
ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ 2020-21 ਦਾ ਪੈਸਾ ਵਿਦਿਆਰਥੀਆਂ ਦੇ ਖਾਤੇ ਵਿੱਚ ਪਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਰਚ 2021 ਵਿੱਚ ਸਰਕਾਰ ਦੁਆਰਾ ਵਿਦਿਆਰਥੀਆਂ ਦੇ ਖਾਤੇ ਵਿੱਚ ਸਕਾਲਰਸ਼ਿਪ ਦੇ 40% ਪੈਸੇ ਪਾਏ ਗਏ ਸਨ ਅਤੇ ਹੁਣ 60% ਪੈਸੇ ਜਾਰੀ ਕੀਤੇ ਗਏ ਹਨ। ਜੋ ਕਿ ਪੰਜਾਬ ਸਰਕਾਰ ਦਾ ਬਹੁਤ ਸ਼ਲਾਘਾਯੋਗ ਕਦਮ ਹੈ। ਉਹਨਾਂ ਕਿਹਾ ਕਿ ਕੋਵਿਡ-19 ਦੇ ਕਾਰਨ ਕਾਲਜਾਂ ਵਿੱਚ ਵਿਦਿਆਰਥੀਆਂ ਦੇ ਘੱਟ ਦਾਖਲੇ ਕਾਰਨ ਵਿੱਤੀ ਸੰਕਟ ਨਾਲ ਜੂਝ ਰਹੇ ਕਾਲਜਾਂ ਵਾਸਤੇ ਜਿੱਥੇ ਇਹ ਸੰਜੀਵਨੀ ਵਾਂਗ ਹੈ, ਉੱਥੇ ਇਸ ਸਕਾਲਰਸ਼ਿਪ ਦਾ ਲਾਭ ਲੈ ਰਹੇ ਵਿਦਿਆਰਥੀਆਂ ਲਈ ਵੀ ਲਾਭਦਾਇਕ ਹੈ। ਉਹਨਾਂ ਕਿਹਾ ਕਿ ਅਸੀਂ ਇਹ ਦਿਲੋਂ ਮਹਿਸੂਸ ਕਰਦੇ ਹਾਂ ਕਿ ਪੰਜਾਬ ਸਰਕਾਰ ਉਚੇਰੀ ਸਿੱਖਿਆ ਦੀ ਬਿਹਤਰੀ ਲਈ ਬੜ੍ਹੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਸਾਨੂੰ ਪੂਰਨ ਭਰੋਸਾ ਹੈ ਕਿ ਸਰਕਾਰ ਇਸ ਸਕੀਮ ਤਹਿਤ ਭਵਿੱਖ ਵਿੱਚ ਵੀ ਇਸ ਸਾਲ ਵਾਂਗ ਸਮੇਂ ਸਿਰ ਸਕਾਲਰਸ਼ਿਪ ਦਾ ਪੈਸਾ ਜਾਰੀ ਕਰਦੀ ਰਹੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਉਨ੍ਹਾਂ ਦੇ ਖਾਤੇ ਵਿੱਚ ਭੇਜੇ ਗਏ ਸਕਾਰਲਸ਼ਿਪ ਦੇ ਪੈਸੇ ਫੀਸ ਵਜੋਂ ਕਾਲਜਾਂ ਵਿੱਚ ਜਮ੍ਹਾਂ ਕਰਵਾਉਣ ਤਾਂ ਕਿ ਕਾਲਜਾਂ ਦਾ ਕਾਰਜ ਸੰਤੁਲਿਤ ਵਾਤਾਵਰਨ ਵਿੱਚ ਚਲਦਾ ਰਹੇ। ਉਨ੍ਹਾਂ ਇਸ ਮੌਕੇ ਦੁਹਰਾਇਆ ਕਿ ਪੰਜਾਬ ਵਿੱਚ ਉਚੇਰੀ ਸਿੱਖਿਆ ਦੀ ਬਿਹਤਰੀ ਲਈ ਕਾਲਜ ਨਿਰੰਤਰ ਪੰਜਾਬ ਸਰਕਾਰ ਨਾਲ ਸਹਿਯੋਗ ਕਰਦੇ ਰਹਿਣਗੇ। ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲ ਦਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਪੈਸਾ ਜਲਦੀ ਹੀ ਜਾਰੀ ਕਰਨ ਦੀ ਵੀ ਆਸ ਪ੍ਰਗਟਾਈ।