ਜਲੰਧਰ, 4 ਜੂਨ, (ਨਿਤਿਨ ):
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ ਮਜ਼ਦੂਰ ਮੰਗਾਂ ਮਸਲਿਆਂ ਦੇ ਹੱਲ ਲਈ ਸੰਗਰੂਰ ਸਥਿਤ ਮੁੱਖ ਮੰਤਰੀ ਦੇ ਘਰ ਅੱਗੇ ਲੱਗ ਰਹੇ ਧਰਨੇ ਮੁਜ਼ਾਹਰੇ ਵਿੱਚ ਪੰਜਾਬ ਦੇ 9 ਜ਼ਿਲਿਆਂ ਤੋਂ ਵੱਡੀ ਗਿਣਤੀ ਮਜ਼ਦੂਰਾਂ ਦੀ ਸ਼ਮੂਲੀਅਤ ਕਰਵਾਏਗੀ।
ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਵੱਖ ਵੱਖ ਜ਼ਿਲ੍ਹਿਆਂ ਫ਼ਰੀਦਕੋਟ,ਮੁਕਤਸਰ,ਮੋਗਾ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ,ਗੁਰਦਾਸਪੁਰ, ਕਪੂਰਥਲਾ ਅਤੇ ਜਲੰਧਰ ਚੋਂ ਸੂਬਾ ਦਫ਼ਤਰ ਤੇ ਪੁੱਜੀਆਂ ਰਿਪੋਰਟਾਂ ਅਨੁਸਾਰ ਇਹ ਜਾਣਕਾਰੀ ਦਿੱਤੀ। ਧਰਨੇ ਮੁਜ਼ਾਹਰੇ ਸੰਬੰਧੀ ਤਿਆਰੀਆਂ ਚੱਲ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਘਰ ਅੱਗੇ ਇਹ ਧਰਨਾ ਮੁਜ਼ਾਹਰਾ ਪੰਚਾਇਤੀ ਜ਼ਮੀਨਾਂ ਚੋਂ ਦਲਿਤਾਂ ਨੂੰ ਅਮਲ ਵਿੱਚ ਰਾਖਵੇਂ ਤੀਜੇ ਹਿੱਸੇ ਦਾ ਹੱਕ ਦਿਵਾਉਣ, ਲੋੜਵੰਦ ਲੋਕਾਂ ਨੂੰ ਰਿਹਾਇਸ਼ੀ ਪਲਾਟ,ਦਿਹਾੜੀ ਵਿੱਚ ਮਹਿੰਗਾਈ ਅਨੁਸਾਰ ਵਾਧਾ ਕਰਨ, ਮਗਨਰੇਗਾ ਤਹਿਤ ਲਗਾਤਾਰ ਰੁਜ਼ਗਾਰ ਦੇਣ,ਕਰਜ਼ਾ ਮੁਆਫ਼ੀ,ਸਮਾਜਿਕ ਜ਼ਬਰ ਬੰਦ ਕਰਵਾਉਣ ਅਤੇ ਸੰਘਰਸ਼ਾਂ ਦੌਰਾਨ ਦਰਜ ਮੁਕੱਦਮੇ ਰੱਦ ਕਰਨ ਵਰਗੇ ਮੰਗਾਂ ਮਸਲਿਆਂ ਦੇ ਹੱਲ ਲਈ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਮਨੂੰਵਾਦੀ,ਫਾਸ਼ੀਵਾਦੀ ਭਾਜਪਾ ਸੰਘ ਪਰਿਵਾਰ ਦੀ ਸਰਕਾਰ ਦੀ ਬੀ ਟੀਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਰਾਜ ਕਾਲ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਲੇਕਿਨ ਇਹਨੇ ਅਰਸੇ ਵਿੱਚ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਮੂੰਹ ਚੋਂ ਮਜ਼ਦੂਰ ਸ਼ਬਦ ਸੁਣਨ ਨਹੀਂ ਆਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਾਲ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਨਾਲ ਹੋਈਆਂ ਮੀਟਿੰਗਾਂ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ ਅਤੇ ਭਖਦੀਆਂ ਮੰਗਾਂ ਨੂੰ ਹੱਲ ਕਰਨ ਲਈ ਸੂਬਾ ਸਰਕਾਰ ਤਿਆਰ ਨਹੀਂ।
ਉਨ੍ਹਾਂ ਪੇਂਡੂ ਮਜ਼ਦੂਰਾਂ ਨੂੰ ਵੱਡੀ ਗਿਣਤੀ ਵਿੱਚ 7 ਜੂਨ ਨੂੰ ਮੁੱਖ ਮੰਤਰੀ ਦੇ ਘਰ ਅੱਗੇ ਦਿੱਤੇ ਜਾ ਰਹੇ ਧਰਨੇ ਮੁਜ਼ਾਹਰੇ ਵਿੱਚ ਸ਼ਾਮਲ ਹੋ ਕੇ ਇਸਨੂੰ ਸਫ਼ਲ ਬਣਾਉਣ ਦਾ ਸੱਦਾ ਵੀ ਦਿੱਤਾ।
ਇਸ ਮੌਕੇ ਯੂਨੀਅਨ ਨੇ ਪਹਿਲਵਾਨ ਧੀਆਂ ਨਾਲ ਵਧੀਕੀ ਕਰਨ ਲਈ ਜ਼ਿੰਮੇਵਾਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਤੁਰੰਤ ਗਿਰਫ਼ਤਾਰ ਕਰਨ ਅਤੇ ਪਹਿਲਵਾਨ ਧੀਆਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਵੀ ਕੀਤੀ।