ਜਲੰਧਰ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਵਿੱਚ ਲਗਾਏ ਗਏ ਕਰਫ਼ਿਊ ਦੌਰਾਨ ਸਮਾਜ ਦੇ ਕਮਜ਼ੋਰ ਵਰਗਾਂ ਅਤੇ ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਲਈ ਸਥਾਪਿਤ ਕੀਤੇ ਗਏ ਸੈਂਟਰ ਤੋਂ ਅੱਜ 4500 ਸੁੱਕੇ ਰਾਸ਼ਨ ਦੇ ਪੈਕੇਟ ਭੇਜੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਨਵਨੀਤ ਕੌਰ ਬੱਲ ਜੋ ਕਿ ਇਸ ਵੰਡ ਕੇਂਦਰ ਦੀ ਨਜ਼ਰਸਾਨੀ ਕਰ ਰਹੇ ਹਨ ਨੇ ਕਿਹਾ ਕਿ 4500 ਸੁੱਕੇ ਰਾਸ਼ਨ ਦੇ ਪੈਕੇਟ ਜਿਨਾਂ ਵਿੱਚ 49500 ਕਿਲੋ ਕਣਕ ਦਾ ਆਟਾ, 49500 ਕਿਲੋ ਚਾਵਲ, 9900 ਕਿਲੋ ਦਾਲਾਂ ਅਤੇ 4500 ਕਿਲੋ ਖੰਦ ਸ਼ਾਮਿਲ ਹੈ ਲੋਕਾਂ ਨੂੰ ਮੁਹੱਈਆ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਹਰ ਪੈਕੇਟ ਵਿੱਚ 5 ਕਿਲੋ ਕਣਕ ਦਾ ਆਟਾ, 5 ਕਿਲੋ ਚਾਵਲ, ਇਕ ਕਿਲੋ ਖੰਡ, ਅਤੇ ਇਕ ਕਿਲੋ ਦਾਲਾਂ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਦੂਰ ਦੁਰਾਡੇ ਦੇ ਲੋੜਵੰਦ ਲੋਕਾਂ ਤੱਕ ਰਾਹਤ ਸਮੱਗਰੀ ਸਮੇਂ ਸਿਰ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟਰੱਕ ਮੁਹੱਈਆ ਕਰਵਾਏ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚੋਂ ਲੋਕਾਂ ਅਤੇ ਖਾਸ ਕਰਕੇ ਪ੍ਰਵਾਸੀ ਮਜ਼ਦੂਰਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦਾਨੀ ਸੱਜਣ ਜੋ ਕਿ ਇਸ ਨੇਕ ਕਾਜ ਰਾਹੀਂ ਪ੍ਰਵਾਸੀ ਮਜ਼ਦੂਰਾਂ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਦੇ ਚਾਹਵਾਨ ਹਨ ਨੂੰ ਸੱਦਾ ਦਿੱਤਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਥਾਪਿਤ ਕੀਤੇ ਗਏ ਵੇਅਰ ਹਾਊਸ ਵਿਖੇ ਸੁੱਕੇ ਰਾਸ਼ਨ ਦੇ ਰੂਪ ਵਿੱਚ ਯੋਗਦਾਨ ਪਾਉਣ।