ਜਲੰਧਰ : ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਵਲੋਂ ਪੋਸਟ ਮੈਟਰਿਕ ਸਕਾਲਰਸ਼ਿਪ ਲਈ ਬਿਨੈਪੱਤਰ ਦੇਣ ਦੀ ਅੰਤਿਮ ਮਿਤੀ ਵਿਚ ਵਾਧਾ ਕਰ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਡਾ.ਅੰਬੇਦਕਰ ਸਕਾਲਰਸ਼ਿਪ ਪੋਰਟਲ ‘ਤੇ ਵਿਦਿਆਰਥੀ ਹੁਣ 15 ਦਸੰਬਰ ਤੱਕ ਅਪਲਾਈ ਕਰ ਸਕਣਗੇ। ਉਨ੍ਹਾਂ ਕਿਹਾ ਕਿ ਆਨਲਾਇਨ ਅਪਲਾਈ ਕਰਨ ਲਈ ਪੋਰਟਲ 4 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਤਹਿਤ ਅਪਲਾਈ ਕਰਨ ਦੀ ਆਖਰੀ ਮਿਤੀ 30 ਨਵੰਬਰ ਸੀ ਪਰ ਹੁਣ ਵਿਦਿਆਰਥੀਆਂ ਦੀ ਮੰਗ ‘ਤੇ ਵਿਚਾਰ ਕਰਦੇ ਹੋਏ ਪੰਜਾਬ ਸਰਕਾਰ ਨੇ ਅਪਲਾਈ ਕਰਨ ਦੀ ਆਖਰੀ ਮਿਤੀ ਨੂੰ 15 ਦਸੰਬਰ ਤੱਕ ਵਧਾ ਦਿੱਤਾ ਹੈ।

ਡਿਪਟੀ ਕਮਿਸ਼ਨਰ ਨੇ ਐਸ. ਸੀ. ਭਾਈਚਾਰੇ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਪੋਸਟ ਮੈਟਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਕਿਉਂਕਿ ਇਹ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਲਈ ਸੁਨਿਹਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਮਜ਼ੋਰ ਤਬਕੇ ਨਾਲ ਸਬੰਧਿਤ ਵਿਦਿਆਰਥੀਆਂ ਦੀ ਭਲਾਈ ਲਈ ਯਤਨਸ਼ੀਲ ਹੈ।