ਜਲੰਧਰ, 7 ਨਵੰਬਰ
ਸਰਕਾਰੀ ਸਕੂਲਾਂ ਵਿਚ ਵਿਦਿਅਕ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਜ਼ਿਲ੍ਹੇ ਵਿਚ 110 ਸਮਾਰਟ ਸਕੂਲਾਂ ਤੋਂ ਇਲਾਵਾ ਹੋਰ ਕਈ ਪ੍ਰਾਜੈਕਟਾਂ ਦਾ ਵਰਚੁਅਲ ਢੰਗ ਨਾਲ ਉਦਘਾਟਨ ਕੀਤਾ ਗਿਆ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ਨੀਵਾਰ ਨੂੰ ਇਥੇ ਇਕ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਰਾਜ ਸਰਕਾਰ ਵੱਲੋਂ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਚੁੱਕੇ ਜਾ ਰਹੇ ਕਦਮਾਂ ‘ਤੇ ਚਾਨਣਾ ਪਾਇਆ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਸ਼ਨੀਵਾਰ ਨੂੰ ਰਾਜ ਦੇ 1467 ਸਮਾਰਟ ਸਕੂਲਾਂ ਦਾ ਉਦਘਾਟਨ ਕੀਤਾ ਗਿਆ, ਜਿਨ੍ਹਾਂ ਵਿੱਚ ਜਲੰਧਰ ਜ਼ਿਲ੍ਹੇ ਦੇ 110 ਸਮਾਰਟ ਸਕੂਲ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਸਮਾਰਟ ਸਕੂਲਾਂ ਦੇ ਉਦਘਾਟਨ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਡਿਜੀਟਲ ਸਾਖਰਤਾ ਨੂੰ ਉਤਸ਼ਾਹਿਤ ਕਰਨ ਅਤੇ ਅਕਾਦਮਿਕ ਸਾਲ 2020-21 ਵਿੱਚ ਰਾਜ ਵਿੱਚ ਸੌਫੀਸਦੀ ਨਤੀਜੇ ਪ੍ਰਾਪਤ ਕਰਨ ਦੇ ਮਕਦਸ ਨਾਲ 372 ਸਰਕਾਰੀ ਪ੍ਰਾਇਮਰੀ ਸਕੂਲਾਂ ਲਈ 2625 ਟੈਬਲੈਟਸ ਦੀ ਵੰਡ ਵੀ ਆਰੰਭ ਕੀਤੀ ਗਈ ਹੈ।
ਥੋਰੀ ਨੇ ਅੱਗੇ ਦੱਸਦਿਆਂ ਕਿਹਾ ਕਿ ਜਲੰਧਰ ਵਿਖੇ ਡਿਜੀਟਲ ਸਾਖਰਤਾ ਅਤੇ ਆਨਲਾਈਨ ਕਲਾਸਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਚਾਰਦੀਵਾਰੀ, ਰੰਗਦਾਰ ਫਰਨੀਚਰ, ਪ੍ਰੋਜੈਕਟਰ, ਪ੍ਰਯੋਗਸ਼ਾਲਾਵਾਂ ਅਤੇ ਖੇਡ ਮੈਦਾਨਾਂ ਆਦਿ ਸਹੂਲਤਾਂ ਨਾਲ ਲੈਸ ਕੁੱਲ 110 ਸਮਾਰਟ ਸਕੂਲਾਂ ਦਾ ਅੱਜ ਉਦਘਾਟਨ ਕੀਤਾ ਗਿਆ ਹੈ ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ 25 ਸਰਕਾਰੀ ਪ੍ਰਾਇਮਰੀ ਸਕੂਲਾਂ ਲਈ 175 ਟੈਬਲੈਟਸ ਦੀ ਵੰਡ ਦੀ ਸ਼ੁਰੂਆਤ ਕੀਤੀ ਅਤੇ ਛੇ ਸਕੂਲਾਂ ਨੂੰ ਮੌਕੇ ‘ਤੇ ਪ੍ਰਤੀਕ ਵਜੋਂ ਟੈਬਲੈਟਸ ਵੰਡੇ। ਥੋਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਟੈਬਲੈਟ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਸਿੱਖਿਆ ਪ੍ਰੋਗਰਾਮ ਅਤੇ ਵਿੱਦਿਅਕ ਸਾਲ 2020-21 ਵਿੱਚ ਸੌਫੀਸਦੀ ਨਤੀਜੇ ਪ੍ਰਾਪਤ ਕਰਨ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਸਹਾਇਤਾ ਕਰਨਗੇ। ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਰਾਜ ਸਰਕਾਰ ਵੱਲੋਂ ਚੁੱਕੇ ਗਏ ਇਨਕਲਾਬੀ ਕਦਮਾਂ ਸਦਕਾ ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ ਨੇ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਦਿੱਤਾ ਹੈ ਅਤੇ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ 14.9 ਪ੍ਰਤੀਸ਼ਤ ਵਧਿਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ, ਐਸ.ਡੀ.ਐਮ ਡਾ. ਜੈਇੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਹਰਦੀਪ ਸਿੰਘ ਵੀ ਮੌਜੂਦ ਸਨ।