ਚੰਡੀਗੜ੍ਹ 19 ਨਵੰਬਰ,
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੂੰ 23 ਨਵੰਬਰ ਨੂੰ ਪੰਜਾਬ ਭਵਨ ਵਿਖੇ ਮੀਟਿੰਗ ਦਾ ਸੱਦਾ ਦੇਣ ਉਪਰੰਤ ਮਜ਼ਦੂਰ ਜਥੇਬੰਦੀਆਂ ਨੇ 20 ਤੇ21 ਨਵੰਬਰ ਨੂੰ ਮੁੱਖ ਮੰਤਰੀ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਨੂੰ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵੱਲੋਂ ਦੋ ਵਾਰ ਚੰਡੀਗੜ੍ਹ ਵਿਖੇ ਮੀਟਿੰਗ ਲਈ ਬੁਲਾਕੇ ਮੀਟਿੰਗਾਂ ਨਾਂ ਕਰਨ ਤੋਂ ਰੋਹ ਵਿੱਚ ਆਈਆਂ ਜਥੇਬੰਦੀਆਂ ਨੇ ਮੁੱਖ ਮੰਤਰੀ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਸੀ ਅਤੇ ਹੁਸਨ ਲਾਲ ਵੱਲੋਂ ਮੁੜ ਮੀਟਿੰਗ ਦਾ ਦਿੱਤਾ ਸੱਦਾ ਰੱਦ ਕਰਕੇ ਮੁੱਖ ਮੰਤਰੀ ਤੋਂ ਬਿਨਾਂ ਕਿਸੇ ਵੀ ਹੋਰ ਪੱਧਰ ਦੀ ਮੀਟਿੰਗ ਤੋਂ ਇਨਕਾਰ ਕਰ ਦਿੱਤਾ ਸੀ।
ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਲਛਮਣ ਸਿੰਘ ਸੇਵੇਵਾਲਾ, ਤਰਸੇਮ ਪੀਟਰ, ਪ੍ਰਗਟ ਸਿੰਘ ਕਾਲਾਝਾੜ, ਦਰਸ਼ਨ ਨਾਹਰ, ਭਗਵੰਤ ਸਿੰਘ ਸਮਾਓ, ਸੰਜੀਵ ਮਿੰਟੂ ਤੇ ਗੁਲਜ਼ਾਰ ਗੌਰੀਆ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਡਿਪਟੀ ਪ੍ਰਮੁੱਖ ਸਕੱਤਰ ਸ੍ਰੀ ਮਨਕਮਲ ਸਿੰਘ ਚਾਹਲ ਵੱਲੋਂ ਬੀਤੀ ਰਾਤ ਤੋਂ ਹੀ ਜਥੇਬੰਦੀਆਂ ਨਾਲ਼ ਸੰਪਰਕ ਬਣਾਇਆ ਹੋਇਆ ਸੀ ਅਤੇ ਅੱਜ ਮੁੱਖ ਮੰਤਰੀ ਦਫ਼ਤਰ ਵੱਲੋਂ 23 ਨਵੰਬਰ ਸ਼ਾਮ ਪੰਜ ਵਜੇ ਤੋਂ ਸੱਤ ਵਜੇ ਤੱਕ ਜਥੇਬੰਦੀਆਂ ਨਾਲ ਮੀਟਿੰਗ ਸਬੰਧੀ ਲਿਖਤੀ ਪੱਤਰ ਜਾਰੀ ਕਰਨ ਉਪਰੰਤ 20 ਤੇ 21 ਨਵੰਬਰ ਨੂੰ ਪੁਤਲੇ ਫੂਕਣ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨਾਲ਼ ਮੀਟਿੰਗ ਦੌਰਾਨ ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ, ਕੱਟੇ ਪਲਾਟਾਂ ਦੇ ਕਬਜ਼ੇ ਦੇਣ, ਮਜ਼ਦੂਰਾਂ ਦੇ ਪੁੱਟੇ ਹੋਏ ਬਿਜਲੀ ਮੀਟਰ ਬਿਨਾਂ ਸ਼ਰਤ ਤੁਰੰਤ ਜੋੜਨ, ਖੇਤੀ ਮੋਟਰਾਂ ਦੀ ਤਰ੍ਹਾਂ ਮਜ਼ਦੂਰਾਂ ਦੇ ਸਮੁੱਚੇ ਬਿਜਲੀ ਬਿੱਲ ਮੁਆਫ ਕਰਨ, ਮਜ਼ਦੂਰਾਂ-ਕਿਸਾਨਾਂ ਦਾ ਸਮੁੱਚਾ ਕਰਜਾ ਮੁਆਫ ਕਰਨ, ਦਲਿਤਾਂ ‘ਤੇ ਜ਼ਬਰ ਬੰਦ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ ‘ਤੇ ਦੇਣ ਦੀ ਗਰੰਟੀ ਕਰਨ , ਰੁਜ਼ਗਾਰ ਗਰੰਟੀ, ਮਨਰੇਗਾ ਤਹਿਤ ਸਾਲ ਭਰ ਦਾ ਰੁਜ਼ਗਾਰ ਦੇਣ ਤੇ ਦਿਹਾੜੀ 600 ਰੁਪਏ ਕਰਨ, ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ ਅਤੇ ਪੈਨਸ਼ਨਾਂ ਦੀ ਰਕਮ ਪੰਜ ਹਜ਼ਾਰ ਰੁਪਏ ਮਹੀਨਾ ਕਰਨ ਆਦਿ ਅਹਿਮ ਮੁੱਦਿਆਂ ਨੂੰ ਹੱਲ ਕਰਨ ਦੀ ਮੰਗ ਕੀਤੀ ਜਾਵੇਗੀ।
ਉਨ੍ਹਾਂ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਵੱਲੋਂ ਮਜ਼ਦੂਰ ਮੰਗਾਂ ਦਾ ਸਾਰਥਿਕ ਹੱਲ ਕੀਤਾ ਜਾਵੇਗਾ। ਮਜ਼ਦੂਰ ਆਗੂਆਂ ਨੇ ਕਿਹਾ ਕਿ ਜੇਕਰ ਮੀਟਿੰਗ ਦੌਰਾਨ ਮਜ਼ਦੂਰ ਮੰਗਾਂ ਦਾ ਢੁਕਵਾਂ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀਆਂ ਵੱਲੋਂ ਸਖ਼ਤ ਸੰਘਰਸ਼ ਲੜਿਆ ਜਾਵੇਗਾ।ਜਿਸਦੀ ਰੂਪ ਰੇਖਾ ਸਾਂਝੇ ਮਜ਼ਦੂਰ ਮੋਰਚੇ ਦੀ 21 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਤਹਿ ਕਰ ਲਈ ਜਾਵੇਗੀ।