ਕਪੂਰਥਲਾ, 30 ਮਾਰਚ : ਯੂਥ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਜਿਸ ਦਿਨ ਤੋਂ ਉਹਨਾਂ ਸੂਬੇ ਦੀ ਵਾਗਡੋਰ ਸੰਭਾਲੀ ਹੈ, ਉਸ ਦਿਨ ਤੋਂ ਨੌਜਵਾਨਾਂ ਨੂੰ ਵਾਅਦੇ ਅਨੁਸਾਰ ਬੇਰੋਜ਼ਗਾਰੀ ਭੱਤਾ ਦਿੱਤਾ ਜਾਵੇ।ਇਥੇ ‘ਯੂਥ ਮੰਗਦਾ ਜਵਾਬ’ ਮੁਹਿੰਮ ਤਹਿਤ ਵਿਸ਼ਾਲ ਰੈਲੀ ਨੁੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਜਾਰੀ ਕੀਤੇ ਗਏ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਅਨੁਸਾਰ 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਨਾ ਦੇ ਕੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਜਿਸ ਦਿਨ ਤੋਂ ਸੱਤਾ ਸੰਭਾਲੀ ਸੀ, ਉਸ ਦਿਨ ਤੋਂ ਕਾਂਗਰਸ ਸਰਕਾਰ ਨੂੰ ਬੇਰੋਜ਼ਗਾਰ ਨੌਜਵਾਨਾਂ ਨੂੰ ਇਹ ਭੱਤਾ ਦੇਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਇਹ ਇਕੱਲਾ ਵਾਅਦਾ ਨਹੀਂ ਜੋ ਕਾਂਗਰਸ ਪਾਰਟੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੂਰਾ ਕਰਨ ਵਿਚ ਨਾਕਾਮ ਰਹੇ ਹਨ। ਉਹਨਾਂ ਕਿਹਾ ਕਿ ਨੌਜਵਾਨਾਂ ਨੁੰ ਹਰ ਘਰ ਨੌਕਰੀ ਦਾ ਵਾਅਦਾ ਕੀਤਾ ਗਿਆ ਸੀ। ਉਹਨਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਕਰੀਆਂ ਦੇਣ ਦੇ ਵਾਅਦੇ ਵਾਲੀਆਂ ਅਰਜ਼ੀਆਂ ਦੇ ਫਾਰਮ ਭਰ ਕੇ ਦੇਣ ਵਾਸਤੇ ਵੀ ਕਿਹਾ ਗਿਆ ਸੀ। ਉਹਨਾਂ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਚੋਣਾਂ ਜਿੱਤ ਗਈ ਤਾਂ ਕਿਸੇ ਨੇ ਵੀ ਇਹਨਾਂ ਫਾਰਮਾਂ ਜਾਂ ਕੀਤੇ ਵਾਅਦੇ ਪੂਰੇ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ।ਉਹਨਾਂ ਕਿਹਾ ਕਿ ਇਸੇ ਤਰੀਕੇ ਕਾਂਗਰਸ ਪਾਰਟੀ ਨੇ ਸ਼ਹੀਦ ਭਗਤ ਸਿੰਘ ਦੇ ਨਾਂ ਦੀ ਦੁਰਵਰਤੋਂ ਕੀਤੀ ਤੇ ਸ਼ਹੀਦ ਭਗਤ ਸਿੰਘ ਰੋਜ਼ਗਾਰ ਸਿਰਜਣ ਯੋਜਨਾ ਲਾਗੂ ਨਹੀਂ ਕੀਤੀ ਜਿਸ ਤਹਿਤ ਆਪਣੀ ਗੱਡੀ ਆਪਣਾ ਰੋਜ਼ਗਾਰ ਸਕੀਮ ਤਹਿਤ ਚਾਰ ਪਹੀਆ ਵਾਹਨਾਂ ਲਈ ਸੌਖਾ ਕਰਜ਼ਾ, ਹਰਾ ਟਰੈਕਟਰ ਮੁਹਿੰਮ ਤਹਿਤ ਨੌਜਵਾਨਾਂ ਨੁੰ ਸੌਖੀਆਂ ਕਿਸ਼ਤਾਂ ’ਤੇ 25000 ਟਰੈਕਟਰ ਲੈ ਕੇ ਦੇਣ ਅਤੇ ਯਾਰੀ ਐਂਟਰਪ੍ਰਾਇਜਿਜ਼ ਸਕੀਮ ਤਹਿਤ ਆਪਣਾ ਉਦਮ ਸਥਾਪਿਤ ਕਰਨ ਲਈ 5 ਲੱਖ ਰੁਪਏ ਤੱਕ ਦਾ ਸੌਖਾ ਕਰਜ਼ਾ ਦੇਣ ਦੀ ਗੱਲ ਕੀਤੀ ਗਈ ਸੀ।ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਕਾਂਗਰਸ ਪਾਰਟੀ ਨਾ ਸਿਰਫ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਫੇਲ੍ਹ ਹੋਈ ਹੈ ਬਲਕਿ ਇਸਨੇ ਸਮਾਜ ਦੇ ਹੋਰ ਵਰਗਾਂ ਨਾਲ ਕੀਤੇ ਵਾਅਦੇ ਵੀ ਪੂਰੇ ਨਹੀਂ ਕੀਤੇ। ਉਹਨਾਂ ਕਿਹਾ ਕਿ ਨੌਜਵਾਨਾਂ ਵਾਂਗ ਸੂਬੇ ਦੇ ਕਿਸਾਨ ਵੀ ਸਭ ਤੋਂ ਵੱਧ ਪੀੜਤ ਹਨ ਕਿਉਂਕਿ ਮੁੱਖ ਮੰਤਰੀ ਨੇ ਉਹਨਾਂ ਦਾ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ ਨਹੀਂ ਕੀਤਾ। ਉਹਨਾਂ ਕਿਹਾ ਕਿ ਕਰਜ਼ਾ ਮੁਆਫੀ ਦੀ ਤਾਂ ਗੱਲ ਛੱਡੋ ਬਲਕਿ ਸਰਕਾਰ ਨੇ ਤਾਂ ਕਿਸਾਨਾਂ ਸਿਰ 10 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੋਰ ਚੜ੍ਹਾ ਦਿੱਤਾ ਕਿਉਂਕਿ ਕਿਸਾਨਾਂ ਨੇ ਸਰਕਾਰ ਦੀ ਪੂਰਨ ਕਰਜ਼ਾ ਮੁਆਫੀ ਦੀ ਗੱਲ ’ਤੇ ਭਰੋਸਾ ਕਰ ਕੇ ਆਪਣੀਆਂ ਕਿਸ਼ਤਾਂ ਹੀ ਨਹੀਂ ਭਰੀਆਂ।ਉਹਨਾਂ ਕਿਹਾ ਕਿ ਬਜ਼ੁਰਗਾਂ ਨਾਲ ਬੁਢਾਪਾ ਪੈਨਸ਼ਨ ਵਿਚ ਵਾਧਾ ਕਰਨ ਦੇ ਵਾਅਦੇ ਦਾ ਵੀ ਇਹੀ ਹਸ਼ਰ ਹੋਇਆ ਕਿਉਂਕਿ ਕਾਂਗਰਸ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿਚ ਬੁਢਾਪਾ ਪੈਨਸ਼ਨ ਵਿਚ ਕੋਈ ਵਾਧਾ ਨਹੀਂ ਕੀਤਾ। ਉਹਨਾਂ ਕਿਹਾ ਕਿ ਇਹੀ ਹਾਲ ਨੌਜਵਾਨ ਲੜਕੀਆਂ ਨਾਲ ਹੋਇਆ ਜਿਹਨਾਂ ਨਾਲ ਸ਼ਗਨ ਸਕੀਮ ਤਹਿਤ 51000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਚਾਰ ਸਾਲਾਂ ਵਿਚ ਉਹ ਕਦੇ ਵੀ ਪੂਰਾ ਨਹੀਂ ਕੀਤਾ ਗਿਆ।ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ 2017 ਦੀਆਂ ਸੂਬਾ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦੇ ਪੂਰੇ ਨਾ ਕਰਨ ਕਾਰਨ ਸਮਾਜ ਦਾ ਹਰ ਵਰਗ ਅੱਜ ਇਸ ਸਰਕਾਰ ਤੋਂ ਦੁਖੀ ਹੈ। ਉਹਨਾਂ ਕਿਹਾ ਕਿ ਲੋਕ 2022 ਦੀਆਂ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਤਾਂ ਜੋ ਇਸ ਸਰਕਾਰ ਨੂੰ ਬਾਹਰ ਦਾ ਰਸਤਾ ਵਿਖਾਇਆ ਜਾ ਸਕੇ।ਰੈਲੀ ਮਨਵੀਰ ਸਿੰਘ ਵਡਾਲਾ ਜ਼ਿਲਾ ਪ੍ਰਧਾਨ ਯੂਥ ਅਕਾਲੀ ਦਲ ਕਪੁਰਥਲਾ ਦਿਹਾਤੀ ਨੇ ਆਯੋਜਿਤ ਕੀਤੀਇਸ ਮੌਕੇ ਹੋਰਨਾਂ ਤੋਂ ਇਲਾਵਾ ਦਵਿੰਦਰ ਸਿੰਘ ਢੈਪਈ, ਪਰਮਜੀਤ ਸਿੰਘ ਐਡਵੋਕੇਟ, ਹਰਜੀਤ ਸਿੰਘ, ਮਨਵੀਰ ਸਿੰਘ ਵਡਾਲਾ , ਮਨਜੀਤ ਸਿੰਘ ਤੇ ਦਰਬਾਰਾ ਸਿੰਘ ਵਿਰਦੀ ਵੀ ਹਾਜ਼ਰ ਸਨਸੁਖਦੀਪ ਸਿੰਘ ਸ਼ੁਕਾਰ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਤਜਿੰਦਰ ਸਿੰਘ ਨਿੱਝਰ ਜ਼ਿਲ੍ਹਾ ਪ੍ਰਧਾਨ ਜਲੰਧਰ ਦਿਹਾਤੀ ਜੁਗਰਾਜ ਸਿੰਘ ਜੱਗੀ ਜਨਰਲ ਸਕੱਤਰ ਰਣਜੀਤ ਸਿੰਘ ਖੋਜੇਵਾਲ ਗੁਰਪ੍ਰੀਤ ਸਿੰਘ ਖਾਲਸਾ ਆਈ ਟੀ ਵਿੰਗ ਪ੍ਰਧਾਨ ਦੋਆਬਾ ਜੋਨ , ਗੁਰਦੀਪ ਸਿੰਘ ਲਾਂਦੜਾ ਮਨਵੀਰ ਸਿੰਘ ਵਡਾਲਾ ਹਰਅਮਨਿੰਦਰ ਸਿੰਘ ਰਿੰਕੂ ਬਲਾਚੌਰ ਆਦਿ ਹਾਜਰ ਸਨ