ਫਗਵਾੜਾ 24 ਮਾਰਚ (ਸ਼਼ਿਵ ਕੋੋੜਾ) ਸ੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਗਿਆਨੀ ਭਗਤ ਸਿੰਘ ਭੁੰਗਰਨੀ ਨੇ ਅੱਜ ਇੱਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ਵਾਲਾ ਹੈ ਲੇਕਿਨ ਇਸ ਸਰਕਾਰ ਦੇ ਰਾਜ ਵਿਚ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਦਾ ਕੋਈ ਵਿਕਾਸ ਨਹੀਂ ਹੋਇਆ। ਉਹਨਾਂ ਕਿਹਾ ਕਿ ਦੋਆਬਾ ਇਸ ਲਈ ਖੁਸ਼ਕਿਸਮਤ ਹੈ ਕਿ ਇੱਥੋਂ ਦੇ ਬਹੁਤ ਸਾਰੇ ਲੋਕ ਵਿਦੇਸ਼ਾਂ ਵਿਚ ਗਏ ਹੋਏ ਹਨ ਅਤੇ ਆਪਣੀ ਨੇਕ ਕਮਾਈ ਵਿਚੋਂ ਆਪਣੇ ਪਿੰਡਾਂ ਦੇ ਵਿਕਾਸ ਲਈ ਅਕਸਰ ਪੈਸੇ ਭੇਜਦੇ ਹਨ। ਐਨ.ਆਰ.ਆਈ. ਵੀਰਾਂ ਦੀ ਬਦੌਲਤ ਦੋਆਬਾ ਦੇ ਪਿੰਡਾਂ ਦਾ ਵਿਕਾਸ ਹੋ ਰਿਹਾ ਹੈ ਪਰ ਪੰਜਾਬ ਦੀ ਕੈਪਟਨ ਸਰਕਾਰ ਨੇ ਵਿਕਾਸ ਲਈ ਕੋਈ ਗ੍ਰਾਂਟ ਨਹੀਂ ਦਿੱਤੀ। ਸ੍ਰ. ਭੁੰਗਰਨੀ ਨੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ, ਬਲਾਕ ਸੰਮਤੀਆਂ ਅਤੇ ਜਿਲ੍ਹਾ ਪਰੀਸ਼ਦਾਂ ਕੋਲ ਵਿਕਾਸ ਕਰਨ ਲਈ ਅਧਿਕਾਰ ਹੀ ਨਹੀਂ ਹਨ ਅਤੇ ਨਾ ਹੀ ਸਰਕਾਰੀ ਤੌਰ ਤੇ ਉਹਨਾਂ ਨੂੰ ਕੋਈ ਫੰਡ ਭੇਜੇ ਜਾਂਦੇ ਹਨ ਜਿਸ ਕਰਕੇ ਵਿਕਾਸ ਦੇ ਕੰਮ ਠੱਪ ਪਏ ਹਨ। ਉਹਨਾਂ ਮੰਗ ਕੀਤੀ ਕਿ ਪੰਚਾਇਤੀ ਰਾਜ ਐਕਟ ਤਹਿਤ ਪਿੰਡ ਪੱਧਰ ਤੇ ਝਗੜੇ ਅਤੇ ਮਸਲੇ ਹਲ ਕਰਨ ਲਈ ਪੰਚਾਇਤਾਂ ਨੂੰ ਵੱਧ ਅਧਿਕਾਰ ਦਿੱਤੇ ਜਾਣ। ਉਹਨਾਂ ਕਿਹਾ ਕਿ ਪਿੰਡਾਂ ਦਾ ਸਮੁੱਚਾ ਵਿਕਾਸ ਕਰਨ ਲਈ ਵੀ ਪੰਚਾਇਤਾਂ ਨੂੰ ਵਾਧੂ ਅਧਿਕਾਰ ਦਿੱਤੇ ਜਾਣੇ ਚਾਹੀਦੇ ਹਨ। ਨਾਲ ਹੀ ਪਿੰਡਾਂ ਦੇ ਵਿਕਾਸ ਲਈ ਲੋੜੀਂਦੀ ਗ੍ਰਾਂਟ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਮੁਢਲਾ ਫਰਜ਼ ਹੈ ਜਿਸ ਨੂੰ ਪੂਰਾ ਕਰਨ ਵਿਚ ਕੈਪਟਨ ਸਰਕਾਰ ਪੂਰੀ ਤਰ੍ਹਾਂ ਫੇਲ ਹੋਈ ਹੈ।