ਜਲੰਧਰ :- ਸੂਬੇ ਵਿੱਚ ਸਬਜ਼ੀ ਕਾਸ਼ਤਕਾਰਾਂ ਨੂੰ ਗਰਮੀ ਰੁੱਤ ਦੀਆਂ ਸਬਜ਼ੀਆਂ ਦੀ ਕਾਸ਼ਤ ਵੱਲ ਪ੍ਰੇਰਿਤ ਕਰਨ ਲਈ ਬਾਗਬਾਨੀ ਵਿਭਾਗ ਪੰਜਾਬ ਵਲੋਂ ਗਰਮੀ ਰੁੱਤ ਦੇ ਸਬਜ਼ੀ ਬੀਜਾਂ ਦੀਆਂ 40,000 ਮਿੰਨੀ ਕਿੱਟਾਂ ਡਿਪਟੀ ਡਾਇਰੈਕਟਰ ਬਾਗਬਾਨੀ ਜਲੰਧਰ ਵਲੋਂ ਤਿਆਰ ਕਰਵਾਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਬਾਗਬਾਨੀ ਡਾ.ਭਜਨ ਸਿੰਘ ਸੈਣੀ ਅਤੇ ਸੁਖਦੀਪ ਸਿੰਘ ਹੁੰਦਲ ਨੇ ਦੱਸਿਆ ਕਿ ਗਰਮੀ ਰੁੱਤ ਦੇ ਸਬਜ਼ੀ ਬੀਜਾਂ ਦੀਆਂ ਮਿੰਨੀ ਕਿੱਟਾਂ ਨੂੰ ਡਾਇਰੈਕਟਰ ਬਾਗਬਾਨੀ ਪੰਜਾਬ ਦੀ ਰਹਿਨੁਮਾਨੀ ਹੇਠ ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਰਿਲੀਜ਼ ਕਰਵਾਇਆ ਗਿਆ ਹੈ , ਜਿਸ ਵਿੱਚ 10 ਤਰ੍ਹਾਂ ਦੇ ਸਬਜ਼ੀ ਬੀਜ ਹਨ ਜੋ ਕਿ 4-5 ਮਰਲੇ ਦੇ ਰਕਬੇ ਵਾਸਤੇ ਕਾਫ਼ੀ ਹਨ। ਉਨ੍ਹਾਂ ਦੱਸਿਆ ਕਿ ਜਲਦੀ ਹੀ ਇਨਾਂ ਮਿੰਨੀ ਕਿਟਾਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਬਿਜਾਈ ਲਈ ਭੇਜ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਦੀ ਯੋਗ ਰਹਿਨੁਮਾਈ ਅਤੇ ਡਿਪਟੀ ਡਾਇਰੈਕਟਰ ਬਾਗਬਾਨੀ ਡਾ.ਵਿਪਨ ਚੰਦਰ ਪਠਾਨੀਆਂ ਦੀ ਦੇਖ ਰੇਖ ਵਿੱਚ ਜਲੰਧਰ ਵਿਖੇ ਜਲਦ ਹੀ ਇਹ ਮਿੰਨੀ ਕਿਟਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮਿੰਨੀ ਕਿੱਟ ਦੀ ਕੀਮਤ 80 ਰੁਪਏ ਪ੍ਰਤੀ ਕਿੱਟ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਵਸਨੀਕ ਆਪਣੇ-ਆਪਣੇ ਜ਼ਿਲ੍ਹੇ ਨਾਲ ਸਬੰਧਿਤ ਬਾਗ਼ਬਾਨੀ ਦਫ਼ਤਰ ਨਾਲ ਸੰਪਰਕ ਕਰਕੇ ਇਹ ਕਿੱਟਾਂ ਪ੍ਰਾਪਤ ਕਰ ਸਕਦੇ ਹਨ।