ਜਲੰਧਰ,1ਦਸੰਬਰ ( )- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਤਰਸੇਮ ਪੀਟਰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 7 ਮੈਂਬਰੀ ਯੂਥ ਵਿੰਗ ਦੀ ਸੂਬਾ ਕਮੇਟੀ ਦਾ ਗਠਨ ਕੀਤਾ ਗਿਆ।ਇਸ ਕਮੇਟੀ ਦੇ ਕਨਵੀਨਰ ਨਿਰਮਲ ਸਿੰਘ ਸ਼ੇਰਪੁਰਸੱਧਾ,ਕੌ-ਕਨਵੀਨਰ ਮੰਗਾਂ ਸਿੰਘ ਵੈਰੋਕੇ ਅਤੇ ਗੁਰਪ੍ਰੀਤ ਸਿੰਘ ਚੀਦਾ,ਲਖਵੰਤ ਕਿਰਤੀ, ਅਸ਼ੋਕ ਕੁਮਾਰ ਜਨਾਗਲ,ਮੇਜਰ ਸਿੰਘ ਟੋਡਰਮੱਲ ਅਤੇ ਜੀ ਐੱਸ ਅਟਵਾਲ ਕਮੇਟੀ ਮੈਂਬਰ ਚੁਣੇ ਗਏ।ਇਸ ਉਪਰੰਤ ਯੂਨੀਅਨ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ ਵਿੱਚ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਭਖਦੀਆਂ ਮੰਗਾਂ ਮਨਵਾਉਣ ਲਈ ਉਲੀਕੇ ਸੰਘਰਸ਼ ਪ੍ਰੋਗਰਾਮ ਨੂੰ ਲਾਗੂ ਕਰਨ ਦੀ ਰੂਪ-ਰੇਖਾ ਉਲੀਕੀ ਗਈ।
ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਦੱਸਿਆ ਕਿ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨਾਲ ਮੁੱਖ ਮੰਤਰੀ ਵੱਲੋਂ ਮੰਨੀਆਂ ਮੰਗਾਂ ਲਈ ਸਬੰਧਤ ਮਹਿਕਮਿਆਂ ਨੂੰ ਹੁਕਮ ਨਾ ਭੇਜੇ ਜਾਣ ਕਾਰਨ ਭੰਬਲ ਭੂਸੇ ਵਾਲੀ ਸਥਿਤੀ ਬਣੀ ਹੋਈ ਹੈ।ਮਜ਼ਦੂਰਾਂ ਵਿੱਚ ਪਾਈ ਜਾ ਰਹੀ ਬੇਚੈਨੀ ਨੂੰ ਧਿਆਨ ਵਿੱਚ ਰੱਖਦਿਆਂ ਮਜ਼ਦੂਰ ਜਥੇਬੰਦੀਆਂ ਨੇ ਆਪਣੀ 4 ਦਸੰਬਰ ਨੂੰ ਮੀਟਿੰਗ ਸੱਦ ਲਈ ਹੈ।ਜਿਸ ਵਿੱਚ ਪਹਿਲਾਂ ਹੀ ਐਲਾਨੇ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਚੱਲ ਰਹੀ ਤਿਆਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਸਮੇਤ ਵੱਖ-ਵੱਖ ਮਹਿਕਮਿਆਂ ਦੇ ਉੱਚ ਅਧਿਕਾਰੀਆਂ ਨਾਲ 23 ਨਵੰਬਰ ਨੂੰ ਦੇਰ ਰਾਤ ਤੱਕ ਢਾਈ ਘੰਟਿਆਂ ਦੇ ਕਰੀਬ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕਰਕੇ ਮੁੱਖ ਮੰਤਰੀ ਵੱਲੋਂ ਬੇਘਰਿਆਂ ਦੇ ਨਾਲ ਲੋੜਵੰਦਾਂ ਨੂੰ ਵੀ ਪਲਾਟ ਦੇਣ,ਪਲਾਟ ਦੇਣ ਵਿੱਚ ਕੁਤਾਹੀ ਕਰਨ ਵਾਲੀਆਂ ਪੰਚਾਇਤਾਂ ਤੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਫਿਕਸ ਕਰਨ,ਕੱਟੇ ਪਲਾਟਾਂ ਦੇ ਫੌਰੀ ਕਬਜ਼ੇ ਦੇਣ, ਬਿਜਲੀ ਦੇ ਪੁੱਟੇ ਮੀਟਰ ਬਿਨਾਂ ਸ਼ਰਤ ਤੁਰੰਤ ਜੋੜਨ, ਨੋਟੀਫਿਕੇਸ਼ਨ ਮੁਤਾਬਕ ਬਕਾਏ ਬਿਜਲੀ ਬਿੱਲ ਮੁਆਫ਼ ਕਰਨ, ਕੋਅਪਰੇਟਿਵ ਸੁਸਾਇਟੀਆਂ ‘ਚ ਮਜ਼ਦੂਰਾਂ ਦਾ 25 ਫੀਸਦੀ ਰਾਖਵਾਂਕਰਨ ਕਰਕੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਦੇਣ ਅਤੇ ਮਾਈਕਰੋਫਾਈਨਾਸ ਕੰਪਨੀਆਂ ਵੱਲੋਂ ਕਰਜ਼ੇ ਬਦਲੇ ਘਰੇਲੂ ਸਮਾਨ ਕੁਰਕ ਕਰਨ ਉਤੇ ਸਖ਼ਤੀ ਨਾਲ ਰੋਕ ਲਾਉਣ, ਨੀਲੇ ਕਾਰਡ ਧਾਰਕਾਂ ਨੂੰ ਰਿਆਇਤੀ ਦਰਾਂ ‘ਤੇ ਡਿੱਪੂਆਂ ਰਾਹੀਂ ਕਣਕ ਤੋਂ ਇਲਾਵਾ ਦਾਲ,ਖੰਡ,ਪੱਤੀ ਤੇ ਹੋਰ ਰਸੋਈ ਵਰਤੋਂ ਦੀਆਂ ਵਸਤਾਂ ਮੁਹੱਈਆ ਕਰਾਉਣ, ਕੱਟੇ ਨੀਲੇ ਕਾਰਡ ਤੇ ਰਹਿੰਦੇ ਲੋੜਵੰਦ ਲੋਕਾਂ ਦੇ ਕਾਰਡ ਬਣਾਉਣ,ਦਲਿਤਾਂ ‘ਤੇ ਜ਼ਬਰ ਨਾਲ਼ ਸਬੰਧਤ ਮੁੱਦਿਆਂ ਦੇ ਨਿਪਟਾਰੇ ਲਈ ਪੁਲਿਸ ਅਧਿਕਾਰੀ ਈਸ਼ਵਰ ਸਿੰਘ ਦੀ ਅਗਵਾਈ ਹੇਠ ਸਿੱਟ ਦਾ ਗਠਨ ਕਰਕੇ 15 ਦਿਨਾਂ ‘ਚ ਇਹਨਾਂ ਕੇਸਾਂ ਦਾ ਨਿਪਟਾਰਾ ਕਰਨ, ਸੰਘਰਸ਼ਾਂ ਦੌਰਾਨ ਮਜ਼ਦੂਰ ਤੇ ਕਿਸਾਨ ਆਗੂਆਂ ਤੇ ਵਰਕਰਾਂ ਵਿਰੁੱਧ ਦਰਜ ਕੇਸ ਰੱਦ ਕਰਨ ਅਤੇ ਸਿੰਘੂ ਬਾਰਡਰ ‘ਤੇ ਕਤਲ ਕੀਤੇ ਲਖਵੀਰ ਸਿੰਘ ਦੇ ਮਾਮਲੇ ਚ ਬਣਾਈ ਸਿੱਟ ਦੀ ਰਿਪੋਰਟ ਦੋ ਤਿੰਨ ਦਿਨਾਂ ‘ਚ ਜ਼ਾਰੀ ਕਰਨ ਸਮੇਤ ਕਈ ਮਸਲੇ ਹੱਲ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ।