ ਅਤੇ ਜਸਵੀਰ ਗੋਰਾ ਆਦਿ ਨੇ ਸੰਬੋਧਨ ਕੀਤਾ।