ਮਜ਼ਦੂਰ ਜਥੇਬੰਦੀਆਂ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ’ਤੇ ਦੇਣ ਨੂੰ ਯਕੀਨੀ ਬਣਾਉਣ ਵਾਸਤੇ ਹੁੰਦੀਆਂ ਡੰਮੀ ਬੋਲੀਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਨੂੰਨੀ ਕਦਮ ਚੁੱਕਣ ਚੁੱਕਣ ‘ਤੇ ਸਹਿਮਤੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਇਸ ਮਸਲੇ ਬਾਰੇ ਜਲਦੀ ਵੱਖਰੀ ਮੀਟਿੰਗ ਦਾ ਭਰੋਸਾ ਦਿੰਦਿਆਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਮਸਾਣੀਆਂ ‘ਚ ਹੋਈ ਡੰਮੀ ਬੋਲੀ ਤੁਰੰਤ ਰੱਦ ਕਰਨ ਦੇ ਹੁਕਮ ਵੀ ਦਿੱਤੇ ਗਏ। ਉਨ੍ਹਾਂ ਕਰੋਨਾ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਵੀ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਨਰਮਾ ਖਰਾਬੇ ਦਾ 10 ਫੀਸਦੀ ਮੁਆਵਜ਼ਾ ਮਜ਼ਦੂਰਾਂ ਨੂੰ ਦੇਣ ਲਈ ਪਿੰਡਾਂ ਚ ਗ੍ਰਾਮ ਸਭਾਵਾਂ ਕਰਨ ਉੱਤੇ ਵੀ ਸਹਿਮਤੀ ਪ੍ਰਗਟਾਈ।ਮਜ਼ਦੂਰ ਜਥੇਬੰਦੀਆਂ ਵੱਲੋਂ ਮਨਰੇਗਾ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਸ ਸਕੀਮ ਚ ਹੁੰਦੇ ਭ੍ਰਿਸ਼ਟਾਚਾਰ ਬੰਦ ਕਰਨ , ਓਨ ਫ਼ੰਡ ਸੁਸਾਇਟੀਆਂ ਤੇ ਮਾਈ ਭਾਗੋ ਸਕੀਮ ਦੇ ਕਰਜ਼ੇ ਮੁਆਫ਼ ਕਰਨ ਤੇ ਮਜ਼ਦੂਰਾਂ ਦੇ ਹੱਦ ਕਰਜ਼ੇ ਵਿੱਚ ਵਿਆਜ਼ ਦਰਾਂ ਇਕਸਾਰ ਕਰਨ, ਕੇਂਦਰ ਵੱਲੋਂ ਕਿਰਤ ਕਾਨੂੰਨਾਂ ਚ ਕੀਤੀਆਂ ਮਜ਼ਦੂਰ ਦੋਖੀ ਸੋਧਾਂ ਰੱਦ ਕਰਨ,ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ਪਹਿਲ ਦੇਣ ਅਤੇ ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਕੇ ਪੱਕੀ ਭਰਤੀ ਦੀ ਮੰਗ ਕੀਤੀ ਗਈ ਜਿਹਨਾਂ ਬਾਰੇ ਮੁੱਖ ਮੰਤਰੀ ਵੱਲੋਂ ਹਾਂ ਪੱਖੀ ਹੁੰਗਾਰਾ ਭਰਿਆ ਗਿਆ ਸੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਫ਼ੋਟੋ ਵਾਲੇ ਫਲੈਕਸ ਬੋਰਡ ਤੋਂ ਇਲਾਵਾ ਮੰਨੀਆਂ ਮੰਗਾਂ ਉੱਤੇ ਅਮਲਦਾਰੀ ਕਿਧਰੇ ਨਜ਼ਰ ਨਹੀਂ ਆ ਰਹੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੀਟਿੰਗ ਦੌਰਾਨ ਕੀਤੇ ਐਲਾਨਾਂ ਦੀ ਅਮਲਦਾਰੀ ਨੂੰ ਯਕੀਨੀ ਬਣਾਉਣ ਲਈ ਮਜ਼ਦੂਰ ਜਥੇਬੰਦੀਆਂ ਨਾਲ਼ 10 ਦਿਨਾਂ ਬਾਅਦ ਮੁੜ ਮੀਟਿੰਗ ਕਰਨ ਦਾ ਵੀ ਵਾਅਦਾ ਕੀਤਾ ਗਿਆ ਸੀ।
ਮਜ਼ਦੂਰ ਜਥੇਬੰਦੀਆਂ ਨੇ ਆਖਿਆ ਕਿ ਮੁੱਖ ਮੰਤਰੀ ਨਾਲ਼ ਹੋਈ ਇਸ ਪੈਨਲ ਮੀਟਿੰਗ ਵਿੱਚ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਮਿਲਿਆ ਸੀ ਅਤੇ ਉਹ ਆਸ ਕਰਦੇ ਸਨ ਕਿ ਮੁੱਖ ਮੰਤਰੀ ਵੱਲੋਂ ਕੀਤੇ ਇਹਨਾਂ ਐਲਾਨਾਂ ਉਤੇ ਫੌਰੀ ਅਮਲ ਵਿੱਚ ਲਿਆਂਦਾ ਜਾਵੇਗਾ। ਉਹਨਾਂ ਆਖਿਆ ਕਿ ਹੁਣ ਤੱਕ ਸਰਕਾਰਾਂ ਦੇ ਐਲਾਨਾਂ ਤੇ ਅਮਲਾਂ ਵਿੱਚ ਵੱਡਾ ਪਾੜਾ ਰਹਿੰਦਾ ਰਿਹਾ ਹੈ।ਇਸ ਲਈ ਜੇਕਰ ਉਨ੍ਹਾਂ ਦੀਆਂ ਮੰਨਿਆ ਹੋਈਆਂ ਉਕਤ ਮੰਗਾਂ ‘ਤੇ ਤਸੱਲੀਬਖ਼ਸ਼ ਅਮਲ ਨਾਂ ਹੋਇਆ ਤਾਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਜਥੇਬੰਦੀ ਨੇ ਪੇਂਡੂ ਅਤੇ ਖੇਤ ਮਜ਼ਦੂਰਾਂ ਨੂੰ ਸਾਂਝੇ ਮੋਰਚੇ ਵਲੋਂ 12 ਦਸੰਬਰ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕਰਨ ਲਈ ਹੁਣ ਤੋਂ ਹੀ ਕਮਰਕੱਸੇ ਕੱਸ ਲੈਣ ਦਾ ਸੱਦਾ ਵੀ ਦਿੱਤਾ।
ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਆਗੂ ਹੰਸ ਰਾਜ ਪੱਬਵਾਂ,ਰਾਜ ਕੁਮਾਰ ਪੰਡੋਰੀ,ਨਿਰਮਲ ਸਿੰਘ ਸ਼ੇਰਪੁਰ ਸੱਧਾ, ਮੰਗਾਂ ਸਿੰਘ ਵੈਰੋਕੇ ਅਤੇ ਹਰੀ ਰਾਮ ਰਸੂਲਪੁਰੀ ਵੀ ਹਾਜ਼ਿਰ ਸਨ।
ਕੈਪਸਨ: ਜਥੇਬੰਦੀ ਦੇ ਯੂਥ ਵਿੰਗ ਦੀ ਕਮੇਟੀ ਨਾਲ ਜਾਣਕਾਰੀ ਦਿੰਦੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ।
ਜਾਰੀ ਕਰਤਾ, ਕਸ਼ਮੀਰ ਸਿੰਘ ਘੁੱਗਸ਼ੋਰ,8968684